MSP 'ਤੇ ਗੱਲ ਨਹੀਂ ਕਰਨਾ ਚਾਹੁੰਦੀ ਸਰਕਾਰ, ਅਜੇ ਤੱਕ ਨਹੀਂ ਮਿਲਿਆ ਚਿੱਠੀ ਦਾ ਜਵਾਬ-ਰਾਕੇਸ਼ ਟਿਕੈਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੀਰਵਾਰ ਨੂੰ ਹੈਦਰਾਬਾਦ ਵਿਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਇਕ ਵਾਰ ਫਿਰ ਮੋਦੀ ਸਰਕਾਰ ਨੂੰ ਘੇਰਿਆ ਹੈ।

Rakesh Tikait

ਹੈਦਰਾਬਾਦ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੀਰਵਾਰ ਨੂੰ ਹੈਦਰਾਬਾਦ ਵਿਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਇਕ ਵਾਰ ਫਿਰ ਮੋਦੀ ਸਰਕਾਰ ਨੂੰ ਘੇਰਿਆ ਹੈ। ਖੇਤੀ ਕਾਨੂੰਨਾਂ 'ਤੇ ਚਰਚਾ ਕਰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣਾ ਹੋਵੇਗਾ। ਉਹਨਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਖ਼ਤਮ ਨਹੀਂ ਹੋਵੇਗਾ।

ਸਰਕਾਰ ਐਮਐਸਪੀ 'ਤੇ ਗੱਲ ਨਹੀਂ ਕਰਨਾ ਚਾਹੁੰਦੀ, ਅਸੀਂ ਇਸ ਬਾਰੇ ਸਰਕਾਰ ਨੂੰ ਚਾਰ ਦਿਨ ਪਹਿਲਾਂ ਪੱਤਰ ਵੀ ਲਿਖਿਆ ਹੈ ਪਰ ਕੋਈ ਜਵਾਬ ਨਹੀਂ ਆਇਆ। ਉਹਨਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਨ ਨਾਲ ਪੂਰੇ ਦੇਸ਼ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ।

ਤੇਲੰਗਾਨਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ 3 ਲੱਖ ਰੁਪਏ ਦਾ ਮੁਆਵਜ਼ਾ ਦੇਣ 'ਤੇ ਕਿਸਾਨ ਆਗੂ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਤੇਲੰਗਾਨਾ ਸਰਕਾਰ ਇਸ ਜ਼ਰੀਏ ਇਹ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ, ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।  ਦੂਜੇ ਸੂਬਿਆਂ ਨੂੰ ਵੀ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ ਕਿਉਂਕਿ ਅਸੀਂ ਦੇਸ਼ ਭਰ ਦੇ ਕਿਸਾਨਾਂ ਲਈ ਅੰਦੋਲਨ ਕਰ ਰਹੇ ਹਾਂ।

ਕਿਸਾਨ ਆਗੂ ਅਸ਼ੀਸ਼ ਮਿੱਤਲ ਨੇ ਕਿਹਾ ਕਿ ਸਰਕਾਰ ਨੇ ਖੇਤੀ ਸਬੰਧੀ ਤਿੰਨ ਕਾਨੂੰਨ ਲਿਆਂਦੇ ਸਨ, ਸਰਕਾਰ ਨੇ ਖੁਦ ਹੀ ਇਹਨਾਂ ਨੂੰ ਵਾਪਸ ਲੈ ਲਿਆ ਹੈ ਪਰ ਇਸ ਨਾਲ ਸਾਡੀ ਸਮੱਸਿਆ ਦਾ ਹੱਲ ਨਹੀਂ ਹੋਵੇਗਾ, ਸਾਡਾ ਹੱਲ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ  ਨਾਲ ਹੋਵੇਗਾ ਅਤੇ ਭਾਜਪਾ ਆਗੂ ਅਜੇ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਜਾਵੇ।