ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਸਰਕਾਰ ਦੇ ਛੇ ਸੀ.ਪੀ.ਐਸ. ਨੂੰ ਅਯੋਗ ਠਹਿਰਾਉਣ ਵਾਲੇ ਫੈਸਲੇ ’ਤੇ ਲਗਾਈ ਰੋਕ

ਏਜੰਸੀ

ਖ਼ਬਰਾਂ, ਰਾਸ਼ਟਰੀ

ਨਿਯੁਕਤੀ ਵਿਰੁਧ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਵਾਲੀ ਭਾਜਪਾ ਆਗੂ ਕਲਪਨਾ ਦੇਵੀ ਨੂੰ ਵੀ ਨੋਟਿਸ ਜਾਰੀ

The Supreme Court has ordered six CPS of Himachal Pradesh government. A stay on the decision disqualifying

ਨਵੀਂ ਦਿੱਲੀ, 22 ਨਵੰਬਰ : ਸੁਪਰੀਮ ਕੋਰਟ ਨੇ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਵਾਲੀ ਸਰਕਾਰ ਵਲੋਂ ਨਿਯੁਕਤ ਹਿਮਾਚਲ ਪ੍ਰਦੇਸ਼ ਦੇ 6 ਮੁੱਖ ਸੰਸਦੀ ਸਕੱਤਰਾਂ (ਸੀ.ਪੀ.ਐਸ.) ਨੂੰ ਅਯੋਗ ਠਹਿਰਾਉਣ ਦੀ ਪ੍ਰਕਿਰਿਆ ’ਤੇ ਰੋਕ ਲਗਾ ਦਿਤੀ ਹੈ।

ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਉਸ ਹੁਕਮ ’ਤੇ ਰੋਕ ਲਗਾ ਦਿਤੀ ਹੈ, ਜਿਸ ’ਚ ਸੂਬੇ ’ਚ ਮੁੱਖ ਸੰਸਦੀ ਸਕੱਤਰਾਂ ਅਤੇ ਸੰਸਦੀ ਸਕੱਤਰਾਂ ਦੀ ਨਿਯੁਕਤੀ ਦੇ ਅਧਿਕਾਰ ਨੂੰ ਗੈਰ-ਸੰਵਿਧਾਨਕ ਕਰਾਰ ਦਿਤਾ ਗਿਆ ਸੀ।

ਚੀਫ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਦੇ ਬੈਂਚ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ 6 ਵਿਧਾਇਕਾਂ ਦੀ ਮੁੱਖ ਸੰਸਦੀ ਸਕੱਤਰ ਵਜੋਂ ਨਿਯੁਕਤੀ ਰੱਦ ਕਰਨ ਦੇ ਹੁਕਮ ਦੀ ਪਾਲਣਾ ਕਰਦਿਆਂ ਅੱਗੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਹਾਲਾਂਕਿ, ਅਦਾਲਤ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਅੱਗੇ ਕੋਈ ਨਿਯੁਕਤੀ ਨਹੀਂ ਕਰੇਗੀ ਕਿਉਂਕਿ ਇਹ ਕਾਨੂੰਨ ਦੇ ਉਲਟ ਹੋਵੇਗਾ।

ਸੁਪਰੀਮ ਕੋਰਟ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਕਲਪਨਾ ਦੇਵੀ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਕਲਪਨਾ ਨੇ ਮੁੱਖ ਸੰਸਦੀ ਸਕੱਤਰਾਂ ਦੀ ਨਿਯੁਕਤੀ ਵਿਰੁਧ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਅਦਾਲਤ ਨੇ ਉਨ੍ਹਾਂ ਨੂੰ ਦੋ ਹਫ਼ਤਿਆਂ ਦੇ ਅੰਦਰ ਅਪਣਾ ਜਵਾਬ ਦਾਇਰ ਕਰਨ ਲਈ ਕਿਹਾ ਅਤੇ ਮਾਮਲੇ ਦੀ ਅਗਲੀ ਸੁਣਵਾਈ ਚਾਰ ਹਫ਼ਤਿਆਂ ਬਾਅਦ ਮੁਲਤਵੀ ਕਰ ਦਿਤੀ। ਅਦਾਲਤ ਨੇ ਇਸ ਮਾਮਲੇ ਨੂੰ ਇਸ ਮੁੱਦੇ ’ਤੇ ਸੁਪਰੀਮ ਕੋਰਟ ’ਚ ਵਿਚਾਰ ਅਧੀਨ ਪਟੀਸ਼ਨਾਂ ਨਾਲ ਜੋੜ ਦਿਤਾ ਹੈ। (ਪੀਟੀਆਈ)