Supreme Court ਨੇ ਲਾਵਾਰਸ ਕੁੱਤਿਆਂ ਦੇ ਮੁੱਦੇ 'ਤੇ ਸੁਣਾਇਆ ਫ਼ੈਸਲਾ
ਕਿਹਾ, ਛੱਡੇ ਜਾਣਗੇ ਲਾਵਾਰਸ ਕੁੱਤੇ ਪਰ ਟੀਕਾਕਰਨ ਜ਼ਰੂਰੀ
Supreme Court Delivers Verdict on Stray Dog Issue Latest News in Punjabi ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਲਾਵਾਰਸ ਕੁੱਤਿਆਂ ਦੇ ਮੁੱਦੇ ’ਤੇ ਆਪਣਾ ਫ਼ੈਸਲਾ ਸੁਣਾਇਆ। ਅਦਾਲਤ ਨੇ ਕਿਹਾ ਕਿ ਫੜੇ ਗਏ ਕੁੱਤਿਆਂ ਨੂੰ ਨਸਬੰਦੀ ਅਤੇ ਟੀਕਾਕਰਨ ਤੋਂ ਬਾਅਦ ਹੀ ਛੱਡਿਆ ਜਾਣਾ ਚਾਹੀਦਾ ਹੈ, ਸਿਵਾਏ ਉਨ੍ਹਾਂ ਕੁੱਤਿਆਂ ਦੇ ਜੋ ਰੇਬੀਜ਼ ਨਾਲ ਪੀੜਤ ਹਨ ਜਾਂ ਜਿਨ੍ਹਾਂ ਦਾ ਵਿਵਹਾਰ ਹਮਲਾਵਰ ਹੈ।
ਇਸ ਦੇ ਨਾਲ ਹੀ, ਸੁਪਰੀਮ ਕੋਰਟ ਨੇ 11 ਅਗੱਸਤ ਦੇ ਹੁਕਮ ’ਤੇ ਰੋਕ ਲਗਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਸੀ ਕਿ ਫੜੇ ਗਏ ਆਵਾਰਾ ਕੁੱਤਿਆਂ ਨੂੰ ਛੱਡਿਆ ਨਹੀਂ ਜਾਣਾ ਚਾਹੀਦਾ। ਅਦਾਲਤ ਨੇ ਕਿਹਾ ਕਿ ਜਨਤਕ ਥਾਵਾਂ ’ਤੇ ਕੁੱਤਿਆਂ ਨੂੰ ਖਾਣਾ ਖੁਆਉਣ ’ਤੇ ਪਾਬੰਦੀ ਹੋਵੇਗੀ। ਇਸ ਲਈ ਵੱਖਰੇ ਸਮਰਪਤ ਫ਼ੀਡਿੰਗ ਜ਼ੋਨ ਬਣਾਏ ਜਾਣੇ ਚਾਹੀਦੇ ਹਨ। ਸੁਪਰੀਮ ਕੋਰਟ ਵਲੋਂ ਇਸ ਫ਼ੈਸਲੇ ਸਬੰਧੀ ਸਾਰੇ ਸੂਬਿਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।
ਸੁਪਰੀਮ ਕੋਰਟ ਨੇ ਹੁਕਮ ਦਿਤਾ ਕਿ ਟੀਕਾਕਰਨ ਅਤੇ ਨਸਬੰਦੀ ਤੋਂ ਬਾਅਦ ਆਵਾਰਾ ਕੁੱਤਿਆਂ ਨੂੰ ਉਸੇ ਖੇਤਰ ਵਿਚ ਛੱਡ ਦਿਤਾ ਜਾਵੇਗਾ। ਸੁਪਰੀਮ ਕੋਰਟ ਨੇ ਕਿਹਾ “ਜੇ ਕੋਈ ਕੁੱਤਿਆਂ ਨੂੰ ਫੜਨ ਤੋਂ ਰੋਕਦਾ ਹੈ, ਤਾਂ 25,000 ਤੇ ਜੇ ਕੋਈ NGO ਰੁਕਾਵਟ ਪਾਉਂਦਾ ਹੈ ਤਾਂ 2 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਜੇ ਕੋਈ ਕੁੱਤਿਆਂ ਨੂੰ ਫੜਨ ਜਾਂ ਛੱਡਣ ਵਿਚ ਰੁਕਾਵਟ ਪਾਉਂਦਾ ਹੈ, ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਧਿਰ ਬਣਨ ਲਈ 25,000 ਰੁਪਏ ਤੋਂ 2 ਲੱਖ ਰੁਪਏ ਜਮ੍ਹਾਂ ਕਰਵਾਉਣੇ ਪੈਣਗੇ।” ਇਸ ਦੇ ਨਾਲ ਹੀ "ਜੇ ਕੋਈ ਵਿਅਕਤੀ ਨਿਰਧਾਰਤ ਜਗ੍ਹਾ ਦੀ ਬਜਾਏ ਕਿਸੇ ਹੋਰ ਜਗ੍ਹਾ 'ਤੇ ਕੁੱਤਿਆਂ ਨੂੰ ਖਾਣਾ ਖਵਾਉਂਦਾ ਹੈ ਤਾਂ ਉਸ 'ਤੇ ਵੀ ਜੁਰਮਾਨਾ ਲਗਾਇਆ ਜਾਵੇਗਾ।"
14 ਅਗੱਸਤ ਨੂੰ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਵਿਸ਼ੇਸ਼ ਬੈਂਚ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਇਸ ਤੋਂ ਪਹਿਲਾਂ, 11 ਅਗੱਸਤ ਨੂੰ ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ ਕੁੱਤਿਆਂ ਦੇ ਕੱਟਣ ਅਤੇ ਰੇਬੀਜ਼ ਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ-ਐਨ.ਸੀ.ਆਰ. ਦੇ ਰਿਹਾਇਸ਼ੀ ਇਲਾਕਿਆਂ ਤੋਂ ਸਾਰੇ ਲਾਵਾਰਸ ਕੁੱਤਿਆਂ ਨੂੰ ਹਟਾਉਣ ਅਤੇ ਉਨ੍ਹਾਂ ਨੂੰ 8 ਹਫ਼ਤਿਆਂ ਦੇ ਅੰਦਰ ਸ਼ੈਲਟਰ ਹੋਮ ਭੇਜਣ ਦਾ ਹੁਕਮ ਦਿਤਾ ਸੀ ਅਦਾਲਤ ਨੇ ਇਸ ਕੰਮ ਵਿਚ ਰੁਕਾਵਟ ਪਾਉਣ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਦੀ ਚਿਤਾਵਨੀ ਦਿਤੀ ਸੀ।
ਸੁਪਰੀਮ ਕੋਰਟ ਦੇ ਇਸ ਹੁਕਮ ਦਾ ਵੱਡੇ ਪੱਧਰ ’ਤੇ ਵਿਰੋਧ ਹੋਇਆ ਸੀ। ਇਸ ਤੋਂ ਬਾਅਦ, 13 ਅਗੱਸਤ ਨੂੰ, ਚੀਫ਼ ਜਸਟਿਸ ਬੀ.ਆਰ. ਗਵਈ ਨੇ ਕਿਹਾ ਸੀ ਕਿ ਕਾਨਫ਼ਰੰਸ ਆਫ਼ ਹਿਊਮਨ ਰਾਈਟਸ (ਇੰਡੀਆ) ਐਨ.ਜੀ.ਓ. ਦੀ ਪਟੀਸ਼ਨ ’ਤੇ, ਉਹ ਇਸ ਮਾਮਲੇ ਨੂੰ ਨਿੱਜੀ ਤੌਰ ’ਤੇ ਦੇਖਣਗੇ। ਇਹ ਮਾਮਲਾ 3 ਜੱਜਾਂ ਦੇ ਵਿਸ਼ੇਸ਼ ਬੈਂਚ ਨੂੰ ਸੌਂਪ ਦਿਤਾ ਗਿਆ ਸੀ।
(For more news apart from Supreme Court Delivers Verdict on Stray Dog Issue Latest News in Punjabi stay tuned to Rozana Spokesman.)