ਖੇਤੀ ਕਾਨੂੰਨਾਂ 'ਤੇ ਪ੍ਰਧਾਨ ਮੰਤਰੀ ਦਾ ਵੱਡਾ ਬਿਆਨ, ਕਿਹਾ, ਫ਼ੈਸਲੇ ਤੋਂ ਪਿੱਛੇ ਨਹੀਂ ਹਟੇਗੀ ਸਰਕਾਰ!
ਕਿਸਾਨਾਂ ਨੂੰ ਨਹੀਂ ਵਿਚੋਲਿਆਂ ਨੂੰ ਬਚਾਉਣਾ ਚਾਹੁੰਦੇ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ
ਨਵੀਂ ਦਿੱਲੀ : ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨੀ ਸੰਘਰਸ਼ ਬਾਰੇ ਭਾਜਪਾ ਆਗੂਆਂ ਦੇ ਉਪਰ-ਥੱਲੀ ਆ ਰਹੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਕਿਸਾਨਾਂ ਅੰਦਰ ਗੁੱਸਾ ਵਧਣ ਲੱਗਾ ਹੈ। ਬੀਤੇ ਦਿਨੀਂ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਵਲੋਂ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਵਿਚੋਲੀਆ ਕਹਿਣ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਵਿਰੋਧੀ ਧਿਰਾਂ ਦੇ ਆਗੂਆਂ 'ਤੇ ਸਵਾਲ ਚੁੱਕੇ ਹਨ।
ਖੇਤੀ ਕਾਨੂੰਨਾਂ ਬਾਰੇ ਸਰਕਾਰ ਦੇ ਇਰਾਦੇ ਜ਼ਾਹਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਆਪਣੇ ਫ਼ੈਸਲੇ ਤੋਂ ਪਿੱਛੇ ਨਹੀਂ ਹਟੇਗੀ। ਵਿਰੋਧੀ ਧਿਰ ਦੇ ਨੇਤਾਵਾਂ ਵੱਲ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲਿਆਂ ਦਾ ਮਕਸਦ ਕਿਸਾਨਾਂ ਨੂੰ ਨਹੀਂ ਬਲਕਿ ਵਿਚੋਲਿਆਂ ਤੋਂ ਬਚਾਉਣਾ ਹੈ। ਖੇਤੀ ਬਿੱਲਾਂ ਦੇ ਕਿਸਾਨ ਵਿਰੋਧੀ ਹੋਣ ਦੇ ਲਾਏ ਜਾ ਰਹੇ ਦੋਸ਼ਾਂ ਨੂੰ ਨਕਾਰਦਿਆਂ ਉਨ੍ਹਾਂ ਕਿਹਾ ਇਹ ਬਿੱਲ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਣਗੇ।
ਬਿਹਾਰ ਦੇ ਸਾਸਾਰਾਮ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਖੇਤੀ ਸੰਕਟ ਦਾ ਹੱਲ ਕੱਢਦਿਆਂ ਵਿਚੋਲੇ ਤੇ ਦਲਾਲਾਂ ਦੀ ਭੂਮਿਕਾ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਲੋਕ ਕਿਸਾਨਾਂ ਦੇ ਵਿਕਾਸ 'ਚ ਅੜਿੱਕਾ ਬਣ ਰਹੇ ਹਨ।
ਮੋਦੀ ਨੇ ਅੱਗੇ ਕਿਹਾ ਕਿ ਮੰਡੀ ਤੇ ਘੱਟੋ-ਘੱਟ ਸਮਰਥਨ ਮੁੱਲ ਸਿਰਫ਼ ਬਹਾਨਾ ਹਨ ਜਦਕਿ ਵਿਰੋਧੀ ਆਗੂਆਂ ਦਾ ਮਕਸਦ ਸਿਰਫ਼ ਵਿਚੋਲਿਆਂ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪੈਸੇ ਪਾਉਣ ਦਾ ਕੰਮ ਸ਼ੁਰੂ ਕਰਨ ਵੇਲੇ ਵੀ ਵਿਰੋਧੀਆਂ ਨੇ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਦਕਿ ਅੱਜ ਇਸ ਸਕੀਮ ਦਾ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।
ਕਾਬਲੇਗੌਰ ਹੈ ਕਿ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਬੀਤੇ ਦਿਨ ਬਿਆਨ ਦਿਤਾ ਸੀ ਕਿ ਖੇਤੀ ਕਾਨੂੰਨਾਂ ਖਿਲਾਫ਼ ਧਰਨੇ ਪ੍ਰਦਰਸ਼ਨ ਕਿਸਾਨ ਨਹੀਂ ਬਲਕਿ ਵਿਚੋਲੀਆ ਕਰ ਰਹੇ ਹਨ। ਧਰਨੇ 'ਤੇ ਬੈਠੇ ਕਿਸਾਨਾਂ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਨੂੰ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਤੁਲ ਦਸਿਆ ਹੈ। ਇਸੇ ਤਰ੍ਹਾਂ ਸੁਖਪਾਲ ਸਿੰਘ ਖਹਿਰਾ ਸਮੇਤ ਹੋਰ ਕਈ ਆਗੂਆਂ ਵਲੋਂ ਭਾਜਪਾ ਪ੍ਰਧਾਨ ਦੇ ਬਿਆਨ 'ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਸਾਨਾਂ ਤੋਂ ਮੁਆਫ਼ੀ ਦੀ ਮੰਗ ਕੀਤੀ ਜਾ ਰਹੀ ਹੈ।