Justice Yashwant Varma: ਨਕਦੀ ਮਾਮਲੇ ’ਚ ਜਸਟਿਸ ਵਰਮਾ ਤੋਂ ਨਿਆਂਇਕ ਕੰਮ ਲਏ ਵਾਪਸ
Justice Yashwant Varma: ਦਿੱਲੀ ਹਾਈ ਕੋਰਟ ਨੇ ਅਗਲੇ ਹੁਕਮਾਂ ਤਕ ਨਿਆਂਇਕ ਕੰਮਾਂ ਤੋਂ ਦੂਰ ਰਹਿਣ ਲਈ ਕਿਹਾ
Justice Yashwant Varma: ਦਿੱਲੀ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਵੱਡੀ ਮਾਤਰਾ ਵਿੱਚ ਨਕਦੀ ਦੀ ਬਰਾਮਦਗੀ ਨੂੰ ਲੈ ਕੇ ਉੱਠੇ ਵਿਵਾਦ ਦੇ ਵਿਚਕਾਰ, ਦਿੱਲੀ ਹਾਈ ਕੋਰਟ ਨੇ ਕਿਹਾ ਕਿ ਹਾਲ ਹੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ, ਜਸਟਿਸ ਯਸ਼ਵੰਤ ਵਰਮਾ ਤੋਂ ਤੁਰਤ ਪ੍ਰਭਾਵ ਨਾਲ ਨਿਆਂਇਕ ਕੰਮ ਵਾਪਸ ਲੈ ਲਿਆ ਗਿਆ ਹੈ। ਸੋਮਵਾਰ ਨੂੰ ਦਿੱਲੀ ਹਾਈ ਕੋਰਟ ਵੱਲੋਂ ਜਾਰੀ ਇੱਕ ਸਰਕੂਲਰ ਵਿੱਚ ਕਿਹਾ ਗਿਆ ਕਿ ਹਾਲ ਹੀ ਦੇ ਘਟਨਾਕ੍ਰਮ ਦੇ ਮੱਦੇਨਜ਼ਰ, ਮਾਣਯੋਗ ਸ਼੍ਰੀ ਯਸ਼ਵੰਤ ਵਰਮਾ ਦੇ ਨਿਆਂਇਕ ਕੰਮ ਨੂੰ ਅਗਲੇ ਹੁਕਮਾਂ ਤੱਕ ‘ਤੁਰੰਤ ਪ੍ਰਭਾਵ’ ਨਾਲ ਵਾਪਸ ਲੈ ਲਿਆ ਗਿਆ ਹੈ।
ਹਾਈ ਕੋਰਟ ਦੇ ਸਰਕੂਲਰ ਵਿੱਚ ਕਿਹਾ ਗਿਆ ਹੈ ਕਿ ਬੈਂਚ ਦਾ ‘ਕੋਰਟ ਮਾਸਟਰ’ ਮਾਮਲਿਆਂ ਵਿੱਚ ਤਾਰੀਖ਼ਾਂ ਨਿਰਧਾਰਤ ਕਰੇਗਾ। ਇਸ ਤੋਂ ਪਹਿਲਾਂ, ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਸੰਜੀਵ ਖੰਨਾ ਨੇ ਸਨਿਚਰਵਾਰ ਨੂੰ ਜਸਟਿਸ ਵਰਮਾ ਦੇ ਘਰ ’ਤੇ ਭਾਰੀ ਮਾਤਰਾ ਵਿੱਚ ਨਕਦੀ ਦੀ ਬਰਾਮਦਗੀ ਦੀ ਕਥਿਤ ਘਟਨਾ ਤੋਂ ਪੈਦਾ ਹੋਏ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਸੀ। ਇਹ ਫ਼ੈਸਲਾ ਸੀਜੇਆਈ ਖੰਨਾ ਵੱਲੋਂ ਜਸਟਿਸ ਵਰਮਾ ਨੂੰ ਫਿਲਹਾਲ ਕੋਈ ਵੀ ਨਿਆਂਇਕ ਕੰਮ ਨਾ ਸੌਂਪਣ ਦੀ ਸਿਫਾਰਸ਼ ਕਰਨ ਤੋਂ ਬਾਅਦ ਲਿਆ ਗਿਆ। ਇਨ-ਹਾਊਸ ਕਮੇਟੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਜਸਟਿਸ ਸ਼ੀਲ ਨਾਗੂ, ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਜਸਟਿਸ ਜੀਐਸ ਸੰਧਾਵਾਲੀਆ ਅਤੇ ਕਰਨਾਟਕ ਹਾਈ ਕੋਰਟ ਦੇ ਜੱਜ ਜਸਟਿਸ ਅਨੂ ਸ਼ਿਵਰਾਮਨ ਸ਼ਾਮਲ ਹਨ।
ਸੀਜੇਆਈ ਖੰਨਾ ਨੇ ਇਹ ਫ਼ੈਸਲਾ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਦਵੇਂਦਰ ਕੁਮਾਰ ਉਪਾਧਿਆਏ ਵੱਲੋਂ ਜਸਟਿਸ ਵਰਮਾ ਵਿਰੁੱਧ ਅੰਦਰੂਨੀ ਜਾਂਚ ਦੀ ਸਿਫ਼ਾਰਸ਼ ਕਰਨ ਤੋਂ ਬਾਅਦ ਲਿਆ। ਸੁਪਰੀਮ ਕੋਰਟ ਵੱਲੋਂ ਦੇਰ ਨਾਲ ਜਾਰੀ ਕੀਤੀ ਗਈ ਆਪਣੀ ਰਿਪੋਰਟ ਵਿਚ ਜਸਟਿਸ ਉਪਾਧਿਆਏ ਨੇ ਕਿਹਾ, ‘‘ਪਹਿਲੀ ਨਜ਼ਰ ਵਿਚ ਮੇਰੀ ਰਾਏ ਇਹ ਹੈ ਕਿ ਪੂਰੇ ਮਾਮਲੇ ਦੀ ਡੂੰਘੀ ਜਾਂਚ ਦੀ ਲੋੜ ਹੈ।’’
(For more news apart from Justice Yashwant Varma Latest News, stay tuned to Rozana Spokesman)