ਦਲਿਤ ਵਿਰੋਧੀ ਹੈ ਭਾਜਪਾ: ਕਾਂਗਰਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੋਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰ ਦੇਵੇਗੀ ਜਨਤਾ ; ਕਾਂਗਰਸ ਵਿਚ ਸ਼ਾਮਲ ਹੋਏ ਉਦਿਤ ਰਾਜ

BJP MP Udit Raj joins Congress party in presence of Congress President Rahul Gandhi

ਨਵੀਂ ਦਿੱਲੀ : ਕਾਂਗਰਸ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ 'ਤੇ ਦਲਿਤ ਅਤੇ ਆਦੀਵਾਸੀ ਵਿਰੋਧੀ ਹੋਣ ਦਾ ਦੋਸ਼ ਲਗਾਉਂਕਿਆਂ ਦਾਅਵਾ ਕੀਤਾ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਦੇਸ਼ ਦੀ ਜਨਤਾ ਨੇ ਭਾਜਪਾ ਸਰਕਾਰ ਨੂੰ ਦੇਸ਼ ਦੀ ਸੱਤਾ ਤੋਂ ਬਾਹਰ ਕਰਨ ਦਾ ਮਨ ਬਣਾਇਆ ਹੋਇਆ ਹੈ। ਲੋਕ ਸਭਾ ਚੋਣਾਂ ਵਿਚ ਉਤਰ ਪਛਮੀ ਦਿੱਲੀ ਸੀਟ ਤੋਂ ਟਿਕਟ ਨਾ ਮਿਲਣ ਕਾਰਨ ਉਦਿਤ ਰਾਜ ਭਾਜਪਾ ਛੱਡ ਕੇ ਅੱਜ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਕਿਹਾ ਕਿ ਭਾਜਪਾ ਅਤੇ ਆਰਐਸਐਸ ਦੀ ਅਸਲੀ ਸੋਚ ਹੈ ਕਿ ਦਲਿਤਾਂ ਅਤੇ ਆਦੀਵਾਸੀਆਂ ਨੂੰ ਪ੍ਰੇਸ਼ਾਨ ਕੀਤਾ ਜਾਵੇ।

ਪਿਛਲੇ ਪੰਜ ਸਾਲਾਂ ਦੀ ਮੋਦੀ ਸਰਕਾਰ ਵਿਚ ਦੇਸ਼ ਦਲਿਤ ਵਿਰੋਧੀ ਅਤੇ ਆਦੀਵਾਸੀ ਵਿਰੋਧੀ ਪੱਖਪਾਤ ਦਾ ਗਵਾਹ ਬਣਿਆ ਹੈ ਜੋ ਪਹਿਲਾਂ ਕਦੇ ਨਹੀਂ ਹੋਇਆ। ਇਸ ਦੌਰਾਨ ਉਦਿਤ ਰਾਜ ਨੇ ਕਿਹਾ ਕਿ ਭਾਜਪਾ ਦਲਿਤ ਵਿਰੋਧੀ ਪਾਰਟੀ ਹੈ। ਅੱਜ ਸਵੇਰੇ ਰਾਜ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਰਾਹੁਲ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਦਿਤ ਰਾਜ ਨੇ ਕਿਹਾ ਕਿ ਉਹ ਪਾਰਟੀ ਵਿਚ ਸ਼ਾਮਲ ਹੋ ਕੇ ਕਾਫ਼ੀ ਖ਼ੁਸ਼ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਦੇ ਅੰਦਰੂਨੀ ਸਰਵੇਖਣ ਵਿਚ ਉਨ੍ਹਾਂ ਦੀ ਜਿੱਤ ਤੈਅ ਦੱਸੀ ਗਈ ਸੀ ਅਤੇ ਚੈਨਲਾਂ ਦੇ ਸਰਵੇਖਣ ਵਿਚ ਵੀ ਉਹ ਜਿੱਤ ਰਹੇ ਹਨ ਪਰ ਇਸ ਦੇ ਬਾਵਜੂਦ ਭਾਜਪਾ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿਤੀ। ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਵਿਚ ਰਹਿੰਦਿਆਂ ਉਨ੍ਹਾਂ ਹਮੇਸ਼ਾ ਦਲਿਤਾਂ ਦੇ ਮੁੱਦੇ 'ਤੇ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਕਿਹਾ ਕਿ ਭਾਜਪਾ ਦਲਿਤ ਵਿਰੋਧੀ ਪਾਰਟੀ ਹੈ ਜਿਸ ਦਾ ਵੇਰਵਾ ਉਹ ਛੇਤੀ ਹੀ ਦੇਣਗੇ। ਜ਼ਿਕਰਯੋਗ ਹੈ ਕਿ ਭਾਜਪਾ ਨੇ ਉਤਰ ਪਛਮੀ ਦਿੱਲੀ ਤੋਂ ਸੰਸਦ ਮੈਂਬਰ ਉਦਿਤ ਰਾਜ ਦੀ ਥਾਂ 'ਤੇ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਟਿਕਟ ਦਿਤੀ। ਇਸ ਤੋਂ ਬਾਅਦ ਉਨ੍ਹਾਂ ਅਪਣੀ ਨਾਰਾਜ਼ਗੀ ਵੀ ਜ਼ਾਹਰ ਕੀਤੀ ਸੀ।