ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ 

ਏਜੰਸੀ

ਖ਼ਬਰਾਂ, ਰਾਸ਼ਟਰੀ

ਕੱਲ੍ਹ ਮਾਣਹਾਨੀ ਮਾਮਲੇ ਵਿਚ ਹੋਈ ਸੀ 2 ਸਾਲ ਦੀ ਸਜ਼ਾ

Rahul Gandhi (file photo)

ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਸ਼ੁੱਕਰਵਾਰ ਨੂੰ ਰੱਦ ਕਰ ਦਿੱਤੀ ਗਈ ਹੈ। ਉਹ ਕੇਰਲ ਦੇ ਵਾਇਨਾਡ ਤੋਂ ਲੋਕ ਸਭਾ ਦੇ ਮੈਂਬਰ ਸਨ। ਇਸ ਦੀ ਜਾਣਕਾਰੀ ਲੋਕ ਸਭਾ ਸਕੱਤਰੇਤ ਤੋਂ ਪੱਤਰ ਜਾਰੀ ਕਰ ਕੇ ਦਿੱਤੀ ਗਈ ਹੈ। 

ਦੱਸਣਯੋਗ ਹੈ ਕਿ ਮਾਣਹਾਨੀ ਮਾਮਲੇ 'ਚ ਸੂਰਤ ਦੀ ਅਦਾਲਤ ਨੇ ਵੀਰਵਾਰ ਨੂੰ ਉਨ੍ਹਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। 2019 ਵਿੱਚ, ਰਾਹੁਲ ਗਾਂਧੀ ਨੇ ਕਰਨਾਟਕ ਵਿਧਾਨ ਸਭਾ ਵਿੱਚ ਮੋਦੀ ਸਰਨੇਮ ਨੂੰ ਲੈ ਕੇ ਇੱਕ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ-ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੈ?

ਸੂਰਤ ਦੀ ਅਦਾਲਤ ਨੇ ਇਸ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਸਜ਼ਾ ਸੁਣਾਈ ਹੈ। ਸੁਪਰੀਮ ਕੋਰਟ ਨੇ 2013 ਵਿੱਚ ਫੈਸਲਾ ਸੁਣਾਇਆ ਸੀ ਕਿ ਜੇਕਰ ਕਿਸੇ ਜਨ ਪ੍ਰਤੀਨਿਧੀ ਜਿਵੇਂ ਕਿ ਐਮ.ਐਲ.ਏ ਜਾਂ ਐਮ.ਪੀ ਨੂੰ ਦੋ ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਹੁੰਦੀ ਹੈ ਤਾਂ ਉਸ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਜਾਵੇਗੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜੇਕਰ ਪ੍ਰਤੀਨਿਧੀ ਸਜ਼ਾ ਦੇ ਖ਼ਿਲਾਫ਼ ਉੱਚ ਅਦਾਲਤ ਵਿੱਚ ਅਪੀਲ ਕਰਦਾ ਹੈ ਤਾਂ ਇਹ ਨਿਯਮ ਲਾਗੂ ਨਹੀਂ ਹੋਵੇਗਾ।

ਰਾਹੁਲ ਗਾਂਧੀ ਨੂੰ ਸੂਰਤ ਅਦਾਲਤ ਦੇ ਫ਼ੈਸਲੇ ਵਿਰੁੱਧ ਅਪੀਲ ਦਾਇਰ ਕਰਨ ਲਈ 30 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ । ਰਾਹੁਲ ਗਾਂਧੀ ਦੇ ਵਕੀਲ ਨੇ ਵੀ ਕਿਹਾ ਸੀ ਕਿ ਅਸੀਂ ਫ਼ੈਸਲੇ ਦੇ ਖ਼ਿਲਾਫ਼ ਹਾਈਕੋਰਟ ਜਾਵਾਂਗੇ। ਅਜੇ ਤੱਕ ਰਾਹੁਲ ਵੱਲੋਂ ਹਾਈ ਕੋਰਟ ਵਿੱਚ ਕੋਈ ਅਪੀਲ ਨਹੀਂ ਕੀਤੀ ਗਈ ਹੈ।

ਸੁਪਰੀਮ ਕੋਰਟ ਨੇ 11 ਜੁਲਾਈ 2013 ਨੂੰ ਆਪਣੇ ਫ਼ੈਸਲੇ ਵਿੱਚ ਕਿਹਾ ਸੀ ਕਿ ਕੋਈ ਵੀ ਸੰਸਦ ਮੈਂਬਰ ਜਾਂ ਵਿਧਾਇਕ ਹੇਠਲੀ ਅਦਾਲਤ ਵਿੱਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਸੰਸਦ ਜਾਂ ਵਿਧਾਨ ਸਭਾ ਦੀ ਮੈਂਬਰੀ ਲਈ ਅਯੋਗ ਕਰਾਰ ਦਿੱਤਾ ਜਾਵੇਗਾ। ਅਦਾਲਤ ਨੇ ਇਹ ਹੁਕਮ ਲਿਲੀ ਥਾਮਸ ਬਨਾਮ ਯੂਨੀਅਨ ਆਫ ਇੰਡੀਆ ਦੇ ਮਾਮਲੇ ਵਿੱਚ ਦਿੱਤਾ ਸੀ। ਇਸ ਤੋਂ ਪਹਿਲਾਂ ਅਦਾਲਤ ਦੇ ਅੰਤਿਮ ਫ਼ੈਸਲੇ ਤੱਕ ਵਿਧਾਇਕ ਜਾਂ ਸੰਸਦ ਮੈਂਬਰ ਦੀ ਮੈਂਬਰਸ਼ਿਪ ਖਤਮ ਨਾ ਕਰਨ ਦੀ ਵਿਵਸਥਾ ਸੀ।