ਹਾਈਵੇਅ ਅਥਾਰਟੀ ਨੂੰ ਪੰਜਾਬ, ਹਰਿਆਣਾ ਅਤੇ ਰਾਜਸਥਾਨ 'ਚ 814 ਕਰੋੜ ਰੁਪਏ ਦੇ ਮਾਲੀਏ ਦਾ ਨੁਕਸਾਨ:ਗਡਕਰੀ
ਪੰਜਾਬ ਵਿਚ ਫ਼ੀਸ ਪਲਾਜ਼ਾ ਦੇ ਸੁਚਾਰੂ ਸੰਚਾਲਨ ਲਈ ਤੁਰਤ ਦਖ਼ਲ ਲਈ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਗਈ ਹੈ।
ਨਵੀਂ ਦਿੱਲੀ: ਤਿੰਨ ਖੇਤੀ ਕਾਨੂੂੰਨਾਂ ਵਿਰੁਧ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚ ਕਿਸਾਨਾਂ ਦੇ ਅੰਦੋਲਨ ਕਾਰਨ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ ਨੂੰ 16 ਮਾਰਚ ਤਕ ਕੁੱਲ 814.4 ਕਰੋੜ ਰੁਪਏ ਦੇ ਮਾਲੀਏ ਦਾ ਨੁਕਸਾਨ ਹੋਇਆ ਹੈ। ਇਹ ਜਾਣਕਾਰੀ ਸੜਕ, ਆਵਾਜ਼ਾਈ ਅਤੇ ਰਾਸ਼ਟਰੀ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਰਾਜ ਸਭਾ ਵਿਚ ਇਕ ਸਵਾਲ ਦੇ ਲਿਖਤ ਜਵਾਬ ਵਿਚ ਦਿੱਤੀ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੋ ਰਹੇ ਭਾਰੀ ਨੁਕਸਾਨ ਨੂੰ ਦੇਖਦੇ ਹੋਏ ਉਪਯੋਗਕਰਤਾ ਟੈਕਸ ਮਾਲੀਏ ਨੂੰ ਬਹਾਲ ਕਰਨ ਲਈ ਜ਼ਿਲ੍ਹਾ ਅਤੇ ਰਾਜ ਪ੍ਰਸ਼ਾਸਨ ਨਾਲ ਇਸ ਮਾਮਲੇ ਨੂੰ ਲਗਾਤਾਰ ਚੁਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ,‘‘ਕਿਸਾਨ ਅੰਦੋਲਨ ਕਾਰਨ ਮਾਲੀਏ ਦੀ ਹਾਨੀ ਮੁੱਖ ਰੂਪ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕੁਝ ਟੋਲ ਪਲਾਜ਼ਾ ’ਤੇ ਹੋਈ ਹੈ।’’
ਉਨ੍ਹਾਂ ਦੱਸਿਆ ਕਿ ਸਭ ਤੋਂ ਜ਼ਿਆਦਾ ਨੁਕਸਾਨ 487 ਕਰੋੜ ਰੁਪਏ ਦਾ ਪੰਜਾਬ ਵਿਚ ਹੋਇਆ ਹੈ ਜਦੋਂਕਿ ਹਰਿਆਣਾ ਵਿਚ 326 ਕਰੋੜ ਰੁਪਏ ਅਤੇ ਰਾਜਸਥਾਨ ਵਿਚ 1.40 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ,‘‘ਹੋਰ ਸੂਬਿਆਂ ਵਿਚ ਕਿਸਾਨਾਂ ਦੇ ਅੰਦੋਲਨ ਕਾਰਨ ਮਾਲੀਏ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਕਿਹਾ,‘‘ਪੰਜਾਬ ਵਿਚ ਫ਼ੀਸ ਪਲਾਜ਼ਾ ਦੇ ਸੁਚਾਰੂ ਸੰਚਾਲਨ ਲਈ ਤੁਰਤ ਦਖ਼ਲ ਲਈ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਗਈ ਹੈ।