'84 ਸਿੱਖ ਕਤਲੇਆਮ ਮਾਮਲੇ 'ਚ 34 ਦੋਸ਼ੀਆਂ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੁਪਰੀਮ ਕੋਰਟ ਨੇ ਤਿਰਲੋਕਪੁਰੀ ਇਲਾਕੇ ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਦੇ 34 ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ।

Supreme Court

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਤਿਰਲੋਕਪੁਰੀ ਇਲਾਕੇ ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਦੇ 34 ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਹਨਾਂ ਦੋਸ਼ੀਆਂ ਨੇ ਦਿੱਲੀ ਹਾਈ ਕੋਰਟ ਤੋਂ ਮਿਲੀ ਪੰਜ ਸਾਲ ਦੀ ਸਜ਼ਾ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਹਾਈਕੋਰਟ ਨੇ ਇਹਨਾਂ ਸਾਰਿਆਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਸਰਕਾਰ ਵੱਲੋਂ ਸਾਲਿਸਿਟਰ ਜਨਰਲ ਤੁਸ਼ਾਰ ਮੇਹਤਾ ਨੇ ਕੋਰਟ ਨੂੰ ਦੱਸਿਆ ਕਿ ਕਤਲੇਆਮ ਦੇ 15 ਦੋਸ਼ੀਆਂ ਨੂੰ ਦੋਸ਼ ਮੁਕਤ ਕੀਤੇ ਜਾਣ ਦੇ ਫ਼ੈਸਲੇ ਵਿਰੁੱਧ ਸਰਕਾਰ ਨੇ ਸੁਪਰੀਮ ਕੋਰਟ ਵਿਚ ਪੁਨਰਵਿਚਾਰ ਪਟੀਸ਼ਨ ਦਰਜ ਕੀਤੀ ਹੈ।

ਸੁਪਰੀਮ ਕੋਰਟ ਨੇ ਇਹਨਾਂ 15 ਦੋਸ਼ੀਆਂ ਨੂੰ ਸਿੱਧੇ ਸਬੂਤ, ਚਸ਼ਮਦੀਦ ਨਾ ਹੋਣ ਦਾ ਹਵਾਲਾ ਦਿੰਦੇ ਹੋਏ ਸਬੂਤਾਂ ਦੀ ਦੀ ਗੈਰਹਾਜ਼ਰੀ ਵਿਚ ਬਰੀ ਕਰ ਦਿੱਤਾ ਸੀ। ਇਸ ਤੋਂ ਪਹਿਲਾਂ 1984 ਸਿੱਖ ਕਤਲੇਆਮ ਮਾਮਲੇ ਵਿਚ ਸੁਪਰੀਮ ਕੋਰਟ ਨੇ 15 ਦੋਸ਼ੀਆਂ ਨੂੰ ਬਰੀ ਕਰਨ ਦਾ ਆਦੇਸ਼ ਦਿੱਤਾ ਸੀ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਨੇ ਵੀ ਅਫਸੋਸ ਪ੍ਰਗਟਾਇਆ ਹੈ।

ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਪਲਟਦੇ ਹੋਏ ਕਿਹਾ ਸੀ ਕਿ ਇਹਨਾਂ ਲੋਕਾਂ ਵਿਰੁੱਧ ਲੋੜੀਂਦੇ ਸਬੂਤ ਨਹੀਂ ਹਨ। ਜ਼ਿਕਰਯੋਗ ਹੈ ਕਿ 1984 ਵਿਚ ਪੁਰਬੀ ਦਿੱਲੀ ਦੇ ਤਿਰਲੋਕਪੁਰੀ ਇਲਾਕੇ ਵਿਚ ਹੋਏ ਕਤਲੇਆਮ ਦੇ ਮਾਮਲੇ ਵਿਚ ਦਰਜ 88 ਦੋਸ਼ੀਆਂ ਦੀ ਅਪੀਲ ਨੂੰ ਖਾਰਜ ਕਰਦੇ ਹੋਏ ਦਿੱਲੀ ਹਾਈ ਕੋਰਟ ਨੇ ਸਾਰੇ 88 ਦੋਸ਼ੀਆਂ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ ਪਰ ਇਹਨਾਂ ਵਿਚੋਂ ਸਿਰਫ਼ 47 ਦੋਸ਼ੀ ਹੀ ਜਿਉਂਦੇ ਹਨ, ਜਦਕਿ ਬਾਕੀ ਦੋਸ਼ੀਆਂ ਦੀ ਅਦਾਲਤੀ ਕਾਰਵਾਈ ਦੌਰਾਨ ਹੀ ਮੌਤ ਹੋ ਗਈ ਹੈ।