ਭਾਜਪਾ ਨੇ ਰਾਹੁਲ ਗਾਂਧੀ ਨੂੰ ਸਿੱਖਾਂ ਬਾਰੇ ਅਪਣਾ ਬਿਆਨ ਵਾਪਸ ਲੈਣ ਲਈ ਕਿਹਾ
ਮਨਜਿੰਦਰ ਸਿੰਘ ਸਿਰਸਾ ਨੇ ਦਿੱਤਾ ਵੱਡਾ ਬਿਆਨ
ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸਨਿਚਰਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਕਈ ਸਿੱਖ ਜਥੇਬੰਦੀਆਂ ਦੇ ਸਾਂਝੇ ਬਿਆਨ ਦਾ ਹਵਾਲਾ ਦਿੰਦੇ ਹੋਏ ਦੇਸ਼ ’ਚ ਕਥਿਤ ਤੌਰ ’ਤੇ ਡਰ ਦਾ ਮਾਹੌਲ ਪੈਦਾ ਕਰਨ ਵਾਲੇ ਬਿਆਨ ਨੂੰ ਵਾਪਸ ਲੈਣ ਲਈ ਕਿਹਾ।
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੱਤਰਕਾਰਾਂ ਨੂੰ ਦਸਿਆ ਕਿ ਕਈ ਸਿੱਖ ਅਤੇ ਗੁਰਦੁਆਰਾ ਪ੍ਰਬੰਧਕ ਸੰਸਥਾਵਾਂ ਨੇ ਇਸ ਮੁੱਦੇ ’ਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਕੁਰਬਾਨੀਆਂ ਨੇ ਦੇਸ਼ ਨੂੰ ਮਜ਼ਬੂਤ ਬਣਾਇਆ ਹੈ।
ਭਾਜਪਾ ਨੇ ਰਾਹੁਲ ਗਾਂਧੀ ਦੀ ਅਮਰੀਕਾ ਯਾਤਰਾ ਦੌਰਾਨ ਉਨ੍ਹਾਂ ਦੀ ਟਿਪਣੀ ਲਈ ਨਿਸ਼ਾਨਾ ਸਾਧਿਆ ਸੀ ਕਿ ਜਿਸ ’ਚ ਰਾਹੁਲ ਨੇ ਕਿਹਾ ਸੀ ਕਿ ‘ਭਾਰਤ ਵਿਚ ਚੱਲ ਰਹੀ ਵਿਚਾਰਧਾਰਕ ਲੜਾਈ ਵਿਚ ਵੱਖ-ਵੱਖ ਧਰਮਾਂ ਦੀ ਆਜ਼ਾਦੀ ਨੂੰ ਯਕੀਨੀ ਬਣਾਉਣਾ ਵੀ ਸ਼ਾਮਲ ਹੈ, ਜਿਵੇਂ ਕਿ ਕੀ ਸਿੱਖਾਂ ਨੂੰ ਦਸਤਾਰ ਪਹਿਨਣ ਜਾਂ ਗੁਰਦੁਆਰਿਆਂ ਵਿਚ ਜਾਣ ਦੀ ਇਜਾਜ਼ਤ ਦਿਤੀ ਜਾਵੇਗੀ।’
ਸਿਰਸਾ ਨੇ ਕਿਹਾ ਕਿ ਸਿੱਖ ਸੰਗਠਨਾਂ ਨੇ ਰਾਹੁਲ ਗਾਂਧੀ ਨੂੰ ਬਿਆਨ ਵਾਪਸ ਲੈਣ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਨਾਲ ਉਨ੍ਹਾਂ ਨੂੰ ਠੇਸ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਪਤਵੰਤ ਸਿੰਘ ਪੰਨੂੰ ਵਰਗੀਆਂ ਦੇਸ਼ ਵਿਰੋਧੀ ਤਾਕਤਾਂ ਨੇ ਰਾਹੁਲ ਗਾਂਧੀ ਦੀ ਟਿਪਣੀ ਦਾ ਫਾਇਦਾ ਉਠਾਇਆ ਹੈ।
ਕਾਂਗਰਸ ਦੀ ਆਲੋਚਨਾ ਕਰਦਿਆਂ ਉਨ੍ਹਾਂ ਨੇ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ 1984 ਦੇ ਸਿੱਖ ਕਤਲੇਆਮ ਤੋਂ ਪਹਿਲਾਂ 1980 ਦੇ ਦਹਾਕੇ ਦੇ ਸ਼ੁਰੂ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਨੂੰ ਯਾਦ ਕੀਤਾ। ਸਿਰਸਾ ਨੇ ਦੋਸ਼ ਲਾਇਆ ਕਿ ਕਾਂਗਰਸ ਹੁਣ ਅਜਿਹਾ ਹੀ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੀ ਇਸ ਗੱਲ ਲਈ ਆਲੋਚਨਾ ਕੀਤੀ ਕਿ ਸੂਬੇ ਦੇ ਨਿਜੀ ਹਸਪਤਾਲਾਂ ’ਚ ਆਯੁਸ਼ਮਾਨ ਭਾਰਤ ਕਾਰਡ ਧਾਰਕਾਂ ਨੂੰ ਨਕਦੀ ਰਹਿਤ ਇਲਾਜ ਮੁਹੱਈਆ ਨਾ ਕਰਵਾਉਣ ਦਾ ਫੈਸਲਾ ਕੀਤਾ ਹੈ, ਕਿਉਂਕਿ ਸੂਬਾ ਸਰਕਾਰ ਨੇ 600 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਦਾ ਭੁਗਤਾਨ ਨਹੀਂ ਕੀਤਾ ਹੈ।
ਸਿਰਸਾ ਨੇ ਕਿਹਾ ਕਿ ਮਾਨ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਨਿੱਜੀ ਜਹਾਜ਼ਾਂ ਵਿਚ ਸਫ਼ਰ ਕਰਵਾਉਣ ਲਈ ਕਰੋੜਾਂ ਰੁਪਏ ਖਰਚ ਕੀਤੇ ਹਨ ਪਰ ਗਰੀਬਾਂ ਦੇ ਚੰਗੇ ਇਲਾਜ ਲਈ ਪੈਸੇ ਨਹੀਂ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਬਕਾਇਆ ਰਾਸ਼ੀ ਦਾ ਭੁਗਤਾਨ ਕਰਨ ਲਈ ਕਿਹਾ।