ਲਖੀਮਪੁਰ ਖੇੜੀ ਮਾਮਲਾ : ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੇ ਕੀਤਾ ਸਰੰਡਰ, ਭੇਜਿਆ ਜੇਲ੍ਹ  

ਏਜੰਸੀ

ਖ਼ਬਰਾਂ, ਰਾਸ਼ਟਰੀ

ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ ਰੱਦ ਕਰਦਿਆਂ ਕੱਲ ਤੱਕ ਪੇਸ਼ ਹੋਣ ਦਾ ਦਿਤਾ ਸੀ ਸਮਾਂ 

lakhimpur kheri incident

ਲਖੀਮਪੁਰ ਖੇੜੀ :  ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਅਤੇ ਲਖੀਮਪੁਰ ਖੇੜੀ ਕੇਸ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਉਰਫ਼ ਸੋਨੂੰ ਨੇ ਆਖਰਕਾਰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ।

ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਇੱਕ ਹਫ਼ਤੇ ਦੇ ਅੰਦਰ ਅਦਾਲਤ ਵਿੱਚ ਪੇਸ਼ ਹੋਣ ਲਈ ਹੁਕਮ ਦਿਤਾ ਸੀ। ਜਿਸ ਤੋਂ ਬਾਅਦ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਮੈਜਿਸਟ੍ਰੇਟ ਦੇ ਸਾਹਮਣੇ ਅੱਜ ਆਤਮ ਸਮਰਪਣ ਕਰ ਦਿੱਤਾ। ਮੁਲਜ਼ਮ ਮਿਸ਼ਰਾ ਨੂੰ ਲਖੀਮਪੁਰ ਖੇੜੀ ਦੀ ਜੇਲ੍ਹ ਵਿਚ ਭੇਜ ਦਿਤਾ ਗਿਆ ਹੈ। 

ਦੱਸਣਯੋਗ ਹੈ ਕਿ ਸੋਮਵਾਰ ਨੂੰ ਅਦਾਲਤ ਵੱਲੋਂ ਦਿੱਤੀ ਗਈ ਆਖ਼ਰੀ ਤਰੀਕ ਸੀ ਪਰ ਇਸ ਤੋਂ ਠੀਕ ਇੱਕ ਦਿਨ ਪਹਿਲਾਂ ਯਾਨੀ ਅੱਜ ਐਤਵਾਰ ਨੂੰ ਆਸ਼ੀਸ਼ ਮਿਸ਼ਰਾ ਨੇ ਅਦਾਲਤ ਵਿੱਚ ਪਹੁੰਚ ਕੇ ਆਤਮ ਸਮਰਪਣ ਕਰ ਦਿੱਤਾ। ਜਿਸ ਤੋਂ ਬਾਅਦ ਉਸ ਨੂੰ ਇੱਕ ਵਾਰ ਫਿਰ ਜੇਲ੍ਹ ਭੇਜ ਦਿੱਤਾ ਗਿਆ।

ਲਖੀਮਪੁਰ ਖੇੜੀ ਘਟਨਾ ਦੇ ਮੁਲਜ਼ਮ ਵਲੋਂ ਆਤਮ ਸਮਰਪਣ ਕੀਤੇ ਜਾਣ ਮਗਰੋਂ ਇਲਾਕੇ ਵਿੱਚ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਨੇ 10 ਫਰਵਰੀ ਨੂੰ ਜ਼ਮਾਨਤ ਦਿਤੀ ਸੀ। ਜਿਸ ਤੋਂ ਬਾਅਦ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੇ ਸੁਪਰੀਮ ਕੋਰਟ ਵਿਚ ਇਸ ਜ਼ਮਾਨਤ ਨੂੰ ਚਣੌਤੀ ਦੇਣ ਲਈ ਪਟੀਸ਼ਨ ਪਾਈ ਸੀ।