ਕਿਸਾਨਾਂ ਦੇ ਸਮਰਥਨ ‘ਚ ਅੱਜ ਸੜਕ ‘ਤੇ ਉਤਰਣਗੇ ਰਾਹੁਲ ਗਾਂਧੀ, ਰਾਸ਼ਟਰਪਤੀ ਭਵਨ ਤੱਕ ਕਰਨਗੇ ਮਾਰਚ
ਰਾਹੁਲ ਗਾਂਧੀ ਸਮੇਤ ਸਿਰਫ਼ ਤਿੰਨ ਨੇਤਾ ਹੀ ਰਾਸ਼ਟਰਪਤੀ ਭਵਨ ਜਾ ਸਕਣਗੇ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਨੂੰ ਸਮਰਥਨ ਦੇਣ ਲਈ ਹਰ ਵਰਗ ਅੱਗੇ ਆ ਰਿਹਾ ਹੈ। ਇਸ ਦੌਰਾਨ ਦੇਸ਼ ਦੀਆਂ ਕਈ ਸਿਆਸੀ ਪਾਰਟੀਆਂ ਵੀ ਕਿਸਾਨਾਂ ਦਾ ਸਾਥ ਦੇ ਰਹੀਆਂ ਹਨ। ਇਸ ਦੇ ਚਲਦਿਆਂ ਖੇਤੀ ਕਾਨੂੰਨਾਂ ਵਿਰੁੱਧ ਕੇਂਦਰ ਸਰਕਾਰ ਨੂੰ ਘੇਰਨ ਲਈ ਕਾਂਗਰਸ ਨੇਤਾ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਵੱਲੋਂ ਰਾਸ਼ਟਰਪਤੀ ਭਵਨ ਤੱਕ ਰੋਸ ਮਾਰਚ ਕੱਢਿਆ ਜਾਵੇਗਾ।
ਇਸ ਮੌਕੇ ਰਾਹੁਲ ਗਾਂਧੀ ਨਾਲ ਹੋਰ ਸੰਸਦ ਮੈਂਬਰ ਤੇ ਨੇਤਾ ਵੀ ਮਾਰਚ ਵਿਚ ਸ਼ਮੂਲੀਅਤ ਕਰਨਗੇ। ਰੋਸ ਮਾਰਚ ਤੋਂ ਬਾਅਦ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਨਗੇ ਤੇ ਉਹਨਾਂ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਇਕੱਠੇ ਕੀਤੇ ਗਏ 2 ਕਰੋੜ ਲੋਕਾਂ ਦੇ ਦਸਤਖ਼ਤ ਵੀ ਸੌਂਪਣਗੇ।
ਹਾਲਾਂਕਿ ਕਾਂਗਰਸ ਵੱਲੋਂ ਆਯੋਜਿਤ ਕੀਤੇ ਗਏ ਇਸ ਮਾਰਚ ਨੂੰ ਕੋਈ ਮਨਜ਼ੂਰੀ ਨਹੀਂ ਮਿਲੀ ਹੈ। ਇਸ ਦੌਰਾਨ ਰਾਹੁਲ ਗਾਂਧੀ ਸਮੇਤ ਸਿਰਫ਼ ਤਿੰਨ ਨੇਤਾ ਹੀ ਰਾਸ਼ਟਰਪਤੀ ਭਵਨ ਜਾ ਸਕਣਗੇ। ਇਸ ਦੇ ਨਾਲ ਹੀ ਦਿੱਲੀ ਦੇ ਕਈ ਇਲਾਕਿਆਂ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਤੇ ਰਾਸ਼ਟਰਪਤੀ ਭਵਨ ਦੇ ਕੋਲ ਸੁਰੱਖਿਆ ਦਾ ਘੇਰਾ ਵੀ ਵਧਾ ਦਿੱਤਾ ਹੈ।
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਭਾਰਤ ਦੇ ਕਿਸਾਨ ਅਜਿਹੀ ਤ੍ਰਾਸਦੀ ਤੋਂ ਬਚਣ ਲਈ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਅੰਦੋਲਨ ਕਰ ਰਹੇ ਹਨ, ਇਸ ਸੱਤਿਆਗ੍ਰਹਿ ਵਿਚ ਸਾਨੂੰ ਸਾਰਿਆਂ ਨੂੰ ਮਿਲ ਕੇ ਦੇਸ਼ ਦੇ ਅੰਨਦਾਤਾ ਦਾ ਸਾਥ ਦੇਣਾ ਹੋਵੇਗਾ।