ਦਿਲ ਦਾ ਦੌਰਾ ਪੈਣ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭੋਲਾ ਸਿੰਘ ਪੁੱਤਰ ਭਜਨ ਸਿੰਘ (50) ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਮੈਂਬਰ ਸੀ

farmer

ਨਵੀਂ ਦਿੱਲੀ- ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ।  ਕੜਾਕੇ ਦੀ ਠੰਡ ਵਿਚ ਦਿੱਲੀ ਦੀਆਂ ਹੱਦਾਂ ਤੇ ਕਿਸਾਨ ਸੰਘਰਸ਼ ਕਰ ਰਹੇ ਹਨ। ਇਸ ਸੰਘਰਸ਼ ਦੌਰਾਨ ਹੁਣ ਤੱਕ 100 ਦੇ ਕਰੀਬ ਕਿਸਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਅੱਜ ਇਕ ਹੋਰ ਕਿਸਾਨ ਦਿੱਲੀ ਸੰਘਰਸ਼ ਦੌਰਾਨ ਦਿਲ ਦਾ ਦੌਰਾ ਪੈ ਜਾਣ ਕਰਕੇ ਮੌਤ ਹੋ ਗਈ। 

ਦੱਸ ਦੇਈਏ ਇਹ ਕਿਸਾਨ ਪਿੰਡ ਖੁਡਾਲ਼ ਕਲਾਂ ਦਾ ਰਹਿਣ ਵਾਲਾ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਜੁਗਿੰਦਰ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਭੋਲਾ ਸਿੰਘ ਪੁੱਤਰ ਭਜਨ ਸਿੰਘ (50) ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਮੈਂਬਰ ਸੀ ਪਰ ਅੱਜ ਸਵੇਰੇ ਹੀ ਦਿਲ ਦਾ ਦੌਰਾ ਪੇਂ ਨਾਲ ਉਸਦੀ ਮੌਤ ਹੋ ਗਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ, ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਸਿਰ ਹਰ ਤਰ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਕਿਸਾਨ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ ਜਿਸ ਬਾਰੇ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਉਨ੍ਹਾਂ ਦੀਆਂ ਜ਼ਿੰਦਗੀਆਂ ਬਰਬਾਦ ਕਰ ਸਕਦੇ ਹਨ, ਹਾਲਾਂਕਿ ਸਰਕਾਰ ਉਨ੍ਹਾਂ ਨੂੰ ਕਿਸਾਨਾਂ ਦੇ ਹਿਤ ਵਿੱਚ ਦੱਸਦੀ ਹੈ। ਪਿਛਲੇ ਸਾਲ 26 ਨਵੰਬਰ ਤੋਂ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।