ਇਲੈਕਟ੍ਰਿਕ ਵਾਹਨਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਸਰਕਾਰ ਸਖ਼ਤ, ਜੁਰਮਾਨੇ ਦੇ ਨਾਲ ਕਾਰਵਾਈ ਦੀ ਤਿਆਰੀ
ਅਜਿਹੇ ਮਾਮਲਿਆਂ ਦੀ ਜਾਂਚ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਨਵੀਂ ਦਿੱਲੀ - ਇਲੈਕਟ੍ਰਿਕ ਦੋਪਹੀਆ ਵਾਹਨਾਂ ’ਚ ਅੱਗ ਲੱਗਣ ਦੀਆਂ ਵਧਦੀਆਂ ਘਟਨਾਵਾਂ ਦੇ ਮੱਦੇਨਜ਼ਰ ਸਰਕਾਰ ਸਖ਼ਤ ਰਵੱਈਆ ਅਪਣਾਉਣ ਜਾ ਰਹੀ ਹੈ। ਸਰਕਾਰ ਖਾਮੀ ਕਰਨ ਵਾਲੀਆਂ ਕੰਪਨੀਆਂ ਦੇ ਖਿਲਾਫ਼ ਕਾਰਵਾਈ ਕਰੇਗੀ। ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਕਿਹਾ ਕਿ ਅਜਿਹੇ ਮਾਮਲਿਆਂ ’ਚ ਸਰਕਾਰ ਮਾਹਰ ਕਮੇਟੀ ਦੀ ਰਿਪੋਰਟ ਮਿਲਣ ਤੋਂ ਬਾਅਦ ਜ਼ਰੂਰੀ ਹੁਕਮ ਜਾਰੀ ਕਰੇਗੀ। ਅਜਿਹੇ ਮਾਮਲਿਆਂ ਦੀ ਜਾਂਚ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਗਡਕਰੀ ਨੇ ਟਵੀਟ ਰਾਹੀਂ ਕਿਹਾ ਕਿ ਪਿਛਲੇ 2 ਮਹੀਨਿਆਂ ’ਚ ਇਲੈਕਟ੍ਰਿਕ ਦੋਪਹੀਆ ਵਾਹਨਾਂ ਨਾਲ ਜੁੜੇ ਕਈ ਹਾਦਸੇ ਸਾਹਮਣੇ ਆਏ ਹਨ। ‘‘ਅਸੀਂ ਇਨ੍ਹਾਂ ਘਟਨਾਵਾਂ ਦੀ ਜਾਂਚ ਅਤੇ ਸੁਧਾਰਾਤਮਕ ਕਦਮਾਂ ਦੀ ਸਿਫਾਰਿਸ਼ ਲਈ ਇਕ ਮਾਹਰ ਕਮੇਟੀ ਦਾ ਗਠਨ ਕੀਤਾ ਹੈ। ਰਿਪੋਰਟਾਂ ਦੇ ਆਧਾਰ ’ਤੇ ਅਸੀਂ ਲਾਪਰਵਾਹੀ ਕਰਨ ਵਾਲੀਆਂ ਕੰਪਨੀਆਂ ’ਤੇ ਜ਼ਰੂਰੀ ਹੁਕਮ ਜਾਰੀ ਕਰਾਂਗੇ।’’
ਕੇਂਦਰੀ ਮੰਤਰੀ ਨੇ ਕਿਹਾ ਕਿ ਅਸੀਂ ਛੇਤੀ ਹੀ ਇਲੈਕਟ੍ਰਿਕ ਵਾਹਨਾਂ ਲਈ ਗੁਣਵੱਤਾ-ਕੇਂਦਰਿਤ ਦਿਸ਼ਾ-ਨਿਰਦੇਸ਼ ਜਾਰੀ ਕਰਾਂਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੰਪਨੀ ਆਪਣੀਆਂ ਪ੍ਰਕਿਰਿਆਵਾਂ ’ਚ ਲਾਪਰਵਾਹੀ ਵਰਤਦੀ ਹੈ ਤਾਂ ਉਸ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ ਅਤੇ ਸਾਰੇ ਖ਼ਰਾਬ ਵਾਹਨਾਂ ਨੂੰ ਵਾਪਸ ਲੈਣ ਦਾ ਵੀ ਹੁਕਮ ਦਿੱਤਾ ਜਾਵੇਗਾ।