ਡਾਕਟਰਾਂ ਅਤੇ ਸਿਹਤ ਕਾਮਿਆਂ 'ਤੇ ਹਮਲਾ ਗ਼ੈਰ-ਜ਼ਮਾਨਤੀ ਅਪਰਾਧ ਮੰਨਿਆ ਜਾਵੇਗਾ
ਕੇਂਦਰੀ ਮੰਤਰੀ ਮੰਡਲ ਨੇ ਆਰਡੀਨੈਂਸ ਨੂੰ ਦਿਤੀ ਮਨਜ਼ੂਰੀ
ਨਵੀਂ ਦਿੱਲੀ, 22 ਅਪ੍ਰੈਲ : ਕੋਰੋਨਾ ਵਾਇਰਸ ਵਿਰੁਧ ਲੜਾਈ ਵਿਚ ਸ਼ਾਮਲ ਸਿਹਤ ਕਾਮਿਆਂ 'ਤੇ ਹਮਲਿਆਂ ਨੂੰ ਵੇਖਦਿਆਂ ਕੇਂਦਰੀ ਮੰਤਰੀ ਮੰਡਲ ਨੇ ਆਰਡੀਨੈਂਸ ਨੂੰ ਮਨਜ਼ੂਰੀ ਦਿਤੀ ਹੈ ਜਿਸ ਤਹਿਤ ਸਿਹਤ ਕਾਮਿਆਂ ਵਿਰੁਧ ਹਿੰਸਾ ਨੂੰ ਗ਼ੈਰ-ਜ਼ਮਾਨਤੀ ਅਪਰਾਧ ਮੰਨਿਆ ਜਾਵੇਗਾ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਇਸ ਸਬੰਧ ਵਿਚ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਇਸ ਆਰਡੀਨੈਂਸ ਵਿਚ ਸਿਹਤ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ, ਸੰਪਤੀ ਦਾ ਨੁਕਸਾਨ ਹੋਣ 'ਤੇ ਮੁਆਵਜ਼ਾ ਵੀ ਦਿਤਾ ਜਾਵੇਗਾ।
ਆਰਡੀਨੈਂਸ ਦੇ ਖਰੜੇ ਮੁਤਾਬਕ ਦੋਸ਼ੀ ਸਾਬਤ ਹੋਣ 'ਤੇ ਹਮਲਾਵਰ ਨੂੰ ਤਿੰਨ ਮਹੀਨੇ ਤੋਂ ਲੈ ਕੇ ਸੱਤ ਸਾਲ ਤਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੋਸ਼ੀ ਨੂੰ 5 ਲੱਖ ਰੁਪਏ ਤਕ ਜੁਰਮਾਨਾ ਦੇਣਾ ਪਵੇਗਾ। ਸਰਕਾਰ ਨੇ 123 ਸਾਲ ਪੁਰਾਣੇ ਮਹਾਮਾਰੀ ਰੋਕੂ ਕਾਨੂੰਨ ਵਿਚ ਸੋਧ ਕਰਨ ਦਾ ਫ਼ੈਸਲਾ ਕੀਤਾ ਹੈ। ਕਿਹਾ ਗਿਆ ਹੈ ਕਿ ਜੇ ਸਿਹਤ ਕਾਮੇ 'ਤੇ ਹਮਲਾ ਹੋਇਆ ਤਾਂ ਜਾਂਚ ਅਧਿਕਾਰੀ ਨੂੰ 30 ਦਿਨਾਂ ਵਿਚ ਜਾਂਚ ਪੂਰੀ ਕਰਨੀ ਪਵੇਗੀ।
ਜਾਵੜੇਕਰ ਨੇ ਕਿਹਾ ਕਿ ਤਜਵੀਜ਼ਸ਼ੁਦਾ ਆਰਡੀਨੈਂਸ ਰਾਹੀਂ ਮਹਾਮਾਰੀ ਕਾਨੂੰਨ 1897 ਵਿਚ ਸੋਧ ਕੀਤੀ ਜਾਵੇਗੀ ਜਿਸ ਨਾਲ ਸਿਹਤ ਸੇਵਾਵਾਂ ਨਾਲ ਜੁੜੇ ਕਾਮਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਰਹਿਣ ਤੇ ਕੰਮ ਕਰਨ ਦੀ ਥਾਂ ਨੂੰ ਹਿੰਸਾ ਤੋਂ ਬਚਾਉਣ ਵਿਚ ਮਦਦ ਮਿਲੇਗੀ। ਇਹ ਪੁੱਛੇ ਜਾਣ 'ਤੇ ਕਿ ਕੀ ਕੋਵਿਡ-19 ਮਗਰੋਂ ਵੀ ਨਵੇਂ ਬਦਲਾਅ ਲਾਗੂ ਰਹਿਣਗੇ ਤਾਂ ਜਾਵੜੇਕਰ ਨੇ ਪੱਤਰਕਾਰਾਂ ਨੂੰ ਕਿਹਾ ਕਿ ਆਰਡੀਨੈਂਸ ਨੂੰ ਮਹਾਮਾਰੀ ਕਾਨੂੰਨ 1897 ਵਿਚ ਸੋਧ ਲਈ ਪ੍ਰਵਾਨਗੀ ਦਿਤੀ ਗਈ ਹੈ। ਉਨ੍ਹਾਂ ਸਿਰਫ਼ ਏਨਾ ਕਿਹਾ ਕਿ ਇਹ ਚੰਗੀ ਸ਼ੁਰੂਆਤ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਿਹਤ ਕਾਮਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਪ੍ਰਤੀਬੱਧਤਾ ਨੂੰ ਧਿਆਨ ਵਿਚ ਰਖਦਿਆਂ ਕੇਂਦਰੀ ਵਜ਼ਾਰਤ ਨੇ ਆਰਡੀਨੈਂਸ ਨੂੰ ਪ੍ਰਵਾਨਗੀ ਦਿਤੀ ਹੈ। ਮੋਦੀ ਨੇ ਕਿਹਾ ਕਿ ਇਹ ਆਰਡੀਨੈਂਸ ਪੇਸ਼ਵੇਰਾਂ ਦੀ ਸੁਰੱਖਿਆ ਯਕੀਨੀ ਕਰਨ ਲਈ ਹੈ। ਮੋਦੀ ਨੇ ਕਿਹਾ, 'ਉਨ੍ਹਾਂ ਦੀ ਸੁਰੱਖਿਆ ਸਾਡੀਆਂ ਸਿਖਰਲੀਆਂ ਤਰਜੀਹਾਂ ਵਿਚ ਸ਼ਾਮਲ ਹੈ। (ਏਜੰਸੀ)
ਡਾਕਟਰਾਂ ਨੇ ਵਿਰੋਧ ਪ੍ਰਦਰਸ਼ਨ ਵਾਪਸ ਲਿਆ
ਅਮਿਤ ਸ਼ਾਹ ਨੇ ਡਾਕਟਰਾਂ ਨਾਲ ਕੀਤੀ ਗੱਲਬਾਤ, ਦਿਤਾ ਸੁਰੱਖਿਆ ਦਾ ਭਰੋਸਾ
ਨਵੀਂ ਦਿੱਲੀ, 22 ਅਪ੍ਰੈਲ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁਧਵਾਰ ਨੂੰ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਡਾਕਟਰਾਂ ਅਤੇ ਇੰਡੀਅਨ ਮੈਡੀਕਲ ਕੌਂਸਲ ਦੇ ਪ੍ਰਤੀਨਿਧਾਂ ਨਾਲ ਗੱਲਬਾਤ ਕੀਤੀ ਅਤੇ ਕੋਰੋਨਾ ਵਾਇਰਸ ਵਿਰੁਧ ਸੰਘਰਸ਼ ਵਿਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਨਾਲ ਹੀ ਸ਼ਾਹ ਨੇ ਉਨ੍ਹਾਂ ਨੂੰ ਸੁਰੱਖਿਆ ਦਾ ਭਰੋਸਾ ਦਿਤਾ। ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਦਸਿਆ ਕਿ ਗ੍ਰਹਿ ਮੰਤਰੀ ਨੇ ਵੀਡੀਉ ਕਾਨਫ਼ਰੰਸ ਜ਼ਰੀਏ ਡਾਕਟਰਾਂ ਅਤੇ ਆਈਐਮਏ ਦੇ ਪ੍ਰਤੀਨਿਧਾਂ ਨਾਲ ਗੱਲਬਾਤ ਕੀਤੀ। ਅਧਿਕਾਰੀ ਨੇ ਦਸਿਆ ਕਿ ਸ਼ਾਹ ਨੇ ਡਾਕਟਰਾਂ ਦੇ ਚੰਗੇ ਕੰਮ ਲਈ ਉਨ੍ਹਾਂ ਦੀ ਤਾਰੀਫ਼ ਕੀਤੀ ਅਤੇ ਉਨ੍ਹਾਂ ਨੂੰ ਪੂਰੀ ਸੁਰੱਖਿਆ ਦਾ ਭਰੋਸਾ ਦਿਤਾ। ਅਧਿਕਾਰੀ ਨੇ ਦਸਿਆ ਕਿ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਵਿਰੋਧ ਪ੍ਰਦਰਸ਼ਨ ਨਾ ਕਰਨ ਕਿਉਂਕਿ ਸਰਕਾਰ ਡਾਕਟਰਾਂ ਨਾਲ ਖੜੀ ਹੈ।
ਜ਼ਿਕਰਯੋਗ ਹੇ ਕਿ ਆਈਐਮਏ ਕੋਰੋਨਾ ਵਾਇਰਸ ਸੰਕਟ ਦੌਰਾਨ ਅਪਣੀ ਡਿਊਟੀ ਕਰ ਰਹੇ ਡਾਕਟਰਾਂ ਅਤੇ ਸਿਹਤ ਕਾਮਿਆਂ 'ਤੇ ਹੋ ਰਹੇ ਹਮਲਿਆਂ ਦੇ ਵਿਰੋਧ ਵਿਚ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾ ਰਹੀ ਸੀ। ਬਾਅਦ ਵਿਚ ਦਸਿਆ ਗਿਆ ਕਿ ਐਸੋਸੀਏਸ਼ਨ ਨੇ ਵਿਰੋਧ ਪ੍ਰਦਰਸ਼ਨ ਵਾਪਸ ਲੈ ਲਿਆ ਹੈ।
ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚੋਂ ਰੀਪੋਰਟਾਂ ਆ ਰਹੀਆਂ ਹਨ ਕਿ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਇਲਾਜ ਵਿਚ ਲੱਗੇ ਡਾਕਟਰਾਂ ਨਾਲ ਬਦਸਲੂਕੀ ਕੀਤੀ ਜਾ ਰਹੀ ਹੈ ਅਤੇ ਕਈ ਥਾਈਂ ਉਨ੍ਹਾਂ 'ਤੇ ਹਮਲੇ ਹੋਏ ਹਨ। ਉਨ੍ਹਾਂ ਨੂੰ ਘਰਾਂ ਵਿਚ ਵੜਨ ਤੋਂ ਵੀ ਰੋਕਿਆ ਜਾ ਰਿਹਾ ਹੈ। ਸ਼ਿਲਾਂਗ ਅਤੇ ਚੇਨਈ ਵਿਚ ਕੋਰੋਨਾ ਵਾਇਰਸ ਕਾਰਨ ਜਾਨ ਗਵਾਉਣ ਵਾਲੇ ਦੋ ਡਾਕਟਰਾਂ ਦੇ ਮਾਪਿਆਂ ਨੂੰ ਉਨ੍ਹਾਂ ਦਾ ਸਸਕਾਰ ਕਰਨ ਵਿਚ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਸਥਾਨਕ ਲੋਕਾਂ ਦਾ ਕਹਿਣਾ ਸੀ ਕਿ ਮ੍ਰਿਤਕਾਂ ਨੂੰ ਉਨ੍ਹਾਂ ਦੇ ਇਲਾਕੇ ਵਿਚ ਦਫ਼ਨਾਏ ਜਾਣ ਕਾਰਨ ਉਥੇ ਕੋਰੋਨਾ ਵਾਇਰਸ ਦੀ ਲਾਗ ਦਾ ਖ਼ਤਰਾ ਪੈਦਾ ਹੋ ਸਕਦਾ ਹੈ। (ਏਜੰਸੀ)