ਮਣੀਪੁਰ ਹਿੰਸਾ: ਗ੍ਰਹਿ ਮੰਤਰੀ ਨੇ 24 ਜੂਨ ਨੂੰ ਸੱਦੀ ਸਰਬ ਪਾਰਟੀ ਮੀਟਿੰਗ
ਹਿੰਸਾ 'ਚ ਹੁਣ ਤਕ ਕਰੀਬ 120 ਲੋਕਾਂ ਦੀ ਗਈ ਜਾਨ
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਿੰਸਾ ਪ੍ਰਭਾਵਤ ਮਣੀਪੁਰ ਦੀ ਸਥਿਤੀ 'ਤੇ ਚਰਚਾ ਕਰਨ ਲਈ 24 ਜੂਨ ਨੂੰ ਨਵੀਂ ਦਿੱਲੀ ਵਿਚ ਸਰਬ ਪਾਰਟੀ ਮੀਟਿੰਗ ਸੱਦੀ ਹੈ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਇਹ ਜਾਣਕਾਰੀ ਦਿਤੀ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਟਵੀਟ ਕੀਤਾ, "ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਣੀਪੁਰ ਦੀ ਸਥਿਤੀ 'ਤੇ ਚਰਚਾ ਕਰਨ ਲਈ 24 ਜੂਨ ਨੂੰ ਦੁਪਹਿਰ 3 ਵਜੇ ਨਵੀਂ ਦਿੱਲੀ ਵਿਚ ਸਰਬ ਪਾਰਟੀ ਮੀਟਿੰਗ ਬੁਲਾਈ ਹੈ।"
ਅਸਾਮ ਦੇ ਮੁੱਖ ਮੰਤਰੀ ਹਿਮਾਂਤਾ ਬਿਸਵਾ ਸਰਮਾ ਨੇ ਬੁਧਵਾਰ ਸ਼ਾਮ ਨੂੰ ਇਥੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਇਹ ਐਲਾਨ ਕੀਤਾ। ਸ਼ਰਮਾ ਨਾਰਥ ਈਸਟ ਡੈਮੋਕਰੇਟਿਕ ਅਲਾਇੰਸ ਦੇ ਕਨਵੀਨਰ ਵੀ ਹਨ। ਸ਼ਰਮਾ ਨੇ ਕੁੱਝ ਦਿਨ ਪਹਿਲਾਂ ਇੰਫਾਲ ਦਾ ਦੌਰਾ ਕੀਤਾ ਸੀ ਅਤੇ ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਅਤੇ ਕਈ ਹੋਰ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ।
ਮਣੀਪੁਰ ਵਿਚ ਅਨੁਸੂਚਿਤ ਜਨਜਾਤੀ (ਐਸ.ਟੀ.) ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਮੇਈਤੀ ਭਾਈਚਾਰੇ ਦੀ ਮੰਗ ਦੇ ਵਿਰੋਧ ਵਿਚ 3 ਮਈ ਨੂੰ ਪਹਾੜੀ ਜ਼ਿਲ੍ਹਿਆਂ ਵਿਚ ਇਕ 'ਕਬਾਇਲੀ ਏਕਤਾ ਮਾਰਚ' ਆਯੋਜਤ ਕੀਤੇ ਜਾਣ ਤੋਂ ਬਾਅਦ ਹਿੰਸਕ ਝੜਪਾਂ ਸ਼ੁਰੂ ਹੋ ਗਈਆਂ। ਹਿੰਸਾ 'ਚ ਹੁਣ ਤਕ ਕਰੀਬ 120 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 3000 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਚੁੱਕੇ ਹਨ। ਅਮਿਤ ਸ਼ਾਹ ਨੇ ਵੀ ਪਿਛਲੇ ਮਹੀਨੇ ਚਾਰ ਦਿਨਾਂ ਲਈ ਮਣੀਪੁਰ ਦਾ ਦੌਰਾ ਕੀਤਾ ਸੀ ਅਤੇ ਸੂਬੇ ਵਿਚ ਸ਼ਾਂਤੀ ਲਿਆਉਣ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਲੋਕਾਂ ਦੇ ਇਕ ਸਮੂਹ ਨਾਲ ਮੁਲਾਕਾਤ ਕੀਤੀ ਸੀ।