ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਧ ਕੇ 29 ਹੋਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੰਜਾਬ ਅਤੇ ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ।

Photo

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਪਿਛਲੇ 24 ਘੰਟੇ ਵਿਚ ਪੰਜ ਲੋਕਾਂ ਦੀ ਕੋਵਿਡ-19 ਨਾਲ ਪ੍ਰਭਾਵਿਤ ਹੋਣ ਦੀ ਪੁਸ਼ਟੀ ਹੋਈ ਹੈ। ਮੰਗਲਵਾਰ ਨੂੰ ਜਲੰਧਰ ਦੇ ਗੋਰਾਇਆ ਖੇਤਰ ਵਿਚ ਤਿੰਨ ਲੋਕਾਂ ਦੇ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਵਿਚ ਕੋਵਿਡ-19 ਪਾਜ਼ੀਟਿਵ ਮਰੀਜਾਂ ਦੀ ਗਿਣਤੀ 33 ਤੋਂ ਪਾਰ ਪਹੁੰਚ ਗਈ ਹੈ। ਪੰਜਾਬ ਵਿਚ ਹੁਣ ਤੱਕ 29 ਅਤੇ ਚੰਡੀਗੜ੍ਹ ਵਿਚ 7 ਕੋਰੋਨਾ ਵਾਇਰਸ ਪਾਜ਼ੀਟਿਵ ਮਰੀਜਾਂ ਦੀ ਪੁਸ਼ਟੀ ਹੋਈ ਹੈ। ਪੰਜਾਬ ਵਿਚ ਹੁਣ ਤੱਕ 251 ਸ਼ੱਕੀ ਮਰੀਜ ਸਾਹਮਣੇ ਆਏ ਹਨ। ਇਹਨਾਂ ਵਿਚੋਂ 183 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 45 ਦੀ ਰਿਪੋਰਟ ਦਾ ਇੰਤਜ਼ਾਰ ਹੈ।

ਜਲੰਧਰ ਦੇ ਤਿੰਨ ਕੋਰੋਨਾ ਵਾਇਰਸ ਦੇ ਮਰੀਜ ਇਕੋ ਪਰਿਵਾਰ ਦੇ ਹਨ। ਇਸ ਤੋਂ ਬਾਅਦ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਵਿਚ 30 ਹਜ਼ਾਰ ਲੋਕਾਂ ਨੂੰ ਘਰਾਂ 'ਚ ਆਈਸੋਲੇਟ ਕੀਤਾ ਗਿਆ। ਨਵਾਂਸ਼ਹਿਰ 'ਚ ਕੋਰੋਨਾ ਦੇ 3 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਮ੍ਰਿਤਕ ਬਜ਼ੁਰਗ ਬਲਦੇਵ ਸਿੰਘ ਦੇ 2 ਪੋਤਿਆਂ ਅਤੇ ਦੋਹਤੇ 'ਚ ਕੋਰੋਨਾ ਦੀ ਤਸਦੀਕ ਕੀਤਾ ਗਿਆ ਹੈ।

ਨਵਾਂਸ਼ਹਿਰ 'ਚ ਹੁਣ ਤੱਕ ਕੋਰੋਨਾ ਦੇ 18 ਪਾਜ਼ੀਟਿਵ ਮਰੀਜ ਪਾਏ ਗਏ ਹਨ । ਜਿਨ੍ਹਾਂ ਨੂੰ ਨਵਾਂ ਸ਼ਹਿਰ ਦੇ ਸਿਵਲ ਹਸਪਤਾਲ 'ਚ ਆਈਸੋਲੇਟ ਕੀਤਾ ਗਿਆ। ਪੰਜਾਬ ਵਿਚ ਦਿਨੋ ਦਿਨ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਧ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਬਜੁਰਗ ਦੇ ਸੰਪਰਕ ਵਿਚ ਆਉਣ ਨਾਲ ਫਿਲੌਰ ਵਿਚ ਕੋਰੋਨਾ ਵਾਇਰਸ ਦੇ ਤਿੰਨ ਮਰੀਜ ਸਾਹਮਣੇ ਆਏ ਸਨ। ਕੋਰੋਨਾ ਵਾਇਰਸ ਦੇ ਵਧਦੀ ਗਿਣਤੀ ਨੂੰ ਲੈ ਕੇ ਪੰਜਾਬ ਵਿਚ ਕਰਫਿਊ ਲਗਾਇਆ ਗਿਆ ਸੀ। ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਹੈ ਅਤੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।