ਟਾਈਟਲਰ ਵਿਰੁਧ ਕੇਸ ’ਚ ਸਾਬਕਾ ਪੁਲਿਸ ਅਧਿਕਾਰੀ ਗਵਾਹ ਵਜੋਂ ਤਲਬ
ਇਹ ਮਾਮਲਾ 1984 ਵਿਚ ਗੁਰਦੁਆਰਾ ਪੁਲ ਬੰਗਸ਼ ਵਿਖੇ ਤਿੰਨ ਸਿੱਖਾਂ ਦੇ ਕਤਲ ਨਾਲ ਸਬੰਧਤ ਹੈ।
ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁਧ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਗਵਾਹਾਂ ਵਜੋਂ ਤਲਬ ਕੀਤਾ ਹੈ। ਇਹ ਮਾਮਲਾ 1984 ਵਿਚ ਗੁਰਦੁਆਰਾ ਪੁਲ ਬੰਗਸ਼ ਵਿਖੇ ਤਿੰਨ ਸਿੱਖਾਂ ਦੇ ਕਤਲ ਨਾਲ ਸਬੰਧਤ ਹੈ।
ਵਿਸ਼ੇਸ਼ ਸੀ.ਬੀ.ਆਈ. ਜੱਜ ਜਿਤੇਂਦਰ ਸਿੰਘ ਨੇ ਸਨਿਚਰਵਾਰ ਨੂੰ ਇਕ ਹੋਰ ਗਵਾਹ ਮਨਮੋਹਨ ਕੌਰ ਦਾ ਬਿਆਨ ਦਰਜ ਕਰਨਾ ਸੀ। ਹਾਲਾਂਕਿ, ਸੀ.ਬੀ.ਆਈ. ਨੇ ਉਨ੍ਹਾਂ ਨੂੰ ਸੂਚਿਤ ਕੀਤਾ ਕਿ ਉਨ੍ਹਾਂ ਦੇ ਪਤੇ ’ਤੇ ਸੰਮਨ ਨਹੀਂ ਤਾਮੀਲ ਕੀਤੇ ਜਾ ਸਕਦੇ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਮਨਮੋਹਨ ਕੌਰ ਨੂੰ ਨਵੇਂ ਸੰਮਨ ਭੇਜਣ ਲਈ ਸਮਾਂ ਮੰਗਿਆ ਸੀ।
ਅਦਾਲਤ ਨੇ ਇਸ ਨੂੰ ਮਨਜ਼ੂਰ ਕਰ ਲਿਆ। ਇਸ ਤੋਂ ਬਾਅਦ ਜੱਜ ਨੇ ਸਾਬਕਾ ਪੁਲਿਸ ਅਧਿਕਾਰੀਆਂ ਧਰਮ ਚੰਦਰਸ਼ੇਖਰ ਅਤੇ ਰਵੀ ਸ਼ਰਮਾ ਨੂੰ ਸੰਮਨ ਜਾਰੀ ਕਰ ਕੇ 2 ਦਸੰਬਰ ਨੂੰ ਸੁਣਵਾਈ ਦੀ ਅਗਲੀ ਤਰੀਕ ’ਤੇ ਅਦਾਲਤ ’ਚ ਪੇਸ਼ ਹੋਣ ਦਾ ਹੁਕਮ ਦਿਤਾ।
ਟਾਈਟਲਰ ਵੀਡੀਉ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਹੋਏ। ਜੱਜ ਨੇ 12 ਨਵੰਬਰ ਨੂੰ ਬਾਦਲ ਸਿੰਘ ਦੀ ਪਤਨੀ ਲਖਵਿੰਦਰ ਕੌਰ ਦਾ ਬਿਆਨ ਦਰਜ ਕਰਨ ਦਾ ਕੰਮ ਪੂਰਾ ਕਰ ਲਿਆ ਸੀ। ਬਾਦਲ ਸਿੰਘ ਨੂੰ ਕਤਲੇਆਮ ਦੌਰਾਨ ਗੁਰਦੁਆਰਾ ਪੁਲ ਬੰਗਸ਼ ਵਿਖੇ ਭੀੜ ਨੇ ਕੁੱਟ-ਕੁੱਟ ਕੇ ਮਾਰ ਦਿਤਾ ਸੀ। ਅਦਾਲਤ ਨੇ 13 ਸਤੰਬਰ ਨੂੰ ਟਾਈਟਲਰ ਵਿਰੁਧ ਕਤਲ ਅਤੇ ਹੋਰ ਅਪਰਾਧਾਂ ਦੇ ਦੋਸ਼ ਤੈਅ ਕੀਤੇ ਸਨ।