ਨਫ਼ਰਤੀ ਹਿੰਸਾ ਨੂੰ ਦੇਖਦੇ ਹੋਏ ਭਾਰਤ ਵੱਲੋਂ ਕੈਨੇਡਾ ਰਹਿੰਦੇ ਨਾਗਰਿਕਾਂ ਨੂੰ ਚੌਕਸ ਰਹਿਣ ਦੀ ਸਲਾਹ 

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਰਤੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਨੇ ਟਵੀਟ ਕਰਕੇ ਸਾਂਝੀ ਕੀਤੀ ਐਡਵਾਇਜ਼ਰੀ 

File Photo

 

ਨਵੀਂ ਦਿੱਲੀ: 'ਕੈਨੇਡਾ ਵਿੱਚ ਨਫ਼ਰਤੀ ਅਪਰਾਧ, ਫ਼ਿਰਕੂ ਹਿੰਸਾ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਨਾਲ ਸੰਬੰਧਿਤ ਘਟਨਾਵਾਂ' ਦਾ ਹਵਾਲਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕੈਨੇਡਾ ਵਿੱਚ ਵਸਦੇ ਆਪਣੇ ਨਾਗਰਿਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਇਸ ਬਾਰੇ 'ਚ ਵਿਦੇਸ਼ ਮੰਤਰਾਲਾ ਭਾਰਤ ਸਰਕਾਰ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਆਪਣੇ ਟਵਿਟਰ ਹੈਂਡਲ 'ਤੇ ਇੱਕ ਐਡਵਾਇਜ਼ਰੀ ਸਾਂਝੀ ਕਰਦੇ ਹੋਏ ਟਵੀਟ ਵੀ ਕੀਤਾ। 

ਐਡਵਾਇਜ਼ਰੀ ਨੋਟ ਵਿੱਚ ਲਿਖਿਆ ਹੈ: ਕੈਨੇਡਾ ਵਿੱਚ ਨਫ਼ਰਤੀ ਅਪਰਾਧ, ਫ਼ਿਰਕੂ ਹਿੰਸਾ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਭਾਰਤ ਦੇ ਵਿਦੇਸ਼ ਮੰਤਰਾਲਾ ਅਤੇ ਕੈਨੇਡਾ ਵਿੱਚ ਸਾਡੇ ਹਾਈ ਕਮਿਸ਼ਨ/ਕੌਂਸਲੇਟ ਜਨਰਲ ਨੇ ਇਨ੍ਹਾਂ ਘਟਨਾਵਾਂ ਦਾ ਮੁੱਦਾ ਕੈਨੇਡੀਅਨ ਅਧਿਕਾਰੀਆਂ ਕੋਲ ਚੁੱਕਿਆ ਹੈ ਅਤੇ ਉਨ੍ਹਾਂ ਨੂੰ ਉਕਤ ਅਪਰਾਧਾਂ ਦੀ ਜਾਂਚ ਅਤੇ ਉਚਿਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ। ਕੈਨੇਡਾ ਵਿੱਚ ਹੁਣ ਤੱਕ ਇਨ੍ਹਾਂ ਅਪਰਾਧਾਂ ਦੇ ਦੋਸ਼ੀਆਂ ਨੂੰ ਨਿਆਂ ਪਾਲਿਕਾ ਦੇ ਘੇਰੇ ਵਿੱਚ ਨਹੀਂ ਲਿਆਂਦਾ ਗਿਆ।

ਐਡਵਾਇਜ਼ਰੀ ਨੋਟ ਵਿੱਚ ਅੱਗੇ ਕਿਹਾ ਗਿਆ ਹੈ, "ਅਪਰਾਧ ਦੀਆਂ ਵਧਦੀਆਂ ਘਟਨਾਵਾਂ ਦੇ ਮੱਦੇਨਜ਼ਰ, ਭਾਰਤੀ ਨਾਗਰਿਕਾਂ ਅਤੇ ਕੈਨੇਡਾ ਵਿੱਚ ਪੜ੍ਹਨ ਗਏ ਭਾਰਤੀ ਵਿਦਿਆਰਥੀਆਂ ਸਮੇਤ ਸੈਰ-ਸਪਾਟਾ/ਸਿੱਖਿਆ ਲਈ ਕੈਨੇਡਾ ਜਾਣ ਵਾਲਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਾਵਧਾਨੀ ਵਰਤਣ ਅਤੇ ਸੁਚੇਤ ਰਹਿਣ 

ਕੈਨੇਡਾ ਵਿੱਚ ਭਾਰਤੀ ਨਾਗਰਿਕ ਅਤੇ ਵਿਦਿਆਰਥੀ ਓਟਵਾ ਵਿੱਚ ਭਾਰਤ ਦੇ ਹਾਈ ਕਮਿਸ਼ਨ, ਜਾਂ ਟੋਰਾਂਟੋ ਅਤੇ ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨਾਲ ਉਨ੍ਹਾਂ ਦੀਆਂ ਵੈਬਸਾਈਟਸ ਰਾਹੀਂ, ਜਾਂ MADAD ਪੋਰਟਲ madad.gov.in ਰਾਹੀਂ ਰਜਿਸਟਰ ਕਰ ਸਕਦੇ ਹਨ। ਇਹ ਰਜਿਸਟ੍ਰੇਸ਼ਨ ਭਾਰਤੀ ਹਾਈ ਕਮਿਸ਼ਨ ਅਤੇ ਕੌਂਸਲੇਟ ਜਨਰਲ ਨੂੰ ਕਿਸੇ ਵੀ ਲੋੜ ਜਾਂ ਐਮਰਜੈਂਸੀ ਦੇ ਹਾਲਾਤਾਂ ਵਿੱਚ ਕੈਨੇਡਾ 'ਚ ਰਹਿੰਦੇ ਭਾਰਤੀ ਨਾਗਰਿਕਾਂ ਨਾਲ ਬਿਹਤਰ ਸੰਪਰਕ ਕਰਨ ਦੇ ਯੋਗ ਬਣਾਵੇਗੀ।