ਕਿਸਾਨਾਂ ਵਿਰੁਧ ਕਾਰਵਾਈ ਲਈ ਪੱਤਰਕਾਰ ਨੇ ਕੀਤੀ ਹਰਿਆਣਾ ਪੁਲਿਸ ਵਿਰੁਧ FIR ਦਰਜ ਕਰਨ ਦੀ ਮੰਗ, ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ

ਏਜੰਸੀ

ਖ਼ਬਰਾਂ, ਰਾਸ਼ਟਰੀ

ਜ਼ਖਮੀ ਪੱਤਰਕਾਰ ਨੇ ਕਿਸਾਨਾਂ ਦੇ ਮਾਮਲੇ ’ਚ ਧਿਰ ਬਣਨ ਦੀ ਮੰਗ ਕੀਤੀ

High Court

ਚੰਡੀਗੜ੍ਹ: ਪੰਜਾਬ ਦੇ ਸ਼ੰਭੂ ਬਾਰਡਰ ’ਤੇ 13 ਫ਼ਰਵਰੀ ਨੂੰ ਹਰਿਆਣਾ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦੀ FIR ਦਰਜ ਕਰਨ ਅਤੇ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਹਾਈ ਕੋਰਟ ’ਚ ਅਰਜ਼ੀ ਦਾਇਰ ਕੀਤੀ ਗਈ ਹੈ। ਅਰਜ਼ੀ ’ਚ ਪੱਤਰਕਾਰ ਨੇ ਅਪਣੇ ਆਪ ਨੂੰ ਕਿਸਾਨ ਅੰਦੋਲਨ ਮਾਮਲੇ ’ਚ ਧਿਰ ਬਣਾਉਣ ਦੀ ਵੀ ਮੰਗ ਕੀਤੀ ਹੈ। ਹਾਈ ਕੋਰਟ ਨੇ ਇਸ ਅਰਜ਼ੀ ’ਤੇ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। 

ਪਟੀਸ਼ਨ ਦਾਇਰ ਕਰਦਿਆਂ ਪੱਤਰਕਾਰ ਨੇ ਕਿਹਾ ਕਿ ਉਹ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਦੀ ਰੀਪੋਰਟਿੰਗ ਕਰ ਰਿਹਾ ਸੀ। ਇਸ ਦੌਰਾਨ ਹਰਿਆਣਾ ਪੁਲਿਸ ਨੇ ਪੰਜਾਬ ਦੇ ਅਧਿਕਾਰ ਖੇਤਰ ’ਚ ਆ ਕੇ ਕਿਸਾਨਾਂ ’ਤੇ ਹਮਲਾ ਕਰ ਦਿਤਾ। ਇਸ ਦੌਰਾਨ ਰਬੜ ਦੀਆਂ ਗੋਲੀਆਂ, ਅੱਥਰੂ ਗੈਸ ਦੇ ਗੋਲੇ ਅਤੇ ਹੋਰ ਤਰ੍ਹਾਂ ਦੀਆਂ ਕਾਰਵਾਈਆਂ ਕੀਤੀਆਂ ਗਈਆਂ। ਅਜਿਹਾ ਹੀ ਇਕ ਅੱਥਰੂ ਗੈਸ ਦਾ ਗੋਲਾ ਪਟੀਸ਼ਨਕਰਤਾ ਦੇ ਸਿਰ ’ਤੇ ਲੱਗਾ ਅਤੇ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। 

ਪਟੀਸ਼ਨਕਰਤਾ ਨੇ ਕਿਹਾ ਕਿ ਹਰਿਆਣਾ ਪੁਲਿਸ ਦੀ ਹਿੰਸਕ ਕਾਰਵਾਈ ਕਾਰਨ ਵੱਡੀ ਗਿਣਤੀ ’ਚ ਪੱਤਰਕਾਰ ਅਤੇ ਆਮ ਲੋਕ ਜ਼ਖਮੀ ਹੋਏ ਹਨ। ਇਹ ਪਤਾ ਲਗਾਉਣਾ ਮਹੱਤਵਪੂਰਨ ਹੈ ਕਿ ਕੀ ਇਸ ਕੇਸ ’ਚ ਵਰਤੀ ਗਈ ਤਾਕਤ ਜਾਇਜ਼ ਸੀ। ਨਾਲ ਹੀ ਹਰਿਆਣਾ ਪੁਲਿਸ ਦੀ ਕਾਰਵਾਈ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਅਜਿਹੇ ’ਚ ਹਾਈ ਕੋਰਟ ਨੂੰ ਇਸ ਮਾਮਲੇ ’ਚ FIR ਦਰਜ ਕਰਨ ਅਤੇ ਨਿਰਪੱਖ ਜਾਂਚ ਯਕੀਨੀ ਬਣਾਉਣ ਦਾ ਹੁਕਮ ਜਾਰੀ ਕਰਨਾ ਚਾਹੀਦਾ ਹੈ। ਅਰਜ਼ੀ ’ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਹੁਣ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਜਵਾਬ ਦਾਇਰ ਕਰਨ ਦੇ ਹੁਕਮ ਦਿਤੇ ਹਨ।