ਭਾਜਪਾ ਦੀ ਟਿੱਪਣੀ 'ਤੇ ਬੋਲੇ ਕੈਪਟਨ , ਅਸੀਂ ਤੁਰੰਤ ਕਾਰਵਾਈ ਕੀਤੀ ਹਾਥਰਸ 'ਚ ਚੁੱਪ ਬੈਠੀ ਰਹੀ ਪੁਲਿਸ
ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਹੁਣ ਇਕ ਹਫ਼ਤੇ ਦੇ ਅੰਦਰ ਚਲਾਨ ਪੇਸ਼ ਕਰਨ ਦੀ ਤਿਆਰੀ ਹੈ
ਚੰਡੀਗੜ (ਸਪੋਕਸਮੈਨ ਸਮਾਚਾਰ ਸੇਵਾ) : ਭਾਜਪਾ ਆਗੂਆਂ ਨੇ ਕਾਂਗਰਸ ਸ਼ਾਸਤ ਸੂਬਿਆਂ 'ਚ ਜਬਰ ਜਨਾਹ ਦੀਆਂ ਘਟਨਾਵਾਂ 'ਤੇ ਰਾਹੁਲ ਗਾਂਧੀ, ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਦੀ ਚੁੱਪੀ 'ਤੇ ਸਵਾਲ ਉਠਾਇਆ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਤੇ ਨਿਰਮਲਾ ਸੀਤਾਰਮਣ ਨੇ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਘਟਨਾਵਾਂ 'ਤੇ ਵੀ ਬੋਲਣਾ ਚਾਹੀਦੈ, ਸਿਰਫ਼ ਹਾਥਰਸ ਤੇ ਹੋਰ ਥਾਵਾਂ 'ਤੇ ਨਹੀਂ ਜਾਣਾ ਚਾਹੀਦਾ।
ਇਸ ਵਿਚ ਭਾਜਪਾ ਆਗੂਆਂ ਨੇ ਪੰਜਾਬ ਦੇ ਟਾਂਡਾ 'ਚ 6 ਸਾਲਾ ਬੱਚੀ ਨਾਲ ਜਬਰ ਜਨਾਹ ਤੇ ਹੱਤਿਆ ਦਾ ਮਾਮਲਾ ਵੀ ਉਠਾਇਆ, ਜਿਸ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਹਾਥਰਸ ਤੇ ਪੰਜਾਬ ਦੀ ਘਟਨਾ 'ਚ ਫ਼ਰਕ ਹੈ। ਹਾਥਰਸ 'ਚ ਪੁਲਿਸ ਕਾਰਵਾਈ 'ਚ ਅਸਫ਼ਲ ਰਹੀ, ਜਦਕਿ ਪੰਜਾਬ 'ਚ ਤੁਰਤ ਕਾਰਵਾਈ ਹੋਈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਹੁਣ ਇਕ ਹਫ਼ਤੇ ਦੇ ਅੰਦਰ ਚਲਾਨ ਪੇਸ਼ ਕਰਨ ਦੀ ਤਿਆਰੀ ਹੈ। ਕੈਪਟਨ ਨੇ ਕਿਹਾ ਕਿ ਹੁਸ਼ਿਆਰਪੁਰ ਤੇ ਹਾਥਰਸ ਮਾਮਲਿਆਂ ਵਿਚਕਾਰ ਕੋਈ ਮੁਕਾਬਲਾ ਨਹੀਂ।
ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਤੇ ਪੁਲਿਸ ਨਾ ਸਿਰਫ਼ ਸਖ਼ਤ ਕਾਰਵਾਈ ਕਰਨ 'ਚ ਅਸਫ਼ਲ ਰਹੀਆਂ ਬਲਕਿ ਅਜਿਹਾ ਜਾਪ ਰਿਹਾ ਕਿ ਉੱਚ ਜਾਤੀ ਦੇ ਮੁਲਜ਼ਮਾਂ ਨੂੰ ਲਾਭ ਪਹੁੰਚਾਉਣ ਲਈ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਪੁਲਿਸ ਵਲੋਂ ਕੀਤੀ ਗਈ ਤੁਰਤ ਕਾਰਵਾਈ ਦੇ ਉਲਟ ਸੀ। ਪੰਜਾਬ ਦੀ ਘਟਨਾ 'ਚ ਪੁਲਿਸ ਨੇ ਤੁਰੰਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਹੁਣ ਇਕ ਹਫ਼ਤੇ ਦੇ ਅੰਦਰ ਚਲਾਨ ਪੇਸ਼ ਕਰਨ ਦੀ ਤਿਆਰੀ ਹੈ। ਉਨ੍ਹਾਂ ਖ਼ੁਦ ਡੀਜੀਪੀ ਨੂੰ ਹਦਾਇਤ ਕੀਤੀ ਸੀ ਕਿ ਮੁਲਜ਼ਮਾਂ ਲਈ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ।