ਮਣੀਪੁਰ ਘਟਨਾ 'ਤੇ ਭੜਕੇ ਹਰਭਜਨ ਸਿੰਘ: ਕਿਹਾ- ਗੁੱਸੇ ਨਾਲ ਸੁੰਨ ਹਾਂ, ਦੋਸ਼ੀਆਂ ਨੂੰ ਦਿੱਤੀ ਜਾਵੇ ਮੌਤ ਦੀ ਸਜ਼ਾ
ਹਰਭਜਨ ਸਿੰਘ ਨੇ ਕਿਹਾ ਕਿ ਜੇਕਰ ਉਹਨਾਂ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਜਾ ਸਕਦੀ ਤਾਂ ਸਾਨੂੰ ਆਪਣੇ ਆਪ ਨੂੰ ਇਨਸਾਨ ਕਹਿਣਾ ਬੰਦ ਕਰ ਦੇਣਾ ਚਾਹੀਦਾ ਹੈ।
ਨਵੀਂ ਦਿੱਲੀ - ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਮਣੀਪੁਰ ਦੀ ਵਾਇਰਲ ਵੀਡੀਓ ਵਾਲੀ ਘਟਨਾ ਨੂੰ ਲੈ ਕੇ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਸਾਰੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਹਰਭਜਨ ਸਿੰਘ ਨੇ ਟਵੀਟ ਕੀਤਾ ਅਤੇ ਲਿਖਿਆ- ਜੇਕਰ ਮੈਂ ਕਹਾਂ ਕਿ ਮੈਂ ਗੁੱਸੇ 'ਚ ਹਾਂ, ਤਾਂ ਇਹ ਅੰਡਰ-ਸਟੇਟਮੈਂਟ ਹੈ। ਮੈਂ ਗੁੱਸੇ ਨਾਲ ਸੁੰਨ ਹੋ ਗਿਆ ਹਾਂ। ਅੱਜ ਮਨੀਪੁਰ ਵਿਚ ਜੋ ਹੋਇਆ ਉਸ ਤੋਂ ਬਾਅਦ ਮੈਂ ਸ਼ਰਮਿੰਦਾ ਹਾਂ। ਜੇਕਰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ 'ਚ ਨਹੀਂ ਲਿਆਂਦਾ ਗਿਆ ਅਤੇ ਮੌਤ ਦੀ ਸਜ਼ਾ ਨਹੀਂ ਦਿੱਤੀ ਗਈ ਤਾਂ ਸਾਨੂੰ ਆਪਣੇ ਆਪ ਨੂੰ ਇਨਸਾਨ ਕਹਿਣਾ ਛੱਡ ਦੇਣਾ ਚਾਹੀਦਾ ਹੈ।
ਇਹ ਬਹੁਤ ਹੀ ਪਰੇਸ਼ਾਨ ਕਰਨ ਵਾਲੀ ਘਟਨੀ ਹੈ। ਬਸ ਬਹੁਤ ਹੋ ਗਿਆ, ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਅੱਗੇ ਲਿਖਦੇ ਹੋਏ ਹਰਭਜਨ ਸਿੰਘ ਨੇ ਘਟਨਾ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਕਟਹਿਰੇ ਵਿੱਚ ਖੜ੍ਹਾ ਕਰਨ ਦੀ ਮੰਗ ਕੀਤੀ ਹੈ। ਹਰਭਜਨ ਸਿੰਘ ਨੇ ਕਿਹਾ ਕਿ ਜੇਕਰ ਉਹਨਾਂ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਜਾ ਸਕਦੀ ਤਾਂ ਸਾਨੂੰ ਆਪਣੇ ਆਪ ਨੂੰ ਇਨਸਾਨ ਕਹਿਣਾ ਬੰਦ ਕਰ ਦੇਣਾ ਚਾਹੀਦਾ ਹੈ।