ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਰਾਹਤ, ਗ੍ਰਿਫ਼ਤਾਰੀ 'ਤੇ ਪਾਬੰਦੀ 2 ਹਫ਼ਤਿਆਂ ਲਈ ਵਧੀ 

ਏਜੰਸੀ

ਖ਼ਬਰਾਂ, ਰਾਸ਼ਟਰੀ

ਹਾਈਕੋਰਟ ਨੇ 15 ਦਿਨ ਅੰਦਰ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਦਾ ਦਿਤਾ ਹੁਕਮ 

Sangat Singh Gilzian

ਚੰਡੀਗੜ੍ਹ : ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਦੋ ਹਫ਼ਤਿਆਂ ਲਈ ਵਧਾ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਇਹ ਹੁਕਮ ਦਿਤਾ ਹੈ।

ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਕਾਂਗਰਸ ਸਰਕਾਰ ਦੌਰਾਨ ਹੋਏ ਜੰਗਲਾਤ ਘੁਟਾਲੇ ਵਿੱਚ ਮੋਹਾਲੀ ਵਿਖੇ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿੱਚ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਮਾਮਲੇ ਦਾ ਨਾਮ ਸਾਹਮਣੇ ਆਉਂਦੇ ਹੀ ਗਿਲਜੀਆਂ ਰੂਪੋਸ਼ ਹੋ ਗਏ। ਜਿਸ ਤੋਂ ਬਾਅਦ ਉਸ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।

ਇਸ ਮਾਮਲੇ ਵਿੱਚ ਵਿਜੀਲੈਂਸ ਨੇ ਸਾਬਕਾ ਮੰਤਰੀ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਦਿਲਜੀਤ ਗਿਲਜੀਆਂ ਵਿਜੀਲੈਂਸ ਰਿਮਾਂਡ 'ਤੇ ਹਨ। ਵਿਜੀਲੈਂਸ ਦਾ ਦਾਅਵਾ ਹੈ ਕਿ ਦਲਜੀਤ ਹੀ ਆਪਣੇ ਚਾਚਾ ਸੰਗਤ ਗਿਲਜੀਆਂ ਦਾ ਸਾਰਾ ਕੰਮ ਦੇਖਦਾ ਸੀ। ਅਫ਼ਸਰਾਂ ਦੇ ਤਬਾਦਲੇ ਤੋਂ ਲੈ ਕੇ ਦਰੱਖਤਾਂ ਦੀ ਕਟਾਈ ਦੇ ਪਰਮਿਟ ਤੱਕ ਕਈ ਤਰ੍ਹਾਂ ਦੇ ਕੰਮਾਂ ਵਿੱਚ ਉਨ੍ਹਾਂ ਦਾ ਸਿੱਧਾ ਦਖ਼ਲ ਸੀ। ਹਾਲਾਂਕਿ ਦਲਜੀਤ ਨੇ ਇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।