ਲਖੀਮਪੁਰ ਖੀਰੀ ਹਿੰਸਾ ਦਾ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਡੇਂਗੂ ਤੋਂ ਪੀੜਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹਸਪਤਾਲ ਕਰਵਾਇਆ ਭਰਤੀ

Ashish Mishra

 

ਲਖੀਮਪੁਰ ਖੀਰੀ: ਲਖੀਮਪੁਰ ਖੀਰੀ ਹਿੰਸਾ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਹਿੰਸਾ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੂੰ ਡੇਂਗੂ ਹੋ ਗਿਆ ਹੈ। ਸ਼ੁੱਕਰਵਾਰ ਨੂੰ ਹੀ ਅਦਾਲਤ ਨੇ ਮੋਨੂੰ ਨੂੰ 25 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ ਸੀ। ਹੁਣ ਪੁੱਛਗਿੱਛ ਤੋਂ ਪਹਿਲਾਂ ਹੀ ਉਹਨਾਂ ਦੀ ਸਿਹਤ ਵਿਗੜ ਗਈ ਹੈ।

 

 

ਮਿਲੀ ਜਾਣਕਾਰੀ ਅਨੁਸਾਰ ਆਸ਼ੀਸ਼ ਮਿਸ਼ਰਾ ਦੀ ਦੋ ਟੈਸਟਾਂ ਵਿੱਚ ਡੇਂਗੂ ਦੀ ਪੁਸ਼ਟੀ ਹੋਈ ਹੈ, ਨਾਲ ਹੀ ਬਲੱਡ ਸ਼ੂਗਰ ਵਿੱਚ ਵੀ ਵਾਧਾ ਦੇਖਣ ਨੂੰ ਮਿਲਿਆ ਹੈ। ਡੇਂਗੂ ਦੀ ਪੁਸ਼ਟੀ ਹੋਣ ਤੋਂ ਬਾਅਦ ਪੁਲਿਸ ਨੇ ਸ਼ਨੀਵਾਰ ਦੇਰ ਰਾਤ ਆਸ਼ੀਸ਼ ਨੂੰ ਜੇਲ੍ਹ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਵਧੀਕ ਐਸਪੀ ਅਰੁਣ ਕੁਮਾਰ ਸਿੰਘ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ।

 

 

ਦੱਸ ਦਈਏ ਕਿ ਲਖੀਮਪੁਰ ਖੀਰੀ ਵਿੱਚ ਬੀਜੇਪੀ ਦੀਆਂ ਗੱਡੀਆਂ ਦੇ ਕਾਫਲੇ ਨੇ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਇਸ ਹਾਦਸੇ ਵਿੱਚ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਦੀ ਮੌਤ ਹੋ ਗਈ ਸੀ। ਇਸ ਦੌਰਾਨ ਤਿੰਨ ਬੀਜੇਪੀ ਵਰਕਰ ਵੀ ਮਰੇ ਸੀ। ਇਲਜਾਮ ਲੱਗਾ ਸੀ ਇਹ ਸਭ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਕਰਵਾਇਆ ਹੈ।