ਸ਼ਾਹਜਹਾਂਪੁਰ : ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਚਿਨਮਯਾਨੰਦ 'ਤੇ ਬਲਾਤਕਾਰ ਦਾ ਦੋਸ਼ ਲਗਾਉਣ ਵਾਲੀ ਵਿਦਿਆਰਥਣ ਨੂੰ ਬਲੈਕਮੇਲਿੰਗ ਦੇ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਗ੍ਰਿਫ਼ਤਾਰ ਕਰ ਲਿਆ ਹੈ। ਵਿਦਿਆਰਥਣ ਨੂੰ ਉਸ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰੀ ਤੋਂ ਬਾਅਦ ਵਿਦਿਆਰਥਣ ਨੂੰ ਸ਼ਾਹਜਹਾਂਪੁਰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਅਦਾਲਤ ਨੇ ਉਸ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਮੰਗਲਵਾਰ ਨੂੰ ਵਿਦਿਆਰਥਣ ਦੀ ਪੇਸ਼ਗੀ ਜ਼ਮਾਨਤ ਦੀ ਪਟੀਸ਼ਨ ਨੂੰ ਮਨਜੂਰ ਕਰ ਲਿਆ ਸੀ ਪਰ ਉਸ ਦੀ ਗ੍ਰਿਫ਼ਤਾਰੀ 'ਤੇ ਕੋਈ ਰੋਕ ਨਹੀਂ ਲਗਾਈ ਸੀ।
ਵਿਦਿਆਰਥਣ ਦੀ ਗ੍ਰਿਫ਼ਤਾਰੀ ਬਾਰੇ ਐਸ.ਆਈ.ਟੀ. ਮੁਖੀ ਨਵੀਨ ਅਰੋੜਾ ਨੇ ਕਿਹਾ ਕਿ ਲੜਕੀ ਦੇ ਵਿਰੁਧ ਉਨ੍ਹਾਂ ਕੋਲ ਕਾਫ਼ੀ ਸਬੂਤ ਹਨ। ਇਨ੍ਹਾਂ ਸਬੂਤਾਂ ਦੇ ਆਧਾਰ 'ਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਦੌਰਾਨ ਸਾਨੂੰ ਕਈ ਅਜਿਹੇ ਸਬੂਤ ਮਿਲੇ ਹਨ, ਜਿਸ ਬਾਰੇ ਲੜਕੀ ਤੋਂ ਪੁਛਗਿਛ ਕਰਨ ਦੀ ਲੋੜ ਮਹਿਸੂਸ ਹੋਈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਚਿਨਮਯਾਨੰਦ ਤੋਂ 5 ਕਰੋੜ ਰੁਪਏ ਮੰਗਣ ਬਾਰੇ ਵੀ ਸਬੂਤ ਹਨ। ਇਸ ਮਾਮਲੇ 'ਚ ਗ੍ਰਿਫ਼ਤਾਰ ਬਾਕੀ ਮੁਲਜ਼ਮਾਂ ਨੇ ਪੁਲਿਸ ਨੂੰ ਦੱਸਿਆ ਹੈ ਕਿ ਲੜਕੀ ਦੇ ਕਹਿਣ 'ਤੇ ਹੀ ਉਨ੍ਹਾਂ ਨੇ ਚਿਨਮਯਾਨੰਦ ਨੂੰ ਵਟਸਐਪ 'ਤੇ ਮੈਸੇਜ਼ ਕੀਤੇ ਸਨ। ਸਾਰਿਆਂ ਦੀ ਲੋਕੇਸ਼ਨ ਚੈਕ ਕਰਵਾਈ ਗਈ। ਜਦੋਂ ਇਸ ਮਾਮਲੇ 'ਚ ਲੜਕੀ ਵਿਰੁਧ ਪੁਖ਼ਤਾ ਸਬੂਤ ਮਿਲੇ, ਉਦੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਦਾਲਤ ਨੇ ਲੜਕੀ ਨੂੰ 7 ਅਕਤੂਬਰ ਤਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸ਼ਾਹਜਹਾਂਪੁਰ ਜ਼ਿਲ੍ਹੇ ਦੇ ਇਕ ਨਿੱਜੀ ਲਾਅ ਕਾਲਜ ਦੀ ਵਿਦਿਆਰਥਣ ਵਲੋਂ ਚਿਨਮਯਾਨੰਦ 'ਤੇ ਵਿਦਿਆਰਥਣਾਂ ਨਾਲ ਸਰੀਰਕ ਸੋਸ਼ਣ ਦਾ ਦੋਸ਼ ਲਗਾਉਂਦੇ ਹੋਏ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਪੋਸਟ ਕੀਤੀ ਗਈ ਸੀ। ਲੜਕੀ ਨੇ ਵੀਡੀਓ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਹਾਰ ਲਗਾਉਂਦੇ ਹੋਏ ਕਿਹਾ ਸੀ ਕਿ ਉਸ ਨੂੰ ਇਸ ਨੇਤਾ ਤੋਂ ਬਚਾਇਆ ਜਾਵੇ, ਜੋ ਉਸ ਨੂੰ ਅਤੇ ਉਸ ਦੇ ਪਰਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਸੁਪਰੀਮ ਕੋਰਟ ਦੇ ਆਦੇਸ਼ 'ਤੇ ਇਸ ਮਾਮਲੇ ਦੀ ਜਾਂਚ ਯੂਪੀ ਸਰਕਾਰ ਵੱਲੋਂ ਗਠਿਤ ਐਸਆਈਟੀ ਕਰ ਰਹੀ ਹੈ।