ਬੰਗਾਲ ਹਿੰਸਾ ਮਾਮਲਾ : ਭਾਜਪਾ ਨੇ ਮੰਗਿਆ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਅਸਤੀਫ਼ਾ
ਕਿਹਾ, ਮੁੱਖ ਮੰਤਰੀ ਨੂੰ ਇਸ ਘਟਨਾ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ
ਬੀਰਭੂਮ : ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲੇ 'ਚ ਤ੍ਰਿਣਮੂਲ ਕਾਂਗਰਸ ਦੇ ਪੰਚਾਇਤੀ ਕਾਰਜਕਰਤਾ ਦੀ ਕਥਿਤ ਹੱਤਿਆ ਤੋਂ ਬਾਅਦ ਕੁਝ ਘਰਾਂ 'ਚ 8 ਲੋਕਾਂ ਨੂੰ ਅੱਗ ਲਾ ਕੇ ਸਾੜ ਦਿੱਤੇ ਜਾਣ ਤੋਂ ਇਕ ਦਿਨ ਬਾਅਦਭਾਜਪਾ ਨੇ ਬੁੱਧਵਾਰ ਨੂੰ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬੈਨਰਜੀ ਨੇ ਜ਼ੋਰ ਦੇ ਕੇ ਕਿਹਾ ਕਿ ਹਿੰਸਾ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਭਾਜਪਾ ਵਿਧਾਇਕ ਸ਼ੁਭੇਂਦੂ ਅਧਿਕਾਰੀ ਨੇ ਕਿਹਾ, “ਮੁੱਖ ਮੰਤਰੀ ਕੋਲ ਗ੍ਰਹਿ ਵਿਭਾਗ ਵੀ ਹੈ। ਉਹ ਗ੍ਰਹਿ ਮੰਤਰੀ ਵਜੋਂ ਆਪਣੀ ਡਿਊਟੀ ਨਿਭਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।" ਅਧਿਕਾਰੀ ਨੇ ਪਾਰਟੀ ਦੇ ਹੋਰ ਵਿਧਾਇਕਾਂ ਨਾਲ ਬੀਰਭੂਮ ਜਾਂਦੇ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ। ਭਾਜਪਾ ਦੇ ਸੰਸਦ ਮੈਂਬਰ ਅਤੇ ਪਾਰਟੀ ਦੀ ਪੱਛਮੀ ਬੰਗਾਲ ਇਕਾਈ ਦੇ ਉਪ ਪ੍ਰਧਾਨ ਅਰਜੁਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਘਟਨਾ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ, “ਪਹਿਲਾਂ, ਵਿਰੋਧੀ ਵਰਕਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਹੁਣ ਰਾਜ ਵਿੱਚ ਟੀਐਮਸੀ ਬਨਾਮ ਟੀਐਮਸੀ ਹੋ ਰਹੀ ਹੈ। ਹਾਕਮ ਧਿਰ ਦੇ ਆਗੂ ਆਪਸ ਵਿੱਚ ਲੜ ਰਹੇ ਹਨ। ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਕੇ ਬੀਰਭੂਮ ਕਤਲੇਆਮ ਦੀ ਜਾਂਚ ਸੀਬੀਆਈ ਨੂੰ ਸੌਂਪਣੀ ਚਾਹੀਦੀ ਹੈ। ਪੁਲੀਸ ਵੱਲੋਂ ਮਾਮਲੇ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।''
ਇਸ ਦੌਰਾਨ, ਟੀਐਮਸੀ ਨੇ ਵਿਰੋਧੀ ਭਾਜਪਾ 'ਤੇ ਪਲਟਵਾਰ ਕਰਦੇ ਹੋਏ ਕਿਹਾ, "ਇਸ ਦੇ ਮੈਂਬਰ ਪਿਕਨਿਕ 'ਤੇ ਗਏ ਹੋਏ ਹਨ।" ਰਾਜ ਦੀ ਸੱਤਾਧਾਰੀ ਪਾਰਟੀ ਨੇ ਟਵਿੱਟਰ 'ਤੇ ਭਾਜਪਾ ਨੇਤਾਵਾਂ ਦੀ ਇੱਕ ਮਿਠਾਈ ਦੀ ਦੁਕਾਨ 'ਤੇ ਹੋਣ ਦੀ ਵੀਡੀਓ ਸਾਂਝੀ ਕਰਦਿਆਂ ਦਾਅਵਾ ਕੀਤਾ, "ਇਸ ਦੇ ਮੈਂਬਰਾਂ ਨੂੰ ਹਿੰਸਾ ਪ੍ਰਭਾਵਿਤ ਬੀਰਭੂਮ ਜਾਣ ਲਈ ਭਗਵਾ ਕੈਂਪ ਦਾ ਪ੍ਰਬੰਧ ਕੀਤਾ ਗਿਆ ਹੈ ਪਰ ਉਹ ਜ਼ਿਲ੍ਹੇ ਦੇ ਰਸਤੇ ਵਿੱਚ ਪਿਕਨਿਕ ਮਨਾ ਰਹੇ ਹਨ।"