ਸਾਢੇ ਤਿੰਨ ਘੰਟੇ ਦੀ ਬਰੇਕ ਤੋਂ ਬਾਅਦ ਸ਼ੁਰੂ ਹੁੰਦਿਆਂ ਹੀ ਤੁਰੰਤ ਖਤਮ ਹੋਈ 11ਵੇਂ ਗੇੜ ਦੀ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਰਕਾਰ ਤੇ ਕਿਸਾਨਾਂ ਦਰਮਿਆਨ 11ਵੀਂ ਮੀਟਿੰਗ ਵੀ ਰਹੀ ਬੇਨਤੀਜਾ

Farmers 11th round of talks with government ends

ਨਵੀਂ ਦਿੱਲੀ: ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ 11ਵੇਂ ਗੇੜ ਦੀ ਮੀਟਿੰਗ ਖਤਮ ਹੋ ਗਈ ਹੈ। ਬੀਤੀਆਂ 10 ਮੀਟਿੰਗਾਂ ਤੋਂ ਬਾਅਦ 11ਵੀਂ ਮੀਟਿੰਗ ਵੀ ਬੇਸਿੱਟਾ ਰਹੀ। ਦਰਅਸਲ ਮੀਟਿੰਗ ਸ਼ੁਰੂ ਹੋਣ ਤੋਂ ਅੱਧੇ ਘੰਟੇ ਬਾਅਦ ਹੀ ਬਰੇਕ ਲਈ ਗਈ। ਇਹ ਬਰੇਕ ਕਰੀਬ ਸਾਢੇ ਤਿੰਨ ਘੰਟੇ ਤੱਕ ਚੱਲੀ।

ਇਸ ਦੌਰਾਨ ਕਿਸਾਨ ਆਗੂ ਕੇਂਦਰੀ ਮੰਤਰੀਆਂ ਦੀ ਉਡੀਕ ਕਰਦੇ ਰਹੇ। ਕਰੀਬ ਸਾਢੇ ਤਿੰਨ ਘੰਟਿਆਂ ਦੀ ਬਰੇਕ ਤੋਂ ਬਾਅਦ ਸ਼ੁਰੂ ਹੋਈ ਮੀਟਿੰਗ ਤੁਰੰਤ ਖ਼ਤਮ ਕਰ ਦਿੱਤੀ ਗਈ। ਮੀਟਿੰਗ ਖਤਮ ਹੋਣ ਤੋਂ ਬਾਅਦ ਕੇਂਦਰ ਸਰਕਾਰ ਨੇ ਅਗਲੀ ਮੀਟਿੰਗ ਦੀ ਤਰੀਕ ਨਹੀਂ ਦੱਸੀ।

ਦੱਸ ਦਈਏ ਕਿ ਮੀਟਿੰਗ ਦੌਰਾਨ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦੇ ਪ੍ਰਸਤਾਵ ‘ਤੇ ਅਪਣਾ ਫੈਸਲਾ ਸਰਕਾਰ ਸਾਹਮਣੇ ਰੱਖਿਆ। ਖੇਤੀਬਾੜੀ ਮੰਤਰੀ ਦਾ ਕਹਿਣਾ ਹੈ ਕਿ ਕਿਸਾਨ ਕੇਂਦਰ ਦੇ ਪ੍ਰਸਤਾਵ ‘ਤੇ ਮੁੜ ਵਿਚਾਰ ਕਰਨ। ਇਸ ਦੇ ਨਾਲ ਹੀ ਸਰਕਾਰ ਦਾ ਕਹਿਣਾ ਹੈ ਕਿ ਅਸੀਂ ਹੋਰ ਕੋਈ ਪ੍ਰਸਤਾਵ ਨਹੀਂ ਦੇ ਸਕਦੇ। ਇਸ ਦੌਰਾਨ ਕਿਸਾਨਾਂ ਦੇ ਫੈਸਲੇ ‘ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਨਰਾਜ਼ਗੀ ਜਤਾਈ ਹੈ।

ਉਹਨਾਂ ਦਾ ਕਹਿਣਾ ਹੈ ਕਿ ਕਿਸਾਨ ਕੇਂਦਰ ਸਰਕਾਰ ਤੋਂ ਪਹਿਲਾਂ ਮੀਡੀਆ ਸਾਹਮਣੇ ਕਿਉਂ ਗਏ? ਉਹਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਸਭ ਤੋਂ ਪਹਿਲਾਂ ਅਪਣਾ ਫੈਸਲਾ ਸਰਕਾਰ ਨੂੰ ਦੱਸਣਾ ਚਾਹੀਦਾ ਸੀ।ਮੀਟਿੰਗ ਵਿਚ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂ, ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਰੇਲ ਮੰਤਰੀ ਪੀਊਸ਼ ਗੋਇਲ ਤੇ ਸੋਮ ਪ੍ਰਕਾਸ਼ ਸ਼ਾਮਲ ਸਨ।