ਕਿਸਾਨ ਜਥੇਬੰਦੀਆਂ ਵੱਲੋਂ ਅੱਜ ਮਨਾਇਆ ਜਾਵੇਗਾ ‘ਨੌਜਵਾਨ ਕਿਸਾਨ ਦਿਵਸ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅੱਜ ਨੌਜਵਾਨਾਂ ਦੇ ਹੱਥਾਂ ‘ਚ ਹੋਵੇਗੀ ਕਿਸਾਨ ਅੰਦੋਲਨ ਦੀ ਕਮਾਨ

Yuva Kisan Diwas

ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ ਦੇਸ਼ ਦੇ ਕਿਸਾਨ ਤਿੰਨ ਮਹੀਨਿਆਂ ਤੋਂ ਲਗਾਤਾਰ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਹਨ। ਇਸ ਦੇ ਚਲਦਿਆਂ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ‘ਨੌਜਵਾਨ ਕਿਸਾਨ ਦਿਵਸ’ ਮਨਾਇਆ ਜਾਵੇਗਾ। ਇਸ ਮੌਕੇ ਕਿਸਾਨ ਅੰਦੋਲਨ ਦੀ ਕਮਾਨ ਨੌਜਵਾਨਾਂ ਦੇ ਹੱਥਾਂ ਵਿਚ ਹੋਵੇਗੀ।

ਦਰਅਸਲ ਅੱਜ ਯਾਨੀ 26 ਫਰਵਰੀ ਨੂੰ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਸੰਘਰਸ਼ ਵਿਚ ਨੌਜਵਾਨਾਂ ਦੇ ਯੋਗਦਾਨ ਨੂੰ ‘ਨੌਜਵਾਨ ਕਿਸਾਨ ਦਿਵਸ’ ਵਜੋਂ ਸਤਿਕਾਰ ਨਾਲ ਮਨਾਇਆ ਜਾਵੇਗਾ। ਦੱਸ ਦਈਏ ਕਿ 21 ਫਰਵਰੀ ਨੂੰ ਹੋਈ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਕਿਸਾਨ ਆਗੂਆਂ ਨੇ ਦੱਸਿਆ ਸੀ ਕਿ 23 ਫਰਵਰੀ ਨੂੰ 'ਪੱਗੜੀ ਸੰਭਾਲ ਦਿਵਸ' ਮਨਾਇਆ ਜਾਵੇਗਾ, ਇਹ ਦਿਹਾੜਾ ਚਾਚਾ ਅਜੀਤ ਸਿੰਘ ਅਤੇ ਸਵਾਮੀ ਸਹਜਾਨੰਦ ਦੀ ਯਾਦ ਵਿਚ ਮਨਾਇਆ ਜਾਵੇਗਾ।

ਇਸ ਤੋਂ ਇਲਾਵਾ 26 ਫਰਵਰੀ ਨੂੰ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਨੌਜਵਾਨਾਂ ਦੇ ਯੋਗਦਾਨ ਨੂੰ ‘ਨੌਜਵਾਨ ਕਿਸਾਨ ਦਿਵਸ’ ਵਜੋਂ ਸਤਿਕਾਰ ਨਾਲ ਮਨਾਇਆ ਜਾਵੇਗਾ। ਗੁਰੂ ਰਵਿਦਾਸ ਜਯੰਤੀ ਅਤੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ 'ਤੇ 27 ਫ਼ਰਵਰੀ ਨੂੰ ‘ਮਜ਼ਦੂਰ ਕਿਸਾਨ ਏਕਤਾ ਦਿਵਸ’ਮਨਾਇਆ ਜਾਵੇਗਾ। ਇਸ ਤੋਂ ਬਾਅਦ 28 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਦੁਬਾਰਾ ਹੋਵੇਗੀ ਅਤੇ ਇਸ ਦੌਰਾਨ ਸੰਘਰਸ਼ ਦਾ ਨਵਾਂ ਪ੍ਰੋਗਰਾਮ ਉਲੀਕਿਆ ਜਾਵੇਗਾ।