ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਰੁਜ਼ਗਾਰ ਅਭਿਆਨ ਲਈ ਸਰਕਾਰ ਨੇ 116 ਉੱਚ ਅਧਿਕਾਰੀ ਨਿਯੁਕਤ ਕੀਤੇ
ਸਰਕਾਰ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਰੁਜ਼ਗਾਰ ਅਭਿਆਨ ਦੇ ਉਦੇਸ਼ਾਂ ਨੂੰ ਹਾਸਲ ਕਰਨ ਲਈ 116 ਉੱਚ ਨੌਕਰਸ਼ਾਹਾਂ ਨੂੰ ਕੇਂਦਰੀ
ਨਵੀਂ ਦਿੱਲੀ, 24 ਜੂਨ : ਸਰਕਾਰ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਰੁਜ਼ਗਾਰ ਅਭਿਆਨ ਦੇ ਉਦੇਸ਼ਾਂ ਨੂੰ ਹਾਸਲ ਕਰਨ ਲਈ 116 ਉੱਚ ਨੌਕਰਸ਼ਾਹਾਂ ਨੂੰ ਕੇਂਦਰੀ ਨੋਡਲ ਅਧਿਕਾਰੀ ਦੇ ਤੌਰ ’ਤੇ ਨਿਯੁਕਤ ਕੀਤਾ ਹੈ। ਇਸ ਯੋਜਨਾ ਦੀ ਸ਼ੁਰੂਆਤ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਅਪਣੇ ਪਿਤਰੀ ਘਰ ਪਰਤੇ ਪ੍ਰਵਾਸੀ ਮਜ਼ਦੂਰਾਂ ਨੂੰ ਰੁਜ਼ਗਾਰ ਮੁਹਈਆ ਕਰਵਾਉਣ ਨਾਲ ਹੀ ਪੇਂਡੂ ਖੇਤਰ ਵਿਚ ਜਨਤਕ ਕੰਮਾਂ ਨੂੰ ਪੂਰਾ ਕਰਨ ਦੇ ਅਭਿਆਨ ਦੇ ਤੌਰ ’ਤੇ ਕੀਤੀ ਗਈ ਹੈ। ਸੀਨੀਅਰ ਅਧਿਕਾਰੀ ਦੇ ਤੌਰ ’ਤੇ ਨਿਯੁਕਤ ਕੀਤੇ ਗਏ ਇਹ ਸਾਰੇ ਨੌਕਰਸ਼ਾਹ ਸੰਯੁਕਤ ਸਕੱਤਰ ਪੱਧਰ ਦੇ ਅਧਿਕਾਰੀ ਹਨ। ਇਨ੍ਹਾਂ ਦੀ ਚੋਣ ਵੱਖ ਵੱਖ ਸੇਵਾਵਾਂ ਨਾਲ ਕੀਤੀ ਗਈ ਹੈ। ਇਸ ਵਿਚ ਭਾਰਤੀ ਪ੍ਰਸ਼ਾਸਨਿਕ ਸੇਵਾ, ਭਾਰਤੀ ਪੁਲਿਸ ਸੇਵਾ, ਭਾਰਤੀ ਜੰਗਲਾਤ ਸੇਵਾ ਸਹਿਤ ਹੋਰ ਸੇਵਾਵਾਂ ਦੇ ਅਧਿਕਾਰੀ ਸ਼ਾਮਲ ਹਨ।
ਕਿਰਤ ਮੰਤਰਾਲੇ ਵਲੋਂ ਜਾਰੀ ਇਕ ਹੁਕਮ ਵਿਚ ਕਿਹਾ ਗਿਆ ਹੈ,‘‘ਇਹ ਪ੍ਰਧਾਨ ਅਧਿਕਾਰੀ ਅਭਿਆਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬਾ ਸਰਕਾਰ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਮੈਜਿਸਟੇ੍ਰਟਾਂ, ਕਲੈਕਟਰਾਂ, ਡਿਪਟੀ ਕਮਿਸ਼ਨਰਾਂ ਨਾਲ ਮਿਲ ਕੇ ਕੰਮ ਕਰਨਗੇ। ਅਭਿਆਨ ਬਾਰੇ ਪੇਂਡੂ ਵਿਕਾਸ ਵਿਭਾਗ ਵਲੋਂ ਅਲਗ ਤੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।’’ ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਹਫ਼ਤੇ ਸਨਿਚਰਵਾਰ ਨੂੰ 50 ਹਜ਼ਾਰ ਕਰੋੜ ਰੁਪਏ ਦੇ ਗ਼ਰੀਬ ਕਲਿਆਣ ਰੁਜ਼ਗਾਰ ਅਭਿਆਨ ਦੀ ਸ਼ੁਰੂਆਤ ਕੀਤੀ ਸੀ। (ਪੀਟੀਆਈ)