ਦਿੱਲੀ ਹਿੰਸਾ ਮਾਮਲਾ: DSGMC ਦੀਆਂ ਕੋਸ਼ਿਸ਼ਾਂ ਸਦਕਾ ਤਿਹਾੜ ਜੇਲ੍ਹ ’ਚੋਂ 9 ਹੋਰ ਨੌਜਵਾਨ ਰਿਹਾਅ
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਜਾਣਕਾਰੀ
ਨਵੀਂ ਦਿੱਲੀ : 26 ਜਨਵਰੀ ਨੂੰ ਦਿੱਲੀ ਵਿਚ ਹੋਈ ਹਿੰਸਾ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਕਰਵਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲ਼ੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚਲਦਿਆਂ ਬੀਤੀ ਰਾਤ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ 26 ਜਨਵਰੀ ਦੀ ਕਥਿਤ ਹਿੰਸਾ ਦੇ ਸਬੰਧ ਵਿਚ ਗ੍ਰਿਫਤਾਰ ਕੀਤੇ ਗਏ 9 ਹੋਰ ਨੌਜਵਾਨ ਜੇਲ੍ਹ ’ਚੋਂ ਰਿਹਾਅ ਹੋ ਚੁੱਕੇ ਹਨ।
ਉਹਨਾਂ ਦਸਿਆ ਕਿ ਜੇਲ’ਚੋਂ ਰਿਹਾਅ ਹੋ ਰਹੇ ਨੌਜਵਾਨਾਂ ਵਿਚ ਵਿਚ ਜਸਦੇਵ ਸਿੰਘ ਨਿਹਾਲ ਸਿੰਘ ਵਾਲਾ, ਮੱਖਣ ਸਿੰਘ, ਬਲਜਿੰਦਰ ਸਿੰਘ, ਗੁਰਪਿੰਦਰ ਸਿੰਘ, ਪਰਦੀਪ ਸਿੰਘ ਵਾਸੀ ਜਗਰਾਉਂ ਜ਼ਿਲ੍ਹਾ ਲੁਧਿਆਣਾ, ਹਰਪ੍ਰੀਤ ਸਿੰਘ ਫ਼ਿਰੋਜ਼ਪੁਰ, ਯਾਦਵਿੰਦਰ ਸਿੰਘ ਫ਼ਾਜ਼ਿਲਕਾ, ਗੁਰਪ੍ਰੀਤ ਸਿੰਘ ਫ਼ਾਜ਼ਿਲਕਾ ਤੇ ਵਿੱਕੀ ਮਾਨਸਾ ਸ਼ਾਮਲ ਹਨ।
ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਜਿਥੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ ਜ਼ਮਾਨਤਾਂ 'ਤੇ ਰਿਹਾਅ ਕਰਵਾਉਣ ਲਈ ਕੰਮ ਕਰ ਰਹੀ ਹੈ, ਉੱਥੇ ਹੀ ਕਮੇਟੀ ਉਹਨਾਂ ਲੋਕਾਂ ਦੀਆਂ ਅਗਾਉਂ ਜ਼ਮਾਨਤਾਂ ਵੀ ਕਰਵਾ ਰਹੀ ਹੈ, ਜਿਨ੍ਹਾਂ ਖਿਲਾਫ ਦਿੱਲੀ ਪੁਲਿਸ ਨੇ ਨੋਟਿਸ ਕੱਢੇ ਹਨ ਜਾਂ ਕੇਸ ਦਰਜ ਕੀਤੇ ਹਨ ਜਦਕਿ ਇਹਨਾਂ ਦਾ 26 ਜਨਵਰੀ ਦੀ ਕਥਿਤ ਹਿੰਸਾ ਨਾਲ ਕੋਈ ਸੰਬੰਧ ਨਹੀਂ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਕਿਸਾਨੀ ਅੰਦੋਲਨ ਦੀ ਸ਼ੁਰੂ ਤੋਂ ਹੀ ਡਟ ਕੇ ਹਮਾਇਤ ਕੀਤੀ ਜਾ ਰਹੀ ਹੈ । 26 ਜਨਵਰੀ ਵਾਲੀ ਘਟਨਾ ਵਾਪਰਨ ਤੋਂ ਬਾਅਦ ਹੀ ਮਨਜਿੰਦਰ ਸਿਰਸਾ ਨੇ ਐਲਾਨ ਕੀਤਾ ਸੀ ਕਿ ਜੋ ਵੀ ਨਿਰਦੋਸ਼ ਕਿਸਾਨ ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹਨ । ਉਹਨਾਂ ਦੀ ਰਿਹਾਈ ਲਈ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਯਤਨ ਕਰੇਗੀ ।