ਵਧਦੀਆਂ ਤੇਲ ਕੀਮਤਾਂ ਖ਼ਿਲਾਫ਼ ਵਿਲੱਖਣ ਪ੍ਰਦਰਸ਼ਨ, ਆਟੋ ਰਿਕਸ਼ਾ ਖਿੱਚ ਕੇ ਪ੍ਰਗਟਾਇਆ ਰੋਸ
ਇਸ ਸਮੇਂ ਦੌਰਾਨ ਬਹੁਤ ਸਾਰੇ ਕਾਂਗਰਸੀ ਵਰਕਰ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ
ਨਵੀਂ ਦਿੱਲੀ: ਲਗਾਤਾਰ ਵਧ ਰਹੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦਾ ਦੇਸ਼ ਭਰ ਵਿਚ ਵਿਰੋਧ ਹੋ ਰਿਹਾ ਹੈ। ਇਸ ਦੌਰਾਨ ਆਮ ਲੋਕਾਂ ਤੋਂ ਇਲਾਵਾ ਸਿਆਸੀ ਧਿਰਾਂ ਵੀ ਕੇਂਦਰ ਸਰਕਾਰ ’ਤੇ ਹਮਲੇ ਬੋਲ ਰਹੀਆਂ ਹਨ। ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ 90.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 81.32 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਉੱਥੇ ਹੀ ਮੁੰਬਈ 'ਚ ਪੈਟਰੋਲ 97.34 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.44 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।
ਇਸ ਵਿੱਚਕਾਰ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਸਾਰੇ ਦੇਸ਼ ਵਿਚ ਹੰਗਾਮਾ ਹੋਇਆ ਹੈ। ਕੇਰਲ ਦੇ ਤਿਰੂਵਨੰਤਪੁਰਮ ਤੋਂ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਸ਼ੁੱਕਰਵਾਰ ਨੂੰ ਕਾਂਗਰਸ ਵਰਕਰਾਂ ਦੇ ਨਾਲ ਖੇਤਰੀ ਰਾਜਧਾਨੀ ਵਿੱਚ ਇੱਕ ਰੋਸ ਪ੍ਰਦਰਸ਼ਨ ਕੀਤਾ। ਕੇਰਲ ਸਕੱਤਰੇਤ ਦੇ ਸਾਹਮਣੇ ਆਟੋ ਰਿਕਸ਼ਾ ਖਿੱਚ ਕੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ ਕੀਤਾ। ਇਸ ਸਮੇਂ ਦੌਰਾਨ ਬਹੁਤ ਸਾਰੇ ਕਾਂਗਰਸੀ ਵਰਕਰ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਕੇਰਲ ਵਿੱਚ ਜਲਦੀ ਹੀ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੀ ਸਥਿਤੀ ਵਿੱਚ, ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਵਾਧਾ ਰਾਜ ਦੀ ਰਾਜਨੀਤੀ ਵਿੱਚ ਇੱਕ ਮਹੱਤਵਪੂਰਨ ਮੁੱਦਾ ਬਣਨ ਜਾ ਰਿਹਾ ਹੈ।
ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵਾਧੇ ਦੇ ਵਿਰੋਧ 'ਚ ਅੱਜ ਸ਼ਿਵ ਸੈਨਾ ਦੇ ਆਗੂਆਂ ਅਤੇ ਵਰਕਰਾਂ ਨੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਕ ਸਕੂਟਰੀ ਨੂੰ ਅੱਗ ਵੀ ਲਗਾ ਦਿੱਤੀ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਤੇਲ ਕੀਮਤਾਂ ਅਤੇ ਸਿਲੰਡਰ ਦੀਆਂ ਕੀਮਤਾਂ ਦੇ ਵਿਰੋਧ ਵਿਚ ਬਿਹਾਰ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਅਪਣੀ ਰਿਹਾਇਸ਼ ਤੋਂ ਸਾਈਕਲ ਚਲਾ ਸਕੱਤਰਕੇਤ ਪਹੁੰਚੇ। ਇਸ ਦੌਰਾਨ ਉਹਨਾਂ ਨੇ ਵਧ ਰਹੀਆਂ ਤੇਲ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਸਵਾਲ ਚੁੱਕੇ।