ਮਹਾਮਾਰੀ ਅਜੇ ਖ਼ਤਮ ਨਹੀਂ ਹੋਈ, ਇਹ ਉਦੋਂ ਹੀ ਖ਼ਤਮ ਹੋਵੇਗੀ ਜਦੋਂ ਦੁਨੀਆ ਚਾਹੇਗੀ- WHO ਮੁਖੀ
''ਇਸ ਸੰਕਟ ਨਾਲ ਨਜਿੱਠਣ ਲਈ ਜਨਤਕ ਸਿਹਤ ਸਾਧਨਾਂ ਦੀ ਪ੍ਰਭਾਵੀ ਵਰਤੋਂ ਕਰਨ ਦੀ ਲੋੜ''
ਨਵੀਂ ਦਿੱਲੀ: ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡ੍ਰੋਸ ਅਦਹਾਨੋਮ ਗੇਬ੍ਰੇਯੇਸਸ ਨੇ ਇਕ ਵਾਰ ਫਿਰ ਤੋਂ ਕੋਰੋਨਾ ਮਹਾਮਾਰੀ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਹਨਾਂ ਕਿਹਾ ਕਿ ਕੋਰੋਨਾ ਅਜੇ ਖਤਮ ਨਹੀਂ ਹੋਇਆ, ਇਸ ਲਈ ਸਾਰੇ ਲੋਕਾਂ ਨੂੰ ਅਜੇ ਵੀ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਨਾਲ ਨਜਿੱਠਣ ਲਈ ਜਨਤਕ ਸਿਹਤ ਸਾਧਨਾਂ ਦੀ ਪ੍ਰਭਾਵੀ ਵਰਤੋਂ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਮਹਾਂਮਾਰੀ ਉਦੋਂ ਹੀ ਖ਼ਤਮ ਹੋਵੇਗੀ ਜਦੋਂ ਵਿਸ਼ਵ ਇਸ ਨੂੰ ਖ਼ਤਮ ਕਰਨਾ ਚਾਹੇਗਾ। ਇਹ ਸਾਡੇ ਹੱਥ ਵਿੱਚ ਹੈ। ਸਾਡੇ ਕੋਲ ਉਹ ਸਾਰੇ ਉਪਕਰਣ ਹਨ ਜਿਨ੍ਹਾਂ ਦੀ ਸਾਨੂੰ ਜ਼ਰੂਰਤ ਹੈ ਪਰ ਸੰਸਾਰ ਨੇ ਉਹਨਾਂ ਸਾਧਨਾਂ ਦੀ ਚੰਗੀ ਤਰ੍ਹਾਂ ਵਰਤੋਂ ਨਹੀਂ ਕੀਤੀ ਹੈ। ਜਾਣਕਾਰੀ ਅਨੁਸਾਰ ਉਹਨਾਂ ਨੇ ਬਰਲਿਨ ਵਿੱਚ ਵਿਸ਼ਵ ਸਿਹਤ ਸੰਮੇਲਨ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ।
ਡਬਲਯੂਐਚਓ ਦੇ ਮੁਖੀ ਨੇ ਜੀ-20 ਦੇਸ਼ਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਵੈਕਸ ਵਿਧੀ ਅਤੇ ਅਫਰੀਕਨ ਵੈਕਸੀਨ ਪ੍ਰਾਪਤੀ ਟਰੱਸਟ (ਏਵੀਏਟੀ) ਵਿੱਚ ਆਪਣੀ 40 ਪ੍ਰਤੀਸ਼ਤ ਆਬਾਦੀ ਨੂੰ ਸਰਗਰਮੀ ਨਾਲ ਸ਼ਾਮਲ ਕਰਨ। ਮੁਖੀ ਨੇ ਦੁਨੀਆ ਭਰ ਦੇ ਦੇਸ਼ਾਂ ਨੂੰ ਟੀਕਾਕਰਨ ਦੀ ਰਫ਼ਤਾਰ ਤੇਜ਼ ਕਰਨ ਦੀ ਅਪੀਲ ਕੀਤੀ। ਡਬਲਯੂਐਚਓ ਦੀ ਵੈਬਸਾਈਟ ਦੇ ਅਨੁਸਾਰ, ਕੋਵੈਕਸ ਅਤੇ ਐਕਟ ਦਾ ਉਦੇਸ਼ ਵਿਸ਼ਵ ਦੇ ਹਰੇਕ ਦੇਸ਼ ਵਿੱਚ ਕੋਵਿਡ -19 ਦੇ ਟੈਸਟਾਂ, ਇਲਾਜਾਂ ਅਤੇ ਟੀਕਿਆਂ ਦੇ ਵਿਕਾਸ, ਉਤਪਾਦਨ ਅਤੇ ਸਮਾਨ ਪਹੁੰਚ ਨੂੰ ਤੇਜ਼ ਕਰਨਾ ਹੈ।