ਟਰੈਕਟਰ ਮਾਰਚ ਲਈ ਜ਼ੋਰਦਾਰ ਤਿਆਰੀਆਂ,ਕਿਸਾਨੀ ਝੰਡੇ ਲਾ ਹਜ਼ਾਰਾਂ ਕਿਸਾਨਾਂ ਦਾ ਦਿੱਲੀ ਵੱਲ ਕੂਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਸਾਨਾਂ ਨੇ ਟਰੈਕਟਰਾਂ 'ਤੇ ਕਿਸਾਨੀ ਝੰਡਿਆਂ ਦੇ ਨਾਲ-ਨਾਲ ਤਿਰੰਗੇ ਵੀ ਲਾਏ ਹੋਏ ਹਨ।

tractor parade

ਨਵੀਂ ਦਿੱਲੀ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਕਿਸਾਨਾਂ ਤੇ ਕੇਂਦਰ ਵਿਚਕਾਰ ਮੀਟਿੰਗਾਂ ਬੇਸਿੱਟਾ ਨਿਕਲਣ ਤੋਂ ਬਾਅਦ ਕਿਸਾਨ ਦਾ ਸੰਘਰਸ਼ ਹੋਰ ਤਿੱਖਾ ਹੋ ਸਕਦਾ ਹੈ।  ਹੁਣ ਕਿਸਾਨਾਂ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੀਤੀ ਜਾਵੇਗੀ। ਇਸ ਲਈ ਪੰਜਾਬ ਹੀ ਨਹੀਂ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚੋਂ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਪਹੁੰਚ ਰਹੇ ਹਨ। ਵੱਖ-ਵੱਖ ਥਾਵਾਂ ਤੋਂ ਟਰੈਕਟਰ ਦਿੱਲੀ ਪਹੁੰਚਣੇ ਸ਼ੁਰੂ ਹੋ ਗਏ ਹਨ। ਕਿਸਾਨਾਂ ਨੇ ਟਰੈਕਟਰਾਂ 'ਤੇ ਕਿਸਾਨੀ ਝੰਡਿਆਂ ਦੇ ਨਾਲ-ਨਾਲ ਤਿਰੰਗੇ ਵੀ ਲਾਏ ਹੋਏ ਹਨ।

ਹੁਣ 26 ਜਨਵਰੀ ਨੂੰ ਹੋਣ ਵਾਲੀ ਕਿਸਾਨਾਂ ਦੀ ਟਰੈਕਟਰ ਪਰੇਡ ਤੇ ਸਭ ਦੀਆਂ ਨਜ਼ਰ ਹਨ। ਸ਼ੁੱਕਰਵਾਰ ਨੂੰ ਗੁਰਦਾਸਪੁਰ ਤੋਂ ਵੱਡੀ ਗਿਣਤੀ 'ਚ ਟਰੈਕਟਰ-ਟਰਾਲੀਆਂ ਦਾ ਜਥਾ ਦਿੱਲੀ ਲਈ ਰਵਾਨਾ ਹੋਏ ਸੀ। ਇਸ ਦੌਰਾਨ ਕਿਸਾਨਾਂ ਨੇ ਪੂਰੇ ਇੰਤਜ਼ਾਮ ਕੀਤੇ ਹੋਏ ਸੀ। ਕਿਸਾਨਾਂ ਨੇ ਟਰਾਲੀਆਂ ਵਿੱਚ ਖਾਣ-ਪੀਣ ਦੀਆਂ ਚੀਜ਼ਾਂ, ਗਰਮ ਕੱਪੜੇ, ਮੂੰਗਫਲੀ ਤੇ ਹੋਰ ਚੀਜ਼ਾਂ ਰੱਖੀਆਂ ਹੋਈਆਂ ਹਨ।

ਸੰਗਰੂਰ ਜ਼ਿਲ੍ਹੇ ਦੇ ਪਿੰਡ ਦਿੜਬਾ 'ਚ ਹਰ ਘਰ ਵੱਲੋਂ 26 ਜਨਵਰੀ ਦੇ ਮਾਰਚ ਵਿੱਚ ਸ਼ਾਮਿਲ ਹੋਣ ਲਈ ਇਕ ਟਰੈਕਟਰ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿੰਡ ਵਿੱਚ ਲੱਗਭੱਗ 1500 ਦੇ ਕਰੀਬ ਟਰੇਕਟਰ ਹਨ ਅਤੇ ਸਾਰੇ ਦੇ ਸਾਰੇ ਟਰੈਕਟਰ ਇਸ ਪਰੇਡ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਜਾ ਰਹੇ ਹਨ ਅਤੇ 26 ਤੋਂ ਪਹਿਲਾਂ ਦਿੱਲੀ ਪਹੁੰਚ ਜਾਣਗੇ।  ਇਸ ਤਰ੍ਹਾਂ ਵੱਖ ਵੱਖ ਸੂਬਿਆਂ ਵਿੱਚੋ ਕਿਸਾਨ ਟਰੈਕਟਰ ਲੈ ਕੇ ਦਿੱਲੀ ਵੱਲ ਕੂਚ ਕਰਨਗੇ।