ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾ ਕਿਸਾਨਾਂ ਦਾ ਐਲਾਨ, ‘ਅੱਜ ਹੋ ਸਕਦਾ ਹੈ ਇਤਿਹਾਸਕ ਫੈਸਲਾ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਸਾਨ ਆਗੂ 11ਵੇਂ ਗੇੜ ਦੀ ਮੀਟਿੰਗ ਲਈ ਵਿਗਿਆਨ ਭਵਨ ਲਈ ਰਵਾਨਾ

Farmer Leaders

ਨਵੀਂ ਦਿੱਲੀ (ਚਰਨਜੀਤ ਸਿੰਘ ਸੁਰਖ਼ਾਬ): ਖੇਤੀ ਕਾਨੂੰਨਾਂ ‘ਤੇ ਜਾਰੀ ਵਿਵਾਦ ਦੌਰਾਨ ਅੱਜ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਾਲੇ 11ਵੇਂ ਗੇੜ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਦੇ ਆਗੂ ਦਿੱਲੀ ਵਿਗਿਆਨ ਭਵਨ ਪਹੁੰਚ ਰਹੇ ਹਨ। 11ਵੇਂ ਗੇੜ ਦੀ ਮੀਟਿੰਗ ਦੁਪਹਿਰ 12ਵਜੇ ਸ਼ੁਰੂ ਹੋਵੇਗੀ।

ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅੱਜ ਵੱਡਾ ਇਤਿਹਾਸਕ ਫੈਸਲਾ ਹੋ ਸਕਦਾ ਹੈ। ਉਹਨਾਂ ਕਿਹਾ ਹੁਣ ਤੱਕ ਹੋਈਆਂ ਮੀਟਿੰਗਾਂ ਵਿਚੋਂ 10ਵੇਂ ਗੇੜ ਦੀ ਮੀਟਿੰਗ ਤੋਂ ਹੀ ਅਸਲ ਮੁੱਦੇ ਦੀ ਗੱਲ ਸ਼ੁਰੂ ਕੀਤੀ ਗਈ। ਸਰਕਾਰ ਕਾਫੀ ਮੰਗਾਂ ਮੰਨਣ ਲਈ ਤਿਆਰ ਹੈ। ਕਿਸਾਨ ਆਗੂ ਨੇ ਕਿਹਾ ਕਿ ਸਰਕਾਰ 2024 ਤੱਕ ਕਾਨੂੰਨ ਰੱਦ ਕਰਨ ਦਾ ਪ੍ਰਸਤਾਵ ਵੀ ਦੇ ਸਕਦੀ ਹੈ ਪਰ ਅਸੀਂ ਉਸ ਨੂੰ ਨਹੀਂ ਮੰਨਾਂਗੇ।

ਉਹਨਾਂ ਕਿਹਾ ਇਹ ਇਕ ਲੋਕ ਅੰਦੋਲਨ ਹੈ, ਵਿਸ਼ਵ ਭਰ ਦੇ ਕਿਸਾਨ ਸਾਡਾ ਸਮਰਥਨ ਕਰ ਰਹੇ ਹਨ। ਇਸ ਦੇ ਨਾਲ ਹੀ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ ਨੂੰ ਕਾਨੂੰਨ ਰੱਦ ਕਰਵਾਉਣ ਲਈ ਲੈ ਕੇ ਆਏ ਹਾਂ, ਇਸ ਲਈ ਕਾਨੂੰਨ ਰੱਦ ਕਰਨ ਤੋਂ ਇਲਾਵਾ ਹੋਰ ਕੋਈ ਗੱਲ ਨਹੀਂ ਮੰਨੀ ਜਾਵੇਗੀ। ਅਸੀਂ ਸਰਕਾਰ ਦਾ ਕੋਈ ਪ੍ਰਸਤਾਵ ਸਵੀਕਾਰ ਨਹੀਂ ਕਰਾਂਗੇ।

ਕਿਸਾਨ ਆਗੂ ਨੇ ਕਿਹਾ ਜਦੋਂ ਲੱਖਾਂ ਦੀ ਗਿਣਤੀ ਵਿਚ ਟਰੈਕਟਰ ਦਿੱਲੀ ਪਹੁੰਚਣਗੇ ਤਾਂ ਸਰਕਾਰ ਕਾਨੂੰਨ ਰੱਦ ਕਰੇਗੀ। ਇਸ ਮੌਕੇ ਕਿਸਾਨ ਆਗੂ ਸਤਨਾਮ ਸਿੰਘ ਨੇ ਕਿਹਾ ਕਿ ਸਾਡਾ ਸਟੈਂਡ ਸ਼ੁਰੂ ਤੋਂ ਹੀ ਸਪੱਸ਼ਟ ਸੀ ਕਿ ਅਸੀਂ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਜਾਵਾਂਗੇ। ਇਸ ਦੇ ਨਾਲ ਹੀ ਐਮਐਸਪੀ ‘ਤੇ ਕਾਨੂੰਨ ਬਣਾਉਣ ਦੀ ਮੰਗ ਵੀ ਜਾਰੀ ਰਹੇਗੀ।

ਕਿਸਾਨ ਆਗੂ ਸਤਨਾਮ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਨੂੰ ਕਿਸੇ ਵੀ ਸਰਕਾਰ 'ਤੇ ਯਕੀਨ ਨਹੀਂ ਰਿਹਾ। ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਮੀਟਿੰਗ ਦੌਰਾਨ ਸਰਕਾਰ ਕਾਨੂੰਨ ਰੱਦ ਕਰਨ ਦੀ ਦਿਸ਼ਾ ਵੱਲ ਕੋਈ ਪ੍ਰਸਤਾਵ ਦੇਵੇਗੀ ਤਾਂ ਇਸ ‘ਤੇ ਵਿਚਾਰ ਕੀਤਾ ਜਾਵੇਗਾ। ਉਹਨਾਂ ਕਿਹਾ ਸਰਕਾਰ ਕਿਸੇ ਵੀ ਤਰ੍ਹਾਂ ਅੰਦੋਲਨ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅਜਿਹਾ ਨਹੀਂ ਹੋਣ  ਦਿੱਤਾ ਜਾਵੇਗਾ। 

ਦੱਸ ਦਈਏ ਕਿ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਲਗਾਤਰ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨਾਂ ਅਤੇ ਸਰਕਾਰ ਵਿਚਕਾਰ 9 ਮੀਟਿੰਗ ਬੇਸਿੱਟਾ ਹੋਣ ਤੋਂ ਬਾਅਦ 10ਵੇਂ ਗੇੜ ਦੀ ਬੈਠਕ 'ਚ ਸਰਕਾਰ ਨੇ ਖੇਤੀਬਾੜੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਹੈ ਪਰ ਕੇਂਦਰ ਵਲੋਂ ਦਿੱਤੇ ਗਏ ਪ੍ਰਸਤਾਵ ਨੂੰ ਬੀਤੀ ਕੱਲ੍ਹ ਸ਼ਾਮ ਕਿਸਾਨਾਂ ਵਲੋਂ ਰੱਦ ਕਰ ਦਿੱਤਾ ਗਿਆ।