1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਅਰਜੀ ‘ਤੇ ਸੁਣਵਾਈ ਅੱਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

1984 ਸਿੱਖ ਕਤਲੇਆਮ ਦੇ ਇਕ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਅਰਜੀ ‘ਤੇ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਹੋਵੇਗੀ।

Supreme Court of india

ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੇ ਇਕ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਅਰਜੀ ‘ਤੇ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਵਿਚ ਸੀਬੀਆਈ ਨੇ ਸੁਪਰੀਮ ਕੋਰਟ ਵਿਚ ਜਵਾਬ ਦਾਖਲ ਕਰਕੇ ਸੱਜਣ ਕੁਮਾਰ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ।

ਸੀਬੀਆਈ ਨੇ ਆਪਣੇ ਜਵਾਬ ਵਿਚ ਕਿਹਾ ਸੀ ਕਿ ਸੱਜਣ ਕੁਮਾਰ ਪ੍ਰਭਾਵਸ਼ਾਲੀ ਵਿਅਕਤੀ ਹੈ ਅਤੇ ਅਜਿਹੇ ਵਿਚ ਉਸ ਨੂੰ ਜ਼ਮਾਨਤ ਦੇਣ ਨਾਲ ਸਿੱਖ ਕਤਲੇਆਮ ਦੇ ਦੂਜੇ ਗਵਾਹ ਪ੍ਰਭਾਵਿਤ ਹੋ ਸਕਦੇ ਹਨ, ਇਸ ਲਈ ਸੱਜਣ ਕੁਮਾਰ ਨੂੰ ਜ਼ਮਾਨਤ ਨਾ ਦਿੱਤੀ ਜਾਵੇ।

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸੱਜਣ ਕੁਮਾਰ ਦੀ ਜ਼ਮਾਨਤ ਅਰਜੀ ‘ਤੇ ਸੀਬੀਆਈ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ। ਦੱਸ ਦਈਏ ਕਿ ਸੱਜਣ ਕੁਮਾਰ ਨੇ ਸੁਪਰੀਮ ਕੋਰਟ ਵਿਚ ਅਪੀਲ ਦਰਜ ਕਰ ਦਿੱਲੀ ਦੇ ਉਸ ਫੈਸਲੇ ਨੂੰ ਚੁਣੋਤੀ ਦਿੱਤੀ ਸੀ, ਜਿਸ ਵਿਚ ਉਸ ਨੂੰ ਦਿੱਲੀ ਕੈਂਟ ਇਲਾਕੇ ਵਿਚ ਸਿੱਖਾਂ ਦੇ ਕਤਲੇਆਮ ਮਾਮਲੇ ‘ਚ ਦੋਸ਼ੀ ਕਰਾਰ ਕੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਇਸਤੋਂ ਇਲਾਵਾ ਕੋਰਟ ਨੇ ਸੱਜਣ ਕੁਮਾਰ ‘ਤੇ ਪੰਜ ਲੱਖ ਦਾ ਜੁਰਮਾਨਾ ਵੀ ਲਗਾਇਆ ਸੀ। ਹਾਈਕੋਰਟ ਨੇ ਬਾਕੀ ਪੰਜ ਦੋਸ਼ੀਆਂ ‘ਤੇ ਇਕ ਇਕ ਲੱਖ ਦਾ ਜੁਰਮਾਨਾ ਲਗਾਇਆ ਸੀ, ਜਿਸ ਵਿਚ ਬਲਵੰਤ ਖੋਖਰ, ਕੈਪਟਨ ਭਾਗਮਲ, ਗਿਰਧਾਰੀ ਲਾਲ ਨੂੰ ਉਮਰ ਕੈਦ ਜਦਕਿ ਮਹੇਂਦਰ ਯਾਦਵ ਅਤੇ ਕਿਸ਼ਨ ਖੋਖਰ ਦੀ ਸਜ਼ਾ ਤਿੰਨ ਸਾਲ ਤੋਂ ਵਧਾ ਕੇ 10 ਸਾਲ ਦੀ ਕਰ ਦਿੱਤੀ ਗਈ ਸੀ।

ਜ਼ਿਕਰਯੋਗ ਹੈ ਕਿ ਹੇਠਲੀ ਅਦਾਲਤ ਨੇ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ, ਉੱਥੇ ਹੀ ਕਾਂਗਰਸ ਦੇ ਸਾਬਕਾ ਕੌਂਸਲਰ ਬਲਵੰਤ ਖੋਖਰ, ਰਿਟਾਇਰਡ ਨੇਵੀ ਅਫਸਰ ਕੈਪਟਨ ਭਾਗਮਲ, ਗਿਰਧਾਰੀ ਲਾਲ ਨੂੰ ਉਮਰਕੈਦ ਦੀ ਸਜ਼ਾ ਅਤੇ ਬਾਕੀਆਂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਜਦਕਿ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ, ਜਿਸ ਤੋਂ ਬਾਅਦ ਹੇਠਲੀ ਅਦਾਲਤ ਦੇ ਫੈਸਲੇ ਖਿਲਾਫ ਦੋਸ਼ੀਆਂ ਨੇ ਦਿੱਲੀ ਹਾਈਕੋਰਟ ਵਿਚ ਅਪੀਲ ਕੀਤੀ ਸੀ, ਉੱਥੇ ਹੀ ਸੀਬੀਆਈ ਨੇ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਬਰੀ ਕਰਨ ਖਿਲਾਫ ਅਪੀਲ ਕੀਤੀ ਸੀ।