ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਪੰਜਾਬ ਦੇ ਵਧੀਕ ਸਕੱਤਰ,DGP ਤੇ ਜਲੰਧਰ ਪੁਲਿਸ ਕਮਿਸ਼ਨਰ ਨੂੰ ਭੇਜਿਆ ਨੋਟਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

27 ਫਰਵਰੀ ਨੂੰ ਪੇਸ਼ ਹੋਣ ਦਿੱਤਾ ਹੁਕਮ

Delhi Legislative Assembly's Privileges Committee sends notice to Punjab Additional Secretary, DGP and Jalandhar Police Commissioner

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਸਕੱਤਰੇਤ ਨੇ ਦਿੱਲੀ ਵਿਧਾਨ ਸਭਾ ਵਿੱਚ ਗੁਰੂ ਸਾਹਿਬਾਨ ਦੇ ਕਥਿਤ ਅਪਮਾਨ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਇੱਕ ਦੇ ਵਧੀਕ ਸਕੱਤਰ, ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਤੇ ਜਲੰਧਰ ਪੁਲਿਸ ਕਮਿਸ਼ਨਰ ਨੂੰ ਨੋਟਿਸ ਭੇਜਿਆ ਹੈ।  ਉਨ੍ਹਾਂ ਨੂੰ 27 ਫਰਵਰੀ ਨੂੰ ਦੁਪਹਿਰ 3 ਵਜੇ ਪੁਰਾਣੇ ਸਕੱਤਰੇਤ ਸਥਿਤ ਵਿਧਾਨ ਸਭਾ ਕੰਪਲੈਕਸ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਕਮੇਟੀ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੇ ਕਥਿਤ ਬਿਆਨਾਂ ਨਾਲ ਜੁੜੇ ਮਾਮਲੇ ’ਤੇ ਚਰਚਾ ਕਰੇਗੀ ਅਤੇ ਅਧਿਕਾਰੀਆਂ ਵੱਲੋਂ ਦਿੱਤੇ ਗਏ ਲਿਖਤੀ ਜਵਾਬ ਦੀ ਜਾਂਚ ਕਰੇਗੀ।
ਜ਼ਿਕਰਯੋਗ ਹੈ ਕਿ ਜਨਵਰੀ 2026 ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਵਿਧਾਨ ਸਭਾ ਵਿੱਚ ਆਤਿਸ਼ੀ 'ਤੇ ਸਿੱਖ ਗੁਰੂਆਂ ਬਾਰੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦਾ ਇਲਜ਼ਾਮ ਲਗਾਇਆ ਸੀ। ਜਦਿਕ ਆਤਿਸ਼ੀ ਅਤੇ 'ਆਪ' ਨੇ ਇਨ੍ਹਾਂ ਇਲਜ਼ਾਮਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਅਤੇ ਦਾਅਵਾ ਕੀਤਾ ਗਿਆ ਸੀ ਕਿ ਭਾਜਪਾ ਨੇ ਸੋਸ਼ਲ ਮੀਡੀਆ 'ਤੇ ਘੁੰਮ ਰਹੇ ਵੀਡੀਓ ਵਿੱਚ ਉਨ੍ਹਾਂ ਦੇ ਸ਼ਬਦਾਂ ਨੂੰ ਛੇੜਛਾੜ ਕੀਤੀ ਹੈ।
ਪੰਜਾਬ ਪੁਲਿਸ ਵੱਲੋਂ ਕੀਤੇ ਗਏ ਇੱਕ ਫੋਰੈਂਸਿਕ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਵੀਡੀਓ ਵਿੱਚ ਛੇੜਛਾੜ ਕੀਤੀ ਗਈ ਸੀ ਅਤੇ ਭਾਜਪਾ ਦੁਆਰਾ ਦਾਅਵੇ ਅਨੁਸਾਰ "ਗੁਰੂ" ਸ਼ਬਦ ਦੀ ਵਰਤੋਂ ਨਹੀਂ ਕੀਤੀ ਗਈ ਸੀ। ਉਨ੍ਹਾਂ ਦੇ ਇਨਕਾਰ ਦੇ ਬਾਵਜੂਦ, ਭਾਜਪਾ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਤੋਂ ਮੁਆਫ਼ੀ ਅਤੇ ਅਸਤੀਫ਼ੇ ਦੀ ਮੰਗ ਕੀਤੀ। ਆਤਿਸ਼ੀ ਨੇ ਅਧਿਕਾਰਤ ਤੌਰ 'ਤੇ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਸਿੱਖ ਗੁਰੂਆਂ ਬਾਰੇ ਕੋਈ ਅਪਮਾਨਜਨਕ ਟਿੱਪਣੀ ਨਹੀਂ ਕੀਤੀ।