‘ਇੰਡੀਆ’ ਦੇ ਵਿਰੋਧੀ ਗਠਜੋੜ ਦਲਾਂ ਨੇ ਮਾਨਸੂਨ ਸੈਸ਼ਨ ਵਿਚ ਸਰਕਾਰ ਨੂੰ ਘੇਰਨ ਦੀ ਰਣਨੀਤੀ ’ਤੇ ਕੀਤੀ ਚਰਚਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਸ ਮੁੱਦੇ 'ਤੇ ਹੰਗਾਮੇ ਕਾਰਨ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਤਿੰਨ ਦਿਨ ਦੋਵਾਂ ਸਦਨਾਂ ਦੀ ਕਾਰਵਾਈ ਵਾਰ-ਵਾਰ ਵਿਘਨ ਪਈ।

photo

 

ਨਵੀਂ ਦਿੱਲੀ- ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ' (ਇੰਡੀਆ) ਦੇ ਹਿੱਸੇਦਾਰਾਂ ਨੇ ਮੰਗਲਵਾਰ ਨੂੰ ਸੰਸਦ ਦੇ ਮੌਜੂਦਾ ਮਾਨਸੂਨ ਸੈਸ਼ਨ 'ਚ ਸਰਕਾਰ ਨੂੰ ਘੇਰਨ ਦੀ ਰਣਨੀਤੀ 'ਤੇ ਚਰਚਾ ਕੀਤੀ।

ਸੰਸਦ ਭਵਨ 'ਚ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਚੈਂਬਰ 'ਚ ਹੋਈ ਬੈਠਕ 'ਚ ਖੜਗੇ ਤੋਂ ਇਲਾਵਾ ਆਮ ਆਦਮੀ ਪਾਰਟੀ (ਆਪ) ਦੇ ਰਾਘਵ ਚੱਢਾ, ਦ੍ਰਵਿੜ ਮੁਨੇਤਰ ਕੜਗਮ (ਡੀਐੱਮਕੇ) ਦੇ ਟੀਆਰ ਬਾਲੂ, ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮਨੋਜ ਝਾਅ ਅਤੇ ਕਈ ਹੋਰ ਨੇਤਾ ਸ਼ਾਮਲ ਹੋਏ।
ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਤੋਂ ਹੀ ਵਿਰੋਧੀ ਪਾਰਟੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸੰਸਦ 'ਚ ਬਿਆਨ ਦੇਣ ਅਤੇ ਮਨੀਪੁਰ ਦੇ ਮੁੱਦੇ 'ਤੇ ਵਿਸਥਾਰਪੂਰਵਕ ਚਰਚਾ ਕਰਨ ਦੀ ਮੰਗ ਕਰ ਰਹੀਆਂ ਹਨ। ਇਸ ਮੁੱਦੇ 'ਤੇ ਹੰਗਾਮੇ ਕਾਰਨ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਤਿੰਨ ਦਿਨ ਦੋਵਾਂ ਸਦਨਾਂ ਦੀ ਕਾਰਵਾਈ ਵਾਰ-ਵਾਰ ਵਿਘਨ ਪਈ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਲੋਕ ਸਭਾ ਨੂੰ ਦਸਿਆ ਕਿ ਮਣੀਪੁਰ ਮੁੱਦੇ 'ਤੇ ਸੰਸਦ 'ਚ ਹੋਏ ਰੇੜਕੇ ਦਰਮਿਆਨ ਸਰਕਾਰ ਬੇਹੱਦ ਸੰਵੇਦਨਸ਼ੀਲ ਮੁੱਦੇ 'ਤੇ ਚਰਚਾ ਲਈ ਤਿਆਰ ਹੈ ਅਤੇ ਵਿਰੋਧੀ ਧਿਰ ਨੂੰ ਅਪੀਲ ਕੀਤੀ ਕਿ ਉਹ ਚਰਚਾ ਹੋਣ ਦੇਣ ਅਤੇ ਸੱਚਾਈ ਸਾਹਮਣੇ ਆਉਣ।

ਮਨੀਪੁਰ ਦੇ ਪਹਾੜੀ ਇਲਾਕਿਆਂ 'ਚ ਬੁੱਧਵਾਰ ਨੂੰ ਦੋ ਔਰਤਾਂ ਨੂੰ ਬਿਨ੍ਹਾਂ ਕੱਪੜਿਆਂ ਤੋਂ ਘੁਮਾਉਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਤਣਾਅ ਪੈਦਾ ਹੋ ਗਿਆ। ਅਧਿਕਾਰੀਆਂ ਨੇ ਦਸਿਆ ਕਿ ਇਹ ਵੀਡੀਓ 4 ਮਈ ਦਾ ਹੈ।

3 ਮਈ ਨੂੰ ਪਹਾੜੀ ਜ਼ਿਲ੍ਹਿਆਂ ਵਿਚ ਬਹੁ-ਗਿਣਤੀ ਮੈਤੇਈ ਭਾਈਚਾਰੇ ਵਲੋਂ ਅਨੁਸੂਚਿਤ ਜਨਜਾਤੀ ਦਾ ਦਰਜਾ ਦੇਣ ਦੀ ਮੰਗ ਦੇ ਵਿਰੋਧ ਵਿਚ 'ਕਬਾਇਲੀ ਏਕਤਾ ਮਾਰਚ' ਦਾ ਆਯੋਜਨ ਕਰਨ ਤੋਂ ਬਾਅਦ ਮਨੀਪੁਰ ਵਿਚ ਭੜਕੀ ਜਾਤੀ ਹਿੰਸਾ ਵਿਚ 160 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।