ਵਾਦੀ ਵਿਚ ਮੁਕਾਬਲਾ, ਅਤਿਵਾਦੀ ਹਲਾਕ, ਪੁਲਿਸ ਅਧਿਕਾਰੀ ਸ਼ਹੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ਵਿਚ ਇਕ ਅਤਿਵਾਦੀ ਮਾਰਿਆ ਗਿਆ........

Martyr Aman Thakur

ਸ੍ਰੀਨਗਰ  : ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ਵਿਚ ਇਕ ਅਤਿਵਾਦੀ ਮਾਰਿਆ ਗਿਆ ਅਤੇ ਇਕ ਪੁਲਿਸ ਅਧਿਕਾਰੀ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਦਸਿਆ ਕਿ ਕੁੱਝ ਅਤਿਵਾਦੀਆ ਦੀ ਮੌਜੂਦਗੀ ਬਾਰੇ ਖ਼ਬਰ ਮਿਲਣ ਮਗਰੋਂ ਸੁਰੱਖਿਆ ਬਲਾਂ ਨੇ ਕੁਲਗਾਮ ਜ਼ਿਲ੍ਹੇ ਦੇ ਤੁਰੀਗਾਮ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਸ਼ੁਰੂ ਕੀਤੀ ਸੀ। ਉਨ੍ਹਾਂ ਦਸਿਆ ਕਿ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ। ਫ਼ੌਜ ਦੀ ਜਵਾਬੀ ਕਾਰਵਾਈ ਕਰਨ ਮਗਰੋਂ ਮੁਕਾਬਲਾ ਸ਼ੁਰੂ ਹੋ ਗਿਆ।

ਅਧਿਕਾਰੀਆਂ ਨੇ ਦਸਿਆ ਕਿ ਮੁਕਾਬਲੇ ਵਿਚ ਇਕ ਅਤਿਵਾਦੀ ਮਾਰਿਆ ਗਿਆ। ਮਾਰੇ ਗਏ ਅਤਿਵਾਦੀ ਦੀ ਪਛਾਣ ਕੀਤੀ ਜਾ ਰਹੀ ਹੈ। ਸ਼ਹੀਦ ਹੋਣ ਵਾਲੇ ਪੁਲਿਸ ਅਧਿਕਾਰੀ ਦਾ ਨਾਮ ਅਮਨ ਠਾਕੁਰ ਹੈ। ਹਮਲੇ ਵਿਚ ਪੁਲਿਸ ਅਧਿਕਾਰੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਫ਼ੌਜੀ ਹਸਪਤਾਲ ਲਿਜਾਂਦੇ ਸਮੇਂ ਉਸ ਨੇ ਦਮ ਤੋੜ ਦਿਤਾ। ਜੈਸ਼-ਏ-ਮੁਹੰਮਦ ਦੇ ਅਤਿਵਾਦੀਆਂ ਨਾਲ ਮੁਕਾਬਲੇ ਵਿਚ ਜੰਮੂ ਕਸ਼ਮੀਰ ਪੁਲਿਸ ਸੇਵਾ ਦੇ 2011 ਬੈਚ ਦੇ ਅਧਿਕਾਰੀ ਅਤੇ ਜੰਮੂ ਦੇ ਡੋਡਾ ਖੇਤਰ ਦੇ ਵਾਸੀ ਪੁਲਿਸ ਅਧਿਕਾਰੀ ਪੁਲਿਸ ਦਲ ਦੀ ਅਗਵਾਈ ਕਰ ਰਹੇ ਸਨ।

ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ਼ ਸਿੰਘ ਨੇ ਕਿਹਾ, 'ਇਹ ਮੰਦਭਾਗੀ ਘਟਨਾ ਹੈ ਜਿਸ ਵਿਚ ਅਸੀਂ ਬਹਾਦਰ ਅਧਿਕਾਰੀ ਨੂੰ ਗਵਾ ਦਿਤਾ। ਉਹ ਬਹਾਰਦਰ ਸਨ ਅਤੇ ਇਲਾਕੇ ਵਿਚ ਕਈ ਅਤਿਵਾਦੀ ਵਿਰੋਧੀ ਮੁਹਿੰਮਾਂ ਦੀ ਸਫ਼ਲਤਾ ਨਾਲ ਅਗਵਾਈ ਕੀਤੀ। ਬੇਮਿਸਾਲ ਸੇਵਾ ਲਈ ਪਿਛਲੇ ਮਹੀਨੇ ਉਨ੍ਹਾਂ ਨੂੰ ਡੀਜੀਪੀ ਦਾ ਮੈਡਲ ਦਿਤਾ ਗਿਆ ਸੀ। (ਏਜੰਸੀ)