Ministry of External Affairs confirmed: ਪਾਕਿਸਤਾਨੀ ਹਿੰਦੂਆਂ ਨਹੀਂ ਛੱਡਣਾ ਪਵੇਗਾ ਭਾਰਤ
Ministry of External Affairs confirmed: ਹਿੰਦੂ ਪਾਕਿਸਤਾਨੀ ਨਾਗਰਿਕਾਂ ਨੂੰ ਪਹਿਲਾਂ ਤੋਂ ਜਾਰੀ ਕੀਤੇ ਗਏ ਲੰਮੇ ਸਮੇਂ ਦੇ ਭਾਰਤੀ ਵੀਜ਼ੇ ਵੈਧ ਰਹਿਣਗੇ
Pakistani Hindus will not have to leave India: ਵਿਦੇਸ਼ ਮੰਤਰਾਲੇ (ਐਮਈਏ) ਨੇ ਐਲਾਨ ਕੀਤਾ ਕਿ ਹਿੰਦੂ ਪਾਕਿਸਤਾਨੀ ਨਾਗਰਿਕਾਂ ਨੂੰ ਪਹਿਲਾਂ ਹੀ ਜਾਰੀ ਕੀਤੇ ਗਏ ਲੰਮੇ ਸਮੇਂ ਦੇ ਵੀਜ਼ੇ (ਐਲਟੀਵੀ) ਵੈਧ ਰਹਿਣਗੇ। ਵਿਦੇਸ਼ ਮੰਤਰਾਲੇ ਨੇ ਪੁਸ਼ਟੀ ਕੀਤੀ ਕਿ ਪਾਕਿਸਤਾਨੀ ਹਿੰਦੂਆਂ ਨੂੰ ਭਾਰਤ ਨਹੀਂ ਛੱਡਣਾ ਪਵੇਗਾ।ਇੱਕ ਪ੍ਰੈਸ ਰਿਲੀਜ਼ ਵਿੱਚ, ਐਮਈਏ ਨੇ ਕਿਹਾ, ‘‘ਭਾਰਤ ਸਰਕਾਰ ਦੇ ਪਾਕਿਸਤਾਨੀ ਨਾਗਰਿਕਾਂ ਨੂੰ ਵੀਜ਼ਾ ਸੇਵਾਵਾਂ ਮੁਅੱਤਲ ਕਰਨ ਦੇ ਫ਼ੈਸਲੇ ਦਾ ਹਵਾਲਾ ਦਿੰਦੇ ਹੋਏ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਉਪਰੋਕਤ ਫ਼ੈਸਲੇ ਵਿੱਚ ਦਰਸ਼ਾਏ ਗਏ ਵੀਜ਼ਿਆਂ ਨੂੰ ਰੱਦ ਕਰਨਾ ਹਿੰਦੂ ਪਾਕਿਸਤਾਨੀ ਨਾਗਰਿਕਾਂ ਨੂੰ ਪਹਿਲਾਂ ਹੀ ਜਾਰੀ ਕੀਤੇ ਗਏ ਲੰਮੇ ਸਮੇਂ ਦੇ ਵੀਜ਼ਿਆਂ (ਐਲਟੀਵੀ) ’ਤੇ ਲਾਗੂ ਨਹੀਂ ਹੁੰਦਾ, ਜੋ ਅਜੇ ਵੀ ਵੈਧ ਹਨ।’’ ਹਾਲ ਹੀ ਵਿੱਚ ਮੰਗਲਵਾਰ ਨੂੰ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ, ਜਿਸ ਵਿੱਚ 26 ਲੋਕਾਂ ਦੀ ਜਾਨ ਚਲੀ ਗਈ, ਭਾਰਤ ਨੇ ਪਾਕਿਸਤਾਨੀ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ।
ਇੱਕ ਬਿਆਨ ਵਿੱਚ ਵਿਦੇਸ਼ ਮੰਤਰਾਲੇ ਨੇ ਕਿਹਾ, ‘‘ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੁਆਰਾ ਲਏ ਗਏ ਫ਼ੈਸਲਿਆਂ ਦੀ ਨਿਰੰਤਰਤਾ ਵਿੱਚ, ਭਾਰਤ ਸਰਕਾਰ ਨੇ ਪਾਕਿਸਤਾਨੀ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਤੁਰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ।’’ ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, ‘‘ਭਾਰਤ ਦੁਆਰਾ ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਸਾਰੇ ਮੌਜੂਦਾ ਵੈਧ ਵੀਜ਼ੇ 27 ਅਪ੍ਰੈਲ 2025 ਤੋਂ ਰੱਦ ਕਰ ਦਿੱਤੇ ਗਏ ਹਨ। ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਮੈਡੀਕਲ ਵੀਜ਼ੇ ਸਿਰਫ਼ 29 ਅਪ੍ਰੈਲ 2025 ਤੱਕ ਵੈਧ ਰਹਿਣਗੇ।’’
ਇਸ ਤੋਂ ਇਲਾਵਾ, ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਵਿੱਚ ਮੌਜੂਦਾ ਸਾਰੇ ਪਾਕਿਸਤਾਨੀ ਨਾਗਰਿਕਾਂ ਨੂੰ ਆਪਣੇ ਵੀਜ਼ਿਆਂ ਦੀ ਮਿਆਦ ਪੁੱਗਣ ਤੋਂ ਪਹਿਲਾਂ ਭਾਰਤ ਛੱਡ ਦੇਣਾ ਚਾਹੀਦਾ ਹੈ, ਜਿਵੇਂ ਕਿ ਹੁਣ ਸੋਧਿਆ ਗਿਆ ਹੈ। ਭਾਰਤੀ ਨਾਗਰਿਕਾਂ ਨੂੰ ਪਾਕਿਸਤਾਨ ਦੀ ਯਾਤਰਾ ਕਰਨ ਤੋਂ ਬਚਣ ਦੀ ਸਖ਼ਤ ਸਲਾਹ ਦਿੱਤੀ ਜਾਂਦੀ ਹੈ। ਵਿਦੇਸ਼ ਮੰਤਰਾਲੇ ਦੇ ਅਨੁਸਾਰ, ਇਸ ਸਮੇਂ ਪਾਕਿਸਤਾਨ ਵਿੱਚ ਮੌਜੂਦ ਭਾਰਤੀ ਨਾਗਰਿਕਾਂ ਨੂੰ ਵੀ ਜਲਦੀ ਤੋਂ ਜਲਦੀ ਭਾਰਤ ਵਾਪਸ ਆਉਣ ਦੀ ਸਲਾਹ ਦਿੱਤੀ ਜਾਂਦੀ ਹੈ।
(For more news apart from Pakistani visa Latest News, stay tuned to Rozana Spokesman)