ਕੋਰੋਨਾ ਦੇ ਚਲਦਿਆਂ ਸੰਸਦ ਦੇ ਮਾਨਸੂਨ ਇਜਲਾਸ ‘ਤੇ ਅੱਜ ਲੱਗ ਸਕਦੀ ਹੈ ਬਰੇਕ

ਏਜੰਸੀ

ਖ਼ਬਰਾਂ, ਰਾਸ਼ਟਰੀ

14 ਸਤੰਬਰ ਤੋਂ ਸ਼ੁਰੂ ਹੋਇਆ ਸੀ ਸੰਸਦ ਦਾ ਮਾਨਸੂਨ ਇਜਲਾਸ

Monsoon session likely to end today

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਚਲਦਿਆਂ ਸੰਸਦ ਦੇ ਮਾਨਸੂਨ ਇਜਲਾਸ ‘ਤੇ ਬਰੇਕ ਲੱਗਣ ਜਾ ਰਹੀ ਹੈ। ਸਰਕਾਰ ਨੇ ਸਮੇਂ ਤੋਂ ਪਹਿਲਾਂ ਹੀ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਗ੍ਰਹਿ ਰਾਜ ਮੰਤਰੀ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਵੀ ਮੁਰਲੀਧਰਨ ਨੇ ਬੁੱਧਵਾਰ ਨੂੰ ਰਾਜ ਸਭਾ ਵਿਚ ਕਿਹਾ, ‘ਮੈਂ ਮੈਂਬਰਾਂ ਨੂੰ ਇਹ ਸੂਚਿਤ ਕਰਨਾ ਚਾਹੁੰਦਾ ਹਾਂ ਕਿ ਸਰਕਾਰ ਨੇ ਸਦਨ ਨੂੰ ਅੱਜ ਤੋਂ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਹੈ। ਪਰ ਇਸ ਤੋਂ ਪਹਿਲਾਂ ਲੋਕ ਸਭਾ ਵਿਚੋਂ ਪਾਸ ਕੁਝ ਜ਼ਰੂਰੀ ਬਿਲਾਂ ਦੀ ਕਾਰਵਾਈ ਨੂੰ ਸਦਨ ਵੱਲੋਂ ਪੂਰਾ ਕੀਤਾ ਜਾਣਾ ਹੈ’।

ਦੱਸ ਦਈਏ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਵਿਰੋਧੀ ਧਿਰਾਂ ਦੀ ਮੰਗ ਸੀ ਕਿ ਮਾਨਸੂਨ ਇਜਲਾਸ ਨੂੰ ਸਮੇਂ ਤੋਂ ਪਹਿਲਾਂ ਖਤਮ ਕਰ ਦਿੱਤਾ ਜਾਵੇ। 14 ਸਤੰਬਰ ਤੋਂ ਸ਼ੁਰੂ ਹੋਇਆ ਇਜਲਾਸ 1 ਅਕਤੂਬਰ ਤੱਕ 18 ਦਿਨਾਂ ਲਈ ਚੱਲਣਾ ਸੀ ਪਰ ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਇਸ ਨੂੰ ਤੈਅ ਸਮੇਂ ਤੋਂ 8 ਦਿਨ ਪਹਿਲਾਂ ਹੀ ਖਤਮ ਕੀਤਾ ਜਾ ਰਿਹਾ ਹੈ।

ਉਧਰ ਬੀਤੇ ਦਿਨ ਕਿਸਾਨਾਂ ਦੇ ਮੁੱਦੇ ‘ਤੇ ਕਾਂਗਰਸ ਸਮੇਤ ਕਈ ਵਿਰੋਧੀ ਧਿਰਾਂ ਨੇ ਸੰਸਦ ਦੇ ਦੋਵੇਂ ਸਦਨਾਂ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਵਿਰੋਧੀ ਧਿਰਾਂ ਨੇ ਮੰਗਲਵਾਰ ਨੂੰ ਸਦਨ ਦੀ ਕਾਰਵਾਈ ਵਿਚ ਹਿੱਸਾ ਨਹੀਂ ਲਿਆ।