ਕਿਸਾਨੀ ਸੰਘਰਸ਼ ਜਾਰੀ, ਖੇਤੀ ਨੂੰ ਲੈ ਕੇ ਵਿਸ਼ਵ ਵਪਾਰ ਸੰਸਥਾ ਦੀਆਂ ਮਾਰੂ ਨੀਤੀਆਂ 'ਤੇ ਕਾਨਫਰੰਸਾਂ ਰਾਂਹੀ ਕੀਤਾ ਜਾਵੇਗਾ ਜਾਗਰੂਕ
ਫੂਕੇ ਜਾਣਗੇ ਪੁਤਲੇ
ਕਰਨਾਲ - ਕਿਸਾਨ-ਮਜ਼ਦੂਰ ਹੱਕੀ ਮੰਗਾਂ ਮਨਵਾਉਣ ਲਈ ਦਿੱਲੀ ਕੂਚ ਦੇ ਚਲਦੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਡਰ ਤੇ ਲਗਾਤਾਰ ਸੰਘਰਸ਼ ਕਰ ਰਹੇ ਹਨ ਜਿਸ ਦੇ ਚਲਦੇ ਦੋਨਾਂ ਫੋਰਮਾਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਦੇਸ਼ ਭਰ ਦੇ ਕਿਸਾਨਾਂ ਨੂੰ 25 ਫਰਵਰੀ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਕਿਸਾਨ ਆਗੂਆਂ ਅਤੇ ਵੱਖ ਵੱਖ ਰਾਜਾਂ ਦੇ ਬੁਧੀਜੀਵੀਆਂ ਵੱਲੋਂ ਪ੍ਰੈਸ ਕਾਨਫਰੰਸ ਰਾਹੀਂ ਡਬਲਯੂ.ਟੀ.ਓ ਦੀਆਂ ਕਿਸਾਨ ਮਾਰੂ ਨੀਤੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ।
26 ਫਰਵਰੀ ਨੂੰ ਦੇਸ਼ ਦੇ ਸਾਰੇ ਪਿੰਡਾਂ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ ਫੂਕੇ ਜਾਣਗੇ ਅਤੇ ਸ਼ਾਮ 3 ਵਜੇ ਸ਼ੰਭੂ ਅਤੇ ਖਨੌਰੀ ਬਾਰਡਰ ਵਿਖੇ ਵੱਡੇ ਪੁਤਲੇ ਫੂਕੇ ਜਾਣਗੇ। ਉਹਨਾਂ ਨੇ ਦੱਸਿਆ ਕਿ ਬੀਤੀ ਰਾਤ ਦਿੱਲੀ ਅੰਦੋਲਨ ਵਿਚ ਸ਼ਾਮਲ ਹੋਣ ਲਈ ਆ ਰਹੇ ਨੌਜਵਾਨ ਕਿਸਾਨ ਗੁਰਜੰਟ ਸਿੰਘ ਉਮਰ 33 ਸਾਲ ਪਿੰਡ ਮਸੂਰਦੇਵਾ ਜ਼ਿਲ੍ਹਾ ਫਿਰੋਜ਼ਪੁਰ ਦੀ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ।
ਉਹਨਾਂ ਦੱਸਿਆ ਕਿ ਇਹ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਦੀ ਬੀਕੇਯੂ ਕਰਾਂਤੀਕਾਰੀ ਜਥੇਬੰਦੀ ਨਾਲ ਸਬੰਧਿਤ ਸੀ। ਉਹਨਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਮੋਰਚੇ ਦੀਆਂ ਸਾਰੀਆਂ ਜਥੇਬੰਦੀਆਂ ਸ਼ਹੀਦ ਗੁਰਜੰਟ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀਆਂ ਹਨ ਅਤੇ ਮੰਗ ਕੀਤੀ ਜਾਂਦੀ ਹੈ ਕਿ ਪਰਿਵਾਰ ਦੇ ਇੱਕ ਮੈਬਰ ਨੂੰ ਸਰਕਾਰੀ ਨੌਕਰੀ ਅਤੇ 5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।
ਉਹਨਾਂ ਜਾਣਕਾਰੀ ਦਿੱਤੀ ਕਿ ਹਰਿਆਣਾ ਪੁਲਿਸ ਦੁਆਰਾ ਤਸ਼ੱਦਦ ਦਾ ਸ਼ਿਕਾਰ ਹੋਏ ਪ੍ਰਿਤਪਾਲ ਸਿੰਘ ਨੂੰ ਜਥੇਬੰਦੀਆਂ ਵੱਲੋਂ ਸਰਕਾਰ ਤੇ ਦਬਾਅ ਪਾਉਣ ਤੋਂ ਬਾਅਦ ਚੰਡੀਗੜ ਦੇ ਪਾਜੀਆਈ ਹਸਪਤਾਲ ਵਿਚ ਦਾਖਲ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਹੁਣ ਤੱਕ ਅੰਦੋਲਨ ਦੌਰਾਨ ਅੱਧੀ ਦਰਜਨ ਤੋਂ ਵੱਧ ਕਿਸਾਨਾਂ ਦੀਆਂ ਸ਼ਹੀਦੀਆਂ ਹੋ ਚੁੱਕੀਆਂ ਹਨ, ਜਿਸ ਲਈ ਕੇਂਦਰ ਸਰਕਾਰ ਜਿੰਮੇਵਾਰ ਹੈ।
ਉਹਨਾਂ ਕਿਹਾ ਕਿ ਸ਼ਹੀਦ ਸ਼ੁਭਕਰਨ ਸਿੰਘ ਦੇ ਕੇਸ ਵਿਚ ਅਸੀਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਜਲਦ ਤੋਂ ਜਲਦ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਉਹਨਾਂ ਨੇ ਕਿਹਾ ਕਿ ਦੋਨੋ ਫੋਰਮਾਂ ਇਸ ਗੱਲ ਦਾ ਅਹਿਦ ਲੈਂਦੇ ਹਨ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਅਜਾਈ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਕਿਸਾਨ ਮਜਦੂਰ ਸਮੇਤ ਹਰ ਵਰਗ ਦੀ ਭਲਾਈ ਲਈ ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਜਾਰੀ ਰਹੇਗਾ। ਉਹਨਾਂ ਨੇ ਦੇਸ਼ ਭਰ ਦੇ ਲੋਕਾਂ ਨੂੰ ਵਧ ਤੋਂ ਵਧ ਗਿਣਤੀ ਵਿਚ ਮੋਰਚੇ ਵਿਚ ਪਹੁੰਚਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਮੌਕੇ ਨਿੱਜੀ ਹਿੱਤਾਂ ਅਤੇ ਕੰਮਾਂ ਨੂੰ ਛੱਡ ਕੇ ਦੇਸ਼ ਦੇ ਕਿਸਾਨ ਮਜਦੂਰ ਦੀ ਲੜਾਈ ਲੜਨ ਦਾ ਸਮਾਂ ਹੈ।