ਨਾਗਰਿਕਤਾ ਕਾਨੂੰਨ ਖਿਲਾਫ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨੂੰ ਮਿਲਿਆ 14 ਲੱਖ ਦਾ ਨੋਟਿਸ

ਏਜੰਸੀ

ਖ਼ਬਰਾਂ, ਰਾਸ਼ਟਰੀ

ਉੱਤਰ ਪ੍ਰਦੇਸ਼ ਵਿਚ ਨਾਗਰਿਕਤਾ ਕਾਨੂੰਨ ਖਿਲਾਫ ਹੋਏ ਹਿੰਸਕ ਪ੍ਰਦਰਸ਼ਨ ਤੋਂ ਬਾਅਦ ਸੂਬਾ ਸਰਕਾਰ ਨੇ ਲੋਕਾਂ ਨੂੰ ਨੋਟਿਸ ਜਾਰੀ ਕੀਤਾ ਹੈ।

Photo 1

ਲਖਨਊ: ਉੱਤਰ ਪ੍ਰਦੇਸ਼ ਵਿਚ ਨਾਗਰਿਕਤਾ ਕਾਨੂੰਨ ਖਿਲਾਫ ਹੋਏ ਹਿੰਸਕ ਪ੍ਰਦਰਸ਼ਨ ਤੋਂ ਬਾਅਦ ਸੂਬਾ ਸਰਕਾਰ ਨੇ ਲੋਕਾਂ ਨੂੰ ਨੋਟਿਸ ਜਾਰੀ ਕੀਤਾ ਹੈ। ਰਾਮਪੁਰ ਪ੍ਰਸ਼ਾਸਨ ਵੱਲੋਂ 28 ਲੋਕਾਂ ਨੂੰ ਭੇਜੇ ਗਏ ਨੋਟਿਸ ਵਿਚ 14 ਲੱਖ ਰੁਪਏ ਦੀ ਜਨਤਕ ਜਾਇਦਾਦ ਦੇ ਨੁਕਸਾਨ ਦੀ ਗੱਲ ਕਹਿੰਦੇ ਹੋਏ ਉਸ ਦੇ ਮੁਆਵਜ਼ੇ ਦੀ ਗੱਲ ਕੀਤੀ ਗਈ ਹੈ।

ਦੱਸ ਦਈਏ ਕਿ ਉੱਤਰ ਪ੍ਰਦੇਸ਼ ਵਿਚ ਨਾਗਰਿਕਤਾ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ ਦੌਰਾਨ 16 ਲੋਕਾਂ ਦੀ ਮੌਤ ਹੋ ਗਈ ਸੀ। ਉੱਥੇ ਹੀ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਨੇ ਚੇਤਾਵਨੀ ਦਿੱਤੀ ਸੀ ਕਿ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਉਹਨਾਂ ਤੋਂ ਬਦਲਾ ਲਿਆ ਜਾਵੇਗਾ।

ਹਿੰਸਕ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਮੋਟਰ ਸਾਈਕਲਾਂ, ਬੈਰੀਅਰ ਅਤੇ ਹੋਰ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਸੀ। ਰਾਮਪੁਰ ਪ੍ਰਸ਼ਾਸਨ ਵੱਲੋਂ ਜਿਨ੍ਹਾਂ 28 ਲੋਕਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਉਹਨਾਂ ਵਿਚੋਂ ਇਕ ਐਂਬਰੌਡਰੀ ਵਰਕਰ ਅਤੇ ਮਸਾਲੇ ਵੇਚਣ ਵਾਲਾ ਵੀ ਸ਼ਾਮਲ ਹੈ। ਇਹ ਲੋਕ ਪਹਿਲਾਂ ਤੋਂ ਹੀ ਪੁਲਿਸ ਹਿਰਾਸਤ ਵਿਚ ਹਨ।

ਪ੍ਰਸ਼ਾਸਨ ਨੇ ਇਹਨਾਂ ਲੋਕਾਂ ਨੂੰ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਜ਼ਿੰਮੇਵਾਰ ਮੰਨਿਆ ਹੈ। ਨੋਟਿਸ ਵਿਚ ਲੋਕਾਂ ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ ਕਿ 14.86 ਲੱਖ ਰੁਪਏ ਦੀ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਲਈ ਉਹਨਾਂ ਵਸੂਲੀ ਕਿਉਂ ਨਾ ਕੀਤੀ ਜਾਵੇ।

ਜ਼ਿਲ੍ਹਾ ਮੈਜੀਸਟ੍ਰੇਟ ਵੱਲੋਂ ਜਾਰੀ ਨੋਟਿਸ ਵਿਚ ਰਾਮਪੁਰ ਐਸਪੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ 21/12/2019 ਨੂੰ ਰਾਮਪੁਰ ਥਾਣਾ ਕੋਤਵਾਲੀ ਖੇਤਰ ਵਿਚ ਸ਼ਾਹਬਾਦ ਗੇਟ ਸਥਿਤ ਚੌਰਾਹੇ ‘ਤੇ ਭੰਨਤੋੜ ਕੀਤੀ ਗਈ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਿਰਾਸਤ ਵਿਚ ਲਏ ਲੋਕਾਂ ਨੂੰ ਗਲਤ ਤਰੀਕੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਪ੍ਰਦਰਸ਼ਨ ਵਾਲੇ ਦਿਨ ਉਹ ਲੋਕ ਘਰ ਵਿਚ ਹੀ ਸਨ।