ਸੈਟੇਲਾਈਟ ਚੈਨਲ ਲਈ SGPC ਦੇ ਵਫ਼ਦ ਨੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਏਜੰਸੀ

ਖ਼ਬਰਾਂ, ਰਾਸ਼ਟਰੀ

SGPC ਪ੍ਰਧਾਨ ਨੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਜ਼ਰੂਰ ਸਥਾਪਤ ਕਰ ਲਵੇਗੀ।

SGPC delegation met Union Minister Anurag Thakur for satellite channel

 

ਨਵੀਂ ਦਿੱਲੀ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਵੱਲੋਂ ਮੰਗਲਵਾਰ ਨੂੰ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨਾਲ ਦਿੱਲੀ ਵਿਖੇ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਕੁਲਵੰਤ ਸਿੰਘ ਮੰਨਣ ਅਤੇ ਸਰਵਣ ਸਿੰਘ ਕੁਲਾਰ ਸ਼ਾਮਲ ਸਨ। ਇਸ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੀ ਮੌਜੂਦ ਰਹੇ।  

ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਅਨੁਰਾਗ ਠਾਕੁਰ ਨੂੰ ਇੱਕ ਪੱਤਰ ਵੀ ਸੌਂਪਿਆ, ਜਿਸ ਵਿਚ ਗੁਰਬਾਣੀ ਪ੍ਰਸਾਰਣ ਲਈ ਸੈਟੇਲਾਈਟ ਚੈਨਲ ਦੀ ਪ੍ਰਕਿਰਿਆ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ਚਲਾਉਣ ਤੋਂ ਬਾਅਦ ਹੁਣ ਸੈਟੇਲਾਈਟ ਚੈਨਲ ਸਥਾਪਤ ਕਰਨ ਲਈ ਵੀ ਯਤਨ ਸ਼ੁਰੂ ਕੀਤੇ ਗਏ ਹਨ। ਮੁੱਢਲੇ ਤੌਰ 'ਤੇ ਸਬੰਧਤ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਹੈ ਤਾਂ ਜੋ ਪ੍ਰਕਿਰਿਆ ਜਲਦ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਚੈਨਲ ਦੀ ਸਥਾਪਨਾ ਲਈ ਸੰਗਤ ਦੀ ਚਿਰੋਕਣੀ ਮੰਗ ਚੱਲੀ ਆ ਰਹੀ ਹੈ ਜਿਸ ਦੀ ਤਰਜਮਾਨੀ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਵੀ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਆਪਣਾ ਚੈਨਲ ਸਥਾਪਤ ਹੋਣ 'ਤੇ ਦੂਰਦਰਸ਼ਨ ਦੀ ਫ੍ਰੀ ਡਿਸ਼ 'ਤੇ ਵੱਧ ਤੋਂ ਵੱਧ ਸੰਗਤ ਤੱਕ ਵੀ ਗੁਰਬਾਣੀ ਕੀਰਤਨ ਪਹੁੰਚੇ। ਉਨ੍ਹਾਂ ਕਿਹਾ ਇਸ ਭਾਵਨਾ ਨੂੰ ਵੀ ਕੇਂਦਰੀ ਮੰਤਰੀ ਨਾਲ ਸਾਂਝਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਸੰਜੀਦਾ ਗੌਰ ਕਰਦਿਆਂ ਕਾਰਵਾਈ ਅੱਗੇ ਵਧਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਜ਼ਰੂਰ ਸਥਾਪਤ ਕਰ ਲਵੇਗੀ।