ਲਖੀਮਪੁਰ ਖੇੜੀ ਹਿੰਸਾ:  SC ਨੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ 11 ਜੁਲਾਈ ਤੱਕ ਵਧਾਈ  

ਏਜੰਸੀ

ਖ਼ਬਰਾਂ, ਰਾਸ਼ਟਰੀ

ਬੈਂਚ ਨੇ ਕਿਹਾ ਕਿ ਹੇਠਲੀ ਅਦਾਲਤ ਇਸ ਮਾਮਲੇ ਦੀ ਸੁਣਵਾਈ 5 ਮਈ ਨੂੰ ਕਰੇਗੀ। 

Ashish Mishra

 

ਉੱਤਰ ਪ੍ਰਦੇਸ਼ - ਲਖੀਮਪੁਰ ਖੇੜੀ ਹਿੰਸਾ ਮਾਮਲੇ 'ਚ ਸੁਪਰੀਮ ਕੋਰਟ ਨੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ 11 ਜੁਲਾਈ ਤੱਕ ਵਧਾ ਦਿੱਤੀ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਜਨਵਰੀ ਵਿਚ ਆਸ਼ੀਸ਼ ਮਿਸ਼ਰਾ ਨੂੰ ਅੱਠ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦਿੱਤੀ ਸੀ। ਸੁਪਰੀਮ ਕੋਰਟ ਨੇ ਅੱਜ ਕਿਹਾ ਕਿ 2021 ਦੇ ਲਖੀਮਪੁਰ ਖੇੜੀ ਹਿੰਸਾ ਮਾਮਲੇ 'ਚ ਹੇਠਲੀ ਅਦਾਲਤ ਨੂੰ ਰੋਜ਼ਾਨਾ ਸੁਣਵਾਈ ਕਰਨ ਦਾ ਨਿਰਦੇਸ਼ ਦੇਣਾ ਸੰਭਵ ਨਹੀਂ ਹੋਵੇਗਾ ਕਿਉਂਕਿ ਇਸ ਨਾਲ ਹੋਰ ਲੰਬਿਤ ਮਾਮਲਿਆਂ 'ਤੇ ਅਸਰ ਪੈ ਸਕਦਾ ਹੈ।

ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੇਕੇ ਮਹੇਸ਼ਵਰੀ ਦੀ ਬੈਂਚ ਨੇ ਹੇਠਲੀ ਅਦਾਲਤ ਵੱਲੋਂ ਸੁਪਰੀਮ ਕੋਰਟ ਨੂੰ ਭੇਜੇ ਗਏ ਪੱਤਰ ਦੀ ਪੜਚੋਲ ਕਰਦਿਆਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਹੇਠਲੀ ਅਦਾਲਤ ਇਸ ਮਾਮਲੇ ਨੂੰ ਇਮਾਨਦਾਰੀ ਨਾਲ ਨਜਿੱਠ ਰਹੀ ਹੈ। ਹਿੰਸਾ ਵਿਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਦੀ ਨੁਮਾਇੰਦਗੀ ਕਰ ਰਹੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਬੈਂਚ ਨੂੰ ਹੇਠਲੀ ਅਦਾਲਤ ਨੂੰ ਮਾਮਲੇ ਦੀ ਰੋਜ਼ਾਨਾ ਸੁਣਵਾਈ ਕਰਨ ਲਈ ਕਹਿਣ ਦੀ ਬੇਨਤੀ ਕੀਤੀ ਅਤੇ ਕਿਹਾ ਕਿ ਇਸਤਗਾਸਾ ਪੱਖ ਦੇ ਕਰੀਬ 200 ਗਵਾਹਾਂ ਵਿਚੋਂ ਹੁਣ ਤੱਕ ਸਿਰਫ਼ ਤਿੰਨ ਗਵਾਹ ਹੀ ਪੇਸ਼ ਹੋਏ ਹਨ ਤੇ ਇਹੀ ਪ੍ਰੀਖਣ ਕੀਤਾ ਗਿਆ ਹੈ। 

ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਦਿਨ ਪ੍ਰਤੀ ਦਿਨ ਸੁਣਵਾਈ ਸੰਭਵ ਨਹੀਂ ਹੈ ਕਿਉਂਕਿ ਹੋਰ ਮਾਮਲੇ ਵੀ ਪੈਂਡਿੰਗ ਹਨ। ਇਸ ਨਾਲ ਪੈਂਡਿੰਗ ਕੇਸ ਪ੍ਰਭਾਵਿਤ ਹੋ ਸਕਦੇ ਹਨ। ਇਸ ਦੇ ਨਾਲ ਹੀ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਹੇਠਲੀ ਅਦਾਲਤ ਨੂੰ ਇੱਕ ਹਫ਼ਤੇ ਵਿਚ ਇਸਤਗਾਸਾ ਪੱਖ ਦੇ ਦੋ ਗਵਾਹਾਂ ਤੋਂ ਪੁੱਛਗਿੱਛ ਕਰਨ ਲਈ ਕਿਹਾ ਜਾ ਸਕਦਾ ਹੈ। ਬੈਂਚ ਨੇ ਕਿਹਾ ਕਿ ਹੇਠਲੀ ਅਦਾਲਤ ਇਸ ਮਾਮਲੇ ਦੀ ਸੁਣਵਾਈ 5 ਮਈ ਨੂੰ ਕਰੇਗੀ। 

ਜ਼ਿਕਰਯੋਗ ਹੈ ਕਿ 3 ਅਕਤੂਬਰ, 2021 ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਟਿਕੁਨੀਆ ਵਿਖੇ ਕਿਸਾਨਾਂ ਦੇ ਵਿਰੋਧ ਦੇ ਹਿੰਸਕ ਹੋ ਜਾਣ ਤੋਂ ਬਾਅਦ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਉੱਤਰ ਪ੍ਰਦੇਸ਼ ਦੇ ਤਤਕਾਲੀ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ਦੌਰੇ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਕਥਿਤ ਤੌਰ 'ਤੇ ਇੱਕ ਐਸਯੂਵੀ ਗੱਡੀ ਨੇ ਕੁਚਲ ਦਿੱਤਾ ਸੀ, ਜਿਸ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ ਬੈਠਾ ਸੀ ਤੇ ਉਹ ਦੋਸ਼ੀ ਕਰਾਰ ਹੋ ਗਿਆ ਸੀ।