PM ਮੋਦੀ 9 ਕਰੋੜ ਕਿਸਾਨਾਂ ਨਾਲ ਕਰਨਗੇ ‘ਮਨ ਕੀ ਬਾਤ’, ਖੇਤੀ ਕਾਨੂੰਨਾਂ 'ਤੇ ਰੱਖਣਗੇ ਗੱਲ

ਏਜੰਸੀ

ਖ਼ਬਰਾਂ, ਰਾਸ਼ਟਰੀ

​25 ਦਸੰਬਰ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕਰਨਗੇ ਸੰਬੋਧਨ

PM Narinder Modi

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲੈ ਕੇ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਅੰਨਦਾਤੇ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਦਾ ਇਤਜਾਰ ਹੈ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਵਿਖੇ ਬੈਠੇ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਦੀ ਥਾਂ ਵੀਡੀਓ ਕਾਨਫਰੰਸ ਜ਼ਰੀਏ ਦੇਸ਼ ਭਰ ਦੇ 9 ਕਰੋੜ ਕਿਸਾਨਾਂ ਨੂੰ ਸੰਬੋਧਨ ਕਰਨ ਦੀਆਂ ਤਿਆਰੀਆਂ ਵਿਚ ਹਨ। ਇਸ ਸਬੰਧੀ ਜਾਣਕਾਰੀ ਬੁੱਧਵਾਰ ਨੂੰ ਪੀਐਮਓ ਦਫਤਰ ਵਲੋਂ ਦਿਤੀ ਗਈ ਹੈ।

ਪੀਐਮਓ ਵਲੋਂ ਜਾਰੀ ਟਵੀਟ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਦਸੰਬਰ ਨੂੰ 9 ਕਰੋੜ ਕਿਸਾਨਾਂ ਨੂੰ ਮੁਖਾਤਬਤ ਹੋਣ ਦੇ ਨਾਲ-ਨਾਲ ਕਿਸਾਨਾਂ ਲਈ 18000 ਕਰੋੜ ਦੀ ਰਾਸ਼ੀ ਵੀ ਜਾਰੀ ਕਰਨਗੇ। ਇਹ ਰਾਸ਼ੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 7ਵੀਂ ਕਿਸ਼ਤ ਵਜੋਂ ਦਿੱਤੀ ਜਾਵੇਗੀ।

ਪੀ. ਐੱਮ. ਮੋਦੀ ਦੇ ਸਮਾਗਮ ਵਿਚ 6 ਸੂਬਿਆਂ ਤੋਂ ਕਿਸਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ ਜੋ ਭਾਰਤ ਸਰਕਾਰ ਵੱਲੋਂ ਲਏ ਗਏ ਫ਼ੈਸਲਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਗੱਲਬਾਤ ਦੌਰਾਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਮੌਜੂਦ ਰਹਿਣਗੇ।

ਕਾਬਲੇਗੌਰ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦੇਸ਼ ਭਰ ਦੇ ਲੱਖਾਂ ਕਿਸਾਨਾਂ ਦਿੱਲੀ ਦੀਆਂ ਬਰੂਹਾਂ ਤੇ ਪਿਛਲੇ 27 ਦਿਨਾਂ ਤੋਂ ਬੈਠੇ ਹੋਏ ਹਨ। ਕਿਸਾਨਾਂ ਦੀਆਂ ਸਰਕਾਰ ਨਾਲ ਪੰਜ ਮੀਟਿੰਗਾਂ ਹੋ ਚੁਕੀਆਂ ਹਨ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਦੋ-ਟੁਕ ਸ਼ਬਦਾਂ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ, ਜਦਕਿ ਕੇਂਦਰ ਸਰਕਾਰ ਕਾਨੂੰਨਾਂ ਵਿਚ ਸੋਧ ਕਰਨ ਤੇ ਅੜੀ ਹੋਈ ਹੈ। ਸਰਕਾਰ ਇਕ ਪਾਸੇ ਕਿਸਾਨਾਂ ਨਾਲ ਗੱਲ ਜਾਰੀ ਰੱਖਣ ਦੀ ਹਾਮੀ ਭਰ ਰਹੀ ਹੈ ਅਤੇ ਦੂਜੇ ਪਾਸੇ ਖੇਤੀ ਕਾਨੂੰਨਾਂ ਨੂੰ ਸਹੀ ਸਾਬਤ ਕਰਨ ਲਈ ਮੁਹਿੰਮ ਚਲਾ ਰਹੀ ਹੈ। ਬੀਤੇ ਦਿਨ ਵੀ ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਕਿਸਾਨਾਂ ਨਾਲ ਸੰਵਾਦ ਰਚਾਇਆ ਸੀ, ਜਿਸ ਦੀ ਸੰਘਰਸ਼ ਕਰ ਰਹੇ ਕਿਸਾਨਾਂ ਨੇ ਮੁਖਾਲਫਿਤ ਕੀਤੀ ਸੀ।