ਗ੍ਰਿਫ਼ਤਾਰੀ ਦੇ ਬਾਵਜੂਦ ਨਵਾਬ ਮਲਿਕ ਨੂੰ ਅਸਤੀਫ਼ਾ ਦੇਣ ਲਈ ਕਿਉਂ ਨਹੀਂ ਕਿਹਾ ਗਿਆ? : ਭਾਜਪਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਨਵਾਬ ਮਲਿਕ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ

Why was Nawab Malik not asked to resign despite his arrest? : BJP

 

ਮੁੰਬਈ - ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮਹਾਰਾਸ਼ਟਰ ਇਕਾਈ ਨੇ ਨਵਾਬ ਮਲਿਕ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਰਾਜ ਦੀ ਮਹਾ ਵਿਕਾਸ ਅਗਾੜੀ (ਐੱਮ.ਵੀ.ਏ.) ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਸਵਾਲ ਕੀਤਾ ਹੈ ਕਿ ਮੁੱਖ ਮੰਤਰੀ ਊਧਵ ਠਾਕਰੇ ਨਵਾਬ ਮਲਿਕ ਨੂੰ ਅਹੁਦਾ ਛੱਡਣ ਲਈ ਕਿਉਂ ਨਹੀਂ ਕਹਿ ਰਹੇ। ਭਾਜਪਾ ਦੇ ਸੂਬਾ ਪ੍ਰਧਾਨ ਚੰਦਰਕਾਂਤ ਪਾਟਿਲ ਨੇ ਸ਼ਨੀਵਾਰ ਨੂੰ ਪੁਣੇ 'ਚ ਪੱਤਰਕਾਰਾਂ ਨੂੰ ਕਿਹਾ ਕਿ ਪਹਿਲਾਂ ਦੋਸ਼ਾਂ ਦਾ ਸਾਹਮਣਾ ਕਰ ਰਹੀ ਐੱਮਵੀਏ ਸਰਕਾਰ ਦੇ ਕੁਝ ਮੰਤਰੀਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ, ਇਸ ਲਈ ਮਲਿਕ ਨੂੰ ਵੀ ਇਸ ਰਵਾਇਤ 'ਤੇ ਚੱਲਦੇ ਹੋਏ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਚੰਦਰਕਾਂਤ ਪਾਟਿਲ ਨੇ ਕਿਹਾ, ''ਨਵਾਬ ਮਲਿਕ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਜੇਕਰ ਕੋਈ ਸਰਕਾਰੀ ਕਰਮਚਾਰੀ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਦਾ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ, ਤਾਂ ਉਸ ਵਿਅਕਤੀ ਨੂੰ ਨਾ ਸਿਰਫ਼ ਮੁਅੱਤਲ ਕੀਤਾ ਜਾਂਦਾ ਹੈ, ਸਗੋਂ ਉਹ ਆਪਣਾ ਅਹੁਦਾ ਵੀ ਗੁਆ ਦਿੰਦਾ ਹੈ। ਭਾਜਪਾ ਨੇਤਾ ਨੇ ਕਿਹਾ ਕਿ ਇਹੀ ਨਿਯਮ ਨਵਾਬ ਮਲਿਕ 'ਤੇ ਲਾਗੂ ਹੋਣਾ ਚਾਹੀਦਾ ਹੈ ਅਤੇ ਮੁੱਖ ਮੰਤਰੀ ਉਨ੍ਹਾਂ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਹੀਂ ਮੰਗ ਰਹੇ?

ਉਨ੍ਹਾਂ ਕਿਹਾ ਕਿ ਨਵਾਬ ਮਲਿਕ ਦਾ ਅਸਤੀਫਾ ਪ੍ਰਵਾਨ ਨਾ ਕਰਕੇ ਸੂਬੇ ਦੀ ਐਮ.ਵੀ.ਏ ਸਰਕਾਰ ਇੱਕ ਦੋਸ਼ੀ ਨੂੰ ਬਚਾ ਰਹੀ ਹੈ ਅਤੇ ਭਾਜਪਾ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਮਹਾਰਾਸ਼ਟਰ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਨਵਾਬ ਮਲਿਕ ਨੂੰ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਗ੍ਰਿਫਤਾਰ ਕੀਤਾ ਹੈ। ਇਸ ਤੋਂ ਬਾਅਦ ਪੀਐਮਐਲਏ ਅਦਾਲਤ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਸੀਨੀਅਰ ਨੇਤਾ ਨਵਾਬ ਮਲਿਕ ਨੂੰ 3 ਮਾਰਚ ਤੱਕ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ।

ਈਡੀ ਦਾ ਕਹਿਣਾ ਹੈ ਕਿ ਇਹ ਜਾਂਚ ਭਗੌੜੇ ਗੈਂਗਸਟਰ ਦਾਊਦ ਇਬਰਾਹਿਮ, ਉਸ ਦੇ ਸਾਥੀਆਂ ਅਤੇ ਮੁੰਬਈ ਅੰਡਰਵਰਲਡ ਦੀਆਂ ਗਤੀਵਿਧੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਨਾਲ ਸਬੰਧਤ ਹੈ। ਨਵਾਬ ਮਲਿਕ ਨੂੰ ਪੇਟ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਮੁੰਬਈ ਦੇ ਇੱਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।