Winter Session: ਲੋਕ ਸਭਾ ਤੇ ਰਾਜ ਸਭਾ ਤੈਅ ਸਮੇਂ ਤੋਂ ਇਕ ਦਿਨ ਪਹਿਲਾਂ ਅਣਮਿੱਥੇ ਸਮੇਂ ਲਈ ਮੁਲਤਵੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਸਮਾਪਤ ਹੋ ਗਿਆ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਤੈਅ ਸਮੇਂ ਤੋਂ ਇਕ ਦਿਨ ਪਹਿਲਾਂ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।

Parliament's Winter Session ends ahead of schedule

ਨਵੀਂ ਦਿੱਲੀ: ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਸਮਾਪਤ ਹੋ ਗਿਆ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਤੈਅ ਸਮੇਂ ਤੋਂ ਇਕ ਦਿਨ ਪਹਿਲਾਂ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਸਰਦ ਰੁੱਤ ਸੈਸ਼ਨ 29 ਨਵੰਬਰ ਨੂੰ ਸ਼ੁਰੂ ਹੋਇਆ ਸੀ ਜੋ 23 ਦਸੰਬਰ ਤੱਕ ਚੱਲਣਾ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਸਦਨਾਂ 'ਚ ਲਗਾਤਾਰ ਹੰਗਾਮੇ ਕਾਰਨ ਸੈਸ਼ਨ ਨੂੰ ਜਲਦੀ ਖਤਮ ਕਰਨ ਦਾ ਫੈਸਲਾ ਕੀਤਾ ਗਿਆ।

ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਸਮੇਤ ਵਿਰੋਧੀ ਧਿਰ ਦੇ ਨੇਤਾਵਾਂ ਨੇ ਮੁਅੱਤਲ ਸੰਸਦ ਮੈਂਬਰਾਂ ਦੇ ਨਾਲ ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ। ਉਹਨਾਂ ਨੇ ਸੰਸਦ 'ਚ ਮਹਾਤਮਾ ਗਾਂਧੀ ਦੀ ਮੂਰਤੀ ਸਾਹਮਣੇ ਰਾਸ਼ਟਰੀ ਗਾਨ ਵੀ ਗਾਇਆ। ਵਿਰੋਧੀ ਨੇਤਾਵਾਂ ਨੇ ਇਹ ਕਦਮ 12 ਰਾਜ ਸਭਾ ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਵਿਰੋਧ 'ਚ ਚੁੱਕਿਆ ਹੈ।

ਵਿਰੋਧੀ ਧਿਰ ਦੇ ਹੰਗਾਮੇ ਦੇ ਬਾਵਜੂਦ ਕੁਝ ਅਹਿਮ ਬਿੱਲ ਸਦਨ ਵਿਚ ਪਾਸ ਕੀਤੇ ਗਏ। ਵੋਟਰ ਆਈਡੀ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਬਿੱਲ ਮੰਗਲਵਾਰ ਨੂੰ ਰਾਜ ਸਭਾ 'ਚ ਪਾਸ ਹੋ ਗਿਆ। ਵਿਰੋਧੀ ਧਿਰ ਨੇ ਬਿੱਲ ਦੇ ਵਿਰੋਧ ਵਿਚ ਵਾਕਆਊਟ ਕੀਤਾ, ਜਦਕਿ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੇ ਮੇਜ਼ ’ਤੇ ਰੂਲਬੁੱਕ ਸੁੱਟ ਦਿੱਤੀ, ਜਿਸ ਤੋਂ ਬਾਅਦ ਉਹਨਾਂ ਨੂੰ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ।