ਵਿਰੋਧੀ ਧਿਰਾਂ ਦਾ ਪ੍ਰਦਰਸ਼ਨ, ਜੰਮੂ-ਕਸ਼ਮੀਰ ਦੇ ਨੇਤਾਵਾਂ ਦੀ ਰਿਹਾਈ ਦੀ ਮੰਗ ਕੀਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਾਂਗਰਸ ਸਾਂਸਦ ਕਾਰਤੀ ਚਿਦੰਬਰਮ ਵੀ ਵਿਰੋਧੀ ਪਾਰਟੀਆਂ ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਏ

Opposition parties protest at Jantar Mantar, demand release of leader

ਨਵੀਂ ਦਿੱਲੀ : ਕਾਂਗਰਸ ਸਣੇ ਕਈ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਏ ਗਏ ਨੇਤਾਵਾਂ ਦੀ ਰਿਹਾਈ ਦੀ ਮੰਗ ਕਰਦਿਆਂ ਵੀਰਵਾਰ ਨੂੰ ਪ੍ਰਦਰਸ਼ਨ ਕੀਤਾ। ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ, ਸੀਪੀਆਈਐਮ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸੀਪੀਆਈ ਦੇ ਜਨਰਲ ਸਕੱਤਰ ਡੀ ਰਾਜਾ, ਐਸਪੀ ਨੇਤਾ ਰਾਮਗੋਪਾਲ ਯਾਦਵ,  ਲੋਕਤਾਂਤਰਿਕ ਜਨਤਾ ਜਲ ਦੇ ਸ਼ਰਦ ਯਾਦਵ, ਰਾਸ਼ਟਰੀ ਜਨਤਾ ਦਲ ਦੇ ਮਨੋਜ ਝਾਅ ਅਤੇ ਤ੍ਰਿਣਮੂਲ ਕਾਂਗਰਸ ਦੇ ਦਿਨੇਸ਼ ਤ੍ਰਿਵੇਦੀ ਇਸ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੋਏ। ਇਨ੍ਹਾਂ ਨੇਤਾਵਾਂ ਨੇ ਮੰਗ ਕੀਤੀ ਕਿ ਜੰਮੂ ਕਸ਼ਮੀਰ 'ਚ ਹਿਰਾਸਤ ਵਿਚ ਲਏ ਗਏ ਨੇਤਾਵਾਂ ਨੂੰ ਰਿਹਾ ਕੀਤਾ ਜਾਵੇ ਅਤੇ ਉਥੇ ਦੂਰਸੰਚਾਰ ਸੇਵਾਵਾਂ ਬਹਾਲ ਕੀਤੀਆਂ ਜਾਣ।

ਕਾਂਗਰਸ ਸਾਂਸਦ ਕਾਰਤੀ ਚਿਦੰਬਰਮ ਵੀ ਵਿਰੋਧੀ ਪਾਰਟੀਆਂ ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਏ। ਵਿਰੋਧ ਪ੍ਰਦਰਸ਼ਨ ਵਿਚ ਨੈਸ਼ਨਲ ਕਾਨਫ਼ਰੰਸ ਦਾ ਪ੍ਰਤੀਨਿਧੀਮੰਡਲ ਵੀ ਸ਼ਾਮਲ ਹੋਇਆ। ਵਿਰੋਧੀ ਨੇਤਾਵਾਂ ਨੇ ਇਕ ਪ੍ਰਸਤਾਵ ਵੀ ਪਾਸ ਕੀਤਾ ਅਤੇ ਕਿਹਾ ਕਿ ਸੂਬੇ ਦੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤੇ ਬਿਨਾਂ ਧਾਰਾ 370 ਦੇ ਮੁੱਖ ਨਿਯਮਾਂ ਨੂੰ ਹਟਾਏ ਜਾਣ ਕਾਰਨ ਕਸ਼ਮੀਰ ਘਾਟੀ 'ਚ ਐਮਰਜੈਂਸੀ ਦੀ ਸਥਿਤੀ ਹੈ। ਪ੍ਰਸਤਾਵ ਵਿਚ ਕਿਹਾ ਗਿਆ ਹੈ, ''ਅਸੀਂ ਔਖੇ ਸਮੇਂ ਵਿਚ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਖੜੇ ਹਾਂ। ਸੰਚਾਰ ਵਿਵਸਥਾ ਨੂੰ ਪੂਰੀ ਤਰ੍ਹਾਂ ਠੱਪ ਕਰ ਦੇਣ ਅਤੇ ਸਾਬਕਾ ਮੁੱਖ ਮੰਤਰੀਆਂ, ਨੇਤਾਵਾਂ ਅਤੇ ਸਮਾਜ ਦੇ ਲੋਕਾਂ ਨੂੰ ਹਿਰਾਸਤ ਵਿਚ ਰੱਖਣ ਦਾ ਫ਼ੈਸਲਾ ਗੰਭੀਰ ਚਿੰਤਾ ਦਾ ਵਿਸ਼ਾ ਹੈ।''

ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਸਰਕਾਰ ਨੇ ਜੰਮੂ ਕਸ਼ਮੀਰ 'ਚੋਂ ਧਾਰਾ 370 ਦੇ ਕਈ ਨਿਯਮਾਂ ਅਤੇ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਣ ਦਾ ਕਦਮ ਚੁੱਕਿਆ। ਇਸ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸੂਬੇ ਦੇ ਕਈ ਇਲਾਕਿਆਂ ਵਿਚ ਸਾਵਧਾਨੀ ਵਜੋਂ ਵੱਡੀ ਗਿਣਤੀ ਵਿਚ ਸੁਰੱਖਿਆ ਮੁਲਾਜ਼ਮਾਂ ਦੀ ਤੈਨਾਤੀ ਕੀਤੀ ਗਈ ਅਤੇ ਮੋਬਾਈਲ ਅਤੇ ਇੰਟਰਨੈਟ ਸੇਵਾਵਾਂ ਆਰਜੀ ਤੌਰ 'ਤੇ ਬੰਦ ਕੀਤੀਆਂ ਗਈਆਂ ਹਨ। ਇਸ ਤੋਂ ਬਿਨਾਂ ਸਾਬਕਾ ਮੁੱਖ ਮੰਤਰੀ ਫ਼ਾਰੁਕ ਅਬਦੁੱਲਾ, ਉਮਰ ਅਬਦੁੱਲਾ, ਮਹਿਬੂਬਾ ਮੁਫ਼ਤੀ ਸਣੇ ਕਈ ਨੇਤਾਵਾਂ ਨੂੰ ਹਿਰਾਸਤ ਵਿਚ ਲਿਆ ਗਿਆ ਅਤੇ ਨਜ਼ਰਬੰਦ ਕੀਤਾ ਗਿਆ।