ਕੇਜਰੀਵਾਲ, ਸ਼ਿਸ਼ਟਾਚਾਰ ਦੀਆਂ ਹੱਦਾਂ ਪਾਰ ਨਾ ਕਰੋ: ਕੈਪਟਨ ਅਮਰਿੰਦਰ ਸਿੰਘ
ਧੋਖੇਬਾਜ਼ੀ ਤੇ ਸਿਆਸੀਕਰਨ ਰਾਹੀਂ ਕਿਸਾਨਾਂ ਦੀ ਹਮਦਰਦੀ ਜਿੱਤਣ ਦੀਆਂ ਨੌਟੰਕੀਆਂ ਕੇਜਰੀਵਾਲ ਦੇ ਕਿਸੇ ਕੰਮ ਨਹੀਂ ਆਉਣਗੀਆਂ
ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਨੀਵੇਂ ਦਰਜੇ ਦੀ ਰਾਜਨੀਤੀ ਅਤੇ ਦੂਸ਼ਣਬਾਜ਼ੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਸ਼ਾ ਵਿਖਾਉਂਦਿਆਂ ਸਪੱਸ਼ਟ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਵਿੱਚ ਸਿਰਫ ਇਕੋ ਏਜੰਡਾ ਕੌਮੀ ਸੁਰੱਖਿਆ ਬਾਰੇ ਵਿਚਾਰਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਦੇ ਗ੍ਰਹਿ ਮੰਤਰੀ ਵਜੋਂ ਉਹ ਦੁਸ਼ਮਣ ਗੁਆਂਢੀ ਦਾ ਸਾਹਮਣਾ ਕਰ ਰਹੇ ਹਨ ਜਿਸ ਕਾਰਨ ਉਨ੍ਹਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਸੂਬੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਭਾਰਤ ਸਰਕਾਰ ਨੂੰ ਜਾਣੂੰ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਣ ਤੋਂ ਵੀ ਸੰਕੋਚ ਨਹੀਂ ਕਰਨਗੇ ਜਦੋਂ ਵੀ ਗੁਆਂਢੀ ਦੁਸ਼ਮਣ ਦੇਸ਼ਾਂ ਵੱਲੋਂ ਅੰਦਰੂਨੀ ਸੁਰੱਖਿਆ ਮਾਮਲਿਆਂ ਵਿੱਚ ਸ਼ੈਅ ਦਿੱਤੀ ਜਾਂਦੀ ਰਹੇਗੀ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਸ਼ਿਸ਼ਟਾਚਾਰ ਦੀਆਂ ਹੱਦਾਂ ਪਾਰ ਨਹੀਂ ਕਰਨੀਆਂ ਚਾਹੀਦੀਆਂ। ਅੰਮ੍ਰਿਤਸਰ (ਦਿਹਾਤੀ) ਜ਼ਿਲੇ ਵਿੱਚ ਕੌਮਾਂਤਰੀ ਸਬੰਧਾਂ ਨਾਲ ਜੁੜੇ ਡਰੋਨ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਪੰਜ ਦਿਨ ਬਾਅਦ ਇਕ ਡਰੋਨ ਰਾਹੀਂ 19 ਤੇ 20 ਦਸੰਬਰ ਦੀ ਰਾਤ ਨੂੰ ਪਾਕਿਸਤਾਨ ਵੱਲੋਂ ਸੁੱਟੇ ਗਏ 11 ਹੈਂਡ ਗ੍ਰਨੇਡ ਜ਼ਬਤ ਕਰਨ ਦੀ ਘਟਨਾ ਜਿਸ ਨੂੰ ਅੱਜ ਮੀਡੀਆ ਵਿੱਚ ਵੀ ਪ੍ਰਮੁੱਖਤਾ ਨਾਲ ਉਭਾਰਿਆ ਗਿਆ ਹੈ। ਇਸ ਕਰਕੇ ਉਨ੍ਹਾਂ ਦਾ ਇਹ ਫਰਜ਼ ਬਣਦਾ ਹੈ ਕਿ ਕੇਂਦਰ ਸਰਕਾਰ ਨੂੰ ਇਸ ਬਾਰੇ ਜਾਣੂੰ ਕਰਵਾਇਆ ਜਾਵੇ ਤਾਂ ਕਿ ਸੂਬਾਈ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਨ ਲਈ ਠੋਸ ਰਣਨੀਤੀ ਘੜਨ ਵਾਸਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਕਿਉਂ ਜੋ ਗੁਆਂਢੀ ਮੁਲਕ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਦੇ ਨਾਲ-ਨਾਲ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਹਮੇਸ਼ਾ ਹੀ ਵੱਡਾ ਖਤਰਾ ਬਣਿਆ ਹੋਇਆ ਹੈ।