ਵੱਡੀ ਖ਼ਬਰ :  ਮੰਤਰੀ ਮੰਡਲ ਦੀ ਬੈਠਕ 'ਚ ਖੇਤੀ ਕਾਨੂੰਨ ਰੱਦ ਕਰਨ ਨੂੰ ਮਿਲੀ ਮਨਜ਼ੂਰੀ 

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰ ਨੇ ਹੁਣ 29 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਲਈ ਆਪਣੇ ਏਜੰਡੇ ਵਿਚ 'ਫਾਰਮ ਲਾਅਜ਼ ਰੀਪੀਲ ਬਿੱਲ, 2021' ਨੂੰ ਸੂਚੀਬੱਧ ਕੀਤਾ ਹੈ।

Farmers Protest

ਨਵੀਂ ਦਿੱਲੀ : ਅੱਜ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਲਈ ਕਾਨੂੰਨ ਦੇ ਖਰੜੇ ਨੂੰ ਮਨਜ਼ੂਰੀ ਦੇ ਦਿਤੀ ਹੈ। ਦੱਸ ਦੇਈਏ ਇਹ ਬੈਠਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਈ ਅਤੇ ਮੰਤਰੀ ਮੰਡਲ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ।

ਇਹ ਬਿੱਲ ਹੁਣ 29 ਨਵੰਬਰ ਹੋਣ ਵਾਲੇ ਸੰਸਦ ਦੇ ਸੈਸ਼ਨ 'ਚ ਪੇਸ਼ ਕੀਤੇ ਜਾਣਗੇ, ਜਿਸ ਪਿੱਛੋਂ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਪੁਰਬ ਮੌਕੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਸਰਕਾਰ ਨੇ ਦੇਸ਼ ਦੇ ਹਿੱਤ ਵਿਚ ਫ਼ੈਸਲਾ ਲਿਆ ਹੈ। 

ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਨੇ ਹੁਣ 29 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਲਈ ਆਪਣੇ ਏਜੰਡੇ ਵਿਚ 'ਫਾਰਮ ਲਾਅਜ਼ ਰੀਪੀਲ ਬਿੱਲ, 2021' ਨੂੰ ਸੂਚੀਬੱਧ ਕੀਤਾ ਹੈ। ਇਸ ਦੌਰਾਨ, ਖੇਤੀਬਾੜੀ ਮੰਤਰਾਲਾ ਆਗਾਮੀ ਸੰਸਦ ਸੈਸ਼ਨ ਵਿੱਚ ਤਿੰਨ ਕਾਨੂੰਨਾਂ 'ਤੇ ਚਰਚਾ ਕਰਨ ਲਈ ਸਹੀ ਤਰੀਕਾਂ 'ਤੇ ਵਿਚਾਰ ਕਰ ਰਿਹਾ ਹੈ।

ਸੰਯੁਕਤ ਕਿਸਾਨ ਮੋਰਚਾ (SKM) ਦੀਆਂ ਲਗਭਗ 20 ਕਿਸਾਨ ਜਥੇਬੰਦੀਆਂ ਵਲੋਂ 29 ਨਵੰਬਰ ਨੂੰ ਕਿਸਾਨ ਵਿਰੋਧੀ ਕਾਨੂੰਨ ਦੇ ਵਿਰੋਧ ਦੇ ਇੱਕ ਸਾਲ ਪੂਰਾ ਹੋਣ 'ਤੇ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੂੰ ਇੱਕ ਖੁੱਲੇ ਪੱਤਰ ਵਿਚ, SKM ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ, ਪਰ ਨੋਟ ਕੀਤਾ ਕਿ "11 ਦੌਰ ਦੀ ਗੱਲਬਾਤ ਤੋਂ ਬਾਅਦ, ਤੁਸੀਂ ਇੱਕ ਦੁਵੱਲੇ ਹੱਲ ਦੀ ਬਜਾਏ ਇੱਕਪਾਸੜ ਐਲਾਨ ਦਾ ਰਾਹ ਚੁਣਿਆ"।